ਭਿਆਨਕ ਹੜ੍ਹਾਂ ’ਚ ਘਿਰੇ ਪੰਜਾਬੀਆਂ ਨਾਲ ਇਕਜੁਟਤਾ ਪ੍ਰਗਟਾਉਣ ਦੀ ਬਜਾਏ ਸਿਆਸੀ ਰੋਟੀਆਂ ਸੇਕ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਚੰਡੀਗੜ੍ਹ, 12 ਸਤੰਬਰ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਭਿਆਨਕ ਹੜ੍ਹਾਂ ਦੇ ਸੰਕਟ ਨਾਲ ਜੂਝ ਰਹੇ ਲੋਕਾਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਨ ਦੀ ਬਜਾਏ ਇਸ ਔਖੀ ਘੜੀ ਵਿੱਚ ਵੀ ਸਿਆਸਤ ਖੇਡਣ ਦੀਆਂ ਘਟੀਆ ਚਾਲਾਂ ਚੱਲਣ ਲਈ ਵਿਰੋਧੀ ਪਾਰਟੀਆਂ ਦੀ ਸਖ਼ਤ ਅਲੋਚਨਾ ਕੀਤੀ ਹੈ।

ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੌਰਾਨ ਹੜ੍ਹਾਂ ਦੇ ਰਾਹਤ ਕਾਰਜਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਦੁੱਖ ਦੀ ਗੱਲ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਲੋਕ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਦੇ ਨਾਲ ਡਟ ਕੇ ਖੜ੍ਹੇ ਹਨ ਪਰ ਦੂਜੇ ਪਾਸੇ ਸਿਆਸੀ ਪਾਰਟੀਆਂ ਬਿਪਤਾ ਮੌਕੇ ਇਕਜੁਟਤਾ ਪ੍ਰਗਟਾਉਣ ਦੀ ਥਾਂ ਸਿਆਸੀ ਰੋਟੀਆਂ ਸੇਕਣ ਲਈ ਤਰਲੋਮੱਛੀ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕੇਂਦਰ ਸਰਕਾਰ ਕੋਲ ਹੜ੍ਹਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਪੇਸ਼ ਕਰਕੇ ਲੋਕਾਂ ਦੇ ਮੁੜ ਵਸੇਬੇ ਲਈ ਫੰਡਾਂ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੌਰੇ ‘ਤੇ ਆਏ ਤਾਂ ਭਾਜਪਾ ਵਿੱਚ ਗਏ ਦਲ-ਬਦਲੂ ਕਾਂਗਰਸੀ ਆਗੂਆਂ ਨੇ ਪੰਜਾਬ ਦਾ ਪੱਖ ਮਜ਼ਬੂਤ ਕਰਨਾ ਤਾਂ ਦੂਰ ਦੀ ਗੱਲ ਉਲਟਾ ਪੰਜਾਬ ਸਰਕਾਰ ਵੱਲੋਂ ਉਥੇ ਹਾਜ਼ਰ ਕੈਬਨਿਟ ਮੰਤਰੀਆਂ ਹਰਦੀਪ ਸਿੰਘ ਮੁੰਡੀਆ ਅਤੇ ਗੁਰਮੀਤ ਸਿੰਘ ਖੁੱਡੀਆਂ ਨੂੰ ਪ੍ਰਧਾਨ ਮੰਤਰੀ ਅੱਗੇ ਪੱਖ ਵੀ ਨਾ ਰੱਖਣ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੁੱਖ ਦੀ ਘੜੀ ਵਿੱਚ ਪੰਜਾਬ ਨਾਲ ਖੜ੍ਹਨ ਦੀ ਬਜਾਏ ਕੇਂਦਰ ਸਰਕਾਰ ਨੂੰ ਗੁੰਮਰਾਹ ਕਰਕੇ ਕੇਂਦਰੀ ਸਹਾਇਤਾ ਦੇ ਰਾਹ ਵਿੱਚ ਅੜਿੱਕੇ ਖੜ੍ਹੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿੰਨੀ ਮੰਦਭਾਗੀ ਗੱਲ ਹੈ ਕਿ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਰਵਨੀਤ ਸਿੰਘ ਬਿੱਟੂ, ਸੁਸ਼ੀਲ ਰਿੰਕੂ ਵਰਗੇ ਦਲ-ਬਦਲੂ ਆਗੂਆਂ ਨੇ ਭਾਜਪਾ ਦੇ ਪੁਰਾਣੇ ਸੀਨੀਅਰ ਆਗੂਆਂ ਨੂੰ ਮੂਹਰਲੀ ਕਤਾਰ ਵਿੱਚ ਥਾਂ ਨਹੀਂ ਦਿੱਤੀ ਸਗੋਂ ਪੁਰਾਣੇ ਆਗੂ ਨੁੱਕਰੇ ਲਾ ਕੇ ਬਿਠਾਏ ਹੋਏ ਸਨ।

ਸੂਬਾਈ ਆਫ਼ਤ ਰਾਹਤ ਫੰਡਾਂ ਬਾਰੇ ਕੀਤੇ ਜਾ ਰਹੇ ਝੂਠੇ ਦਾਅਵਿਆਂ ਦਾ ਜਵਾਬ ਅੰਕੜਿਆਂ ਨਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਅਪ੍ਰੈਲ, 2022 ਤੋਂ ਕੇਂਦਰ ਸਰਕਾਰ ਪਾਸੋਂ ਸਿਰਫ 1582 ਕਰੋੜ ਦੇ ਫੰਡ ਪ੍ਰਾਪਤ ਹੋਏ ਹਨ ਜਿਨ੍ਹਾਂ ਵਿੱਚ ਆਫਤ ਦੌਰਾਨ ਰਾਹਤ ਕਾਰਜਾਂ ਲਈ 649 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਦਿਹਾਤੀ ਵਿਕਾਸ ਫੰਡ (ਆਰ.ਡੀ.ਐਫ.) ਦੇ 8000 ਕਰੋੜ ਰੁਪਏ ਅਜੇ ਤੱਕ ਜਾਰੀ ਨਹੀਂ ਕੀਤੇ ਪਰ ਪੰਜਾਬ ਦੇ ਭਾਜਪਾ ਆਗੂਆਂ ਨੇ ਕਦੇ ਵੀ ਇਸ ਬਾਰੇ ਕੇਂਦਰ ਕੋਲ ਆਵਾਜ਼ ਨਹੀਂ ਉਠਾਈ।

ਅਕਾਲੀ ਆਗੂ ਸੁਖਬੀਰ ਬਾਦਲ ਵੱਲੋਂ ਹੜ੍ਹ ਪੀੜਤ ਕਿਸਾਨਾਂ ਨੂੰ ਕਣਕ ਦਾ ਮੁਫਤ ਬੀਜ ਦੇਣ ਦੇ ਐਲਾਨ ‘ਤੇ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਦੇ ਦਾਅਵਿਆਂ ’ਤੇ ਕਦੇ ਵੀ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਮੌਕੇ ਕਿਸਾਨਾਂ ਨੂੰ ਨਕਲੀ ਬੀਜ ਵੰਡੇ ਗਏ ਸਨ ਜਿਸ ਨਾਲ ਕਿਸਾਨੀ ਤਬਾਹ ਹੋ ਗਈ ਸੀ। ਵਿਰੋਧੀ ਪਾਰਟੀਆਂ ਨੂੰ ਪੰਜਾਬ ਦੇ ਮਸਲਿਆਂ ਖਾਸ ਕਰਕੇ ਹੜ੍ਹਾਂ ਬਾਰੇ ਕੀਤੇ ਜਾ ਰਹੇ ਰਾਹਤ ਕਾਰਜਾਂ ਲਈ ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਨੂੰ ਬਹਿਸ ਕਰਨ ਦੀ ਚੁਣੌਤੀ ਦਿੱਤੀ ਹੈ।

Leave a Reply

Your email address will not be published. Required fields are marked *