ਪੰਜਾਬ ਮੰਡੀ ਬੋਰਡ ਵੱਲੋਂ ਝੋਨੇ ਦੀ ਸੁਚਾਰੂ ਖਰੀਦ ਲਈ ਕੰਟਰੋਲ ਰੂਮ ਸਥਾਪਤ

ਚੰਡੀਗੜ੍ਹ, 7 ਅਕਤੂਬਰ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ ਚੱਲ ਰਹੇ ਝੋਨੇ ਦੇ ਖ਼ਰੀਦ ਸੀਜ਼ਨ ਦੌਰਾਨ ਨਿਰਵਿਘਨ ਖ਼ਰੀਦ ਅਤੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਮੰਡੀ ਬੋਰਡ ਨੇ ਇੱਕ ਕੰਟਰੋਲ ਰੂਮ ਸਥਾਪਤ ਕੀਤਾ ਹੈ, ਜੋ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੁੱਦਿਆਂ ਨੂੰ ਤੁਰੰਤ ਨਿਪਟਾਉਣ ਵਿੱਚ ਮਦਦ ਕਰੇਗਾ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਕੰਟਰੋਲ ਰੂਮ ਵਿੱਚ ਚਾਰ ਸਮਰਪਿਤ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ਨੂੰ ਦੋ ਟੀਮਾਂ ਵਿੱਚ ਵੰਡਿਆ ਗਿਆ ਹੈ ,ਜੋ ਰੋਜ਼ਾਨਾ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਵਿੱਚ ਕੰਮ ਕਰ ਰਹੇ ਹਨ ਤਾਂ ਜੋ ਕਿਸਾਨਾਂ ਅਤੇ ਹੋਰ ਭਾਈਵਾਲਾਂ ਨੂੰ ਨਿਰੰਤਰ ਸਹਿਯੋਗ ਅਤੇ ਸਥਿਤੀ ਅਨੁਸਾਰ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਇਸ ਅਹਿਮ ਕਾਰਜ ਦੌਰਾਨ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਪਹਿਲਕਦਮੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨ ਅਤੇ ਹੋਰ ਭਾਈਵਾਲ ਕੰਟਰੋਲ ਰੂਮ ਨਾਲ 0172-5101649 ਅਤੇ 0172-5101704 ਉਤੇ ਸੰਪਰਕ ਕਰ ਸਕਦੇ ਹਨ। ਇਹ ਪਹਿਲਕਦਮੀ ਸਮੇਂ ਸਿਰ ਖ਼ਰੀਦ ਅਪਡੇਟ ਪ੍ਰਦਾਨ ਕਰਕੇ ਅਤੇ ਅੰਤਰ-ਏਜੰਸੀ ਤਾਲਮੇਲ ਨੂੰ ਸੁਵਿਧਾਜਨਕ ਤੇ ਹੋਰ ਕੁਸ਼ਲ ਬਣਾ ਕੇ ਪੰਜਾਬ ਭਰ ਦੀਆਂ ਮੰਡੀਆਂ ਵਿੱਚ ਸੁਚਾਰੂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਏਗੀ ਤਾਂ ਜੋ ਕਾਰਵਾਈ ਵਿੱਚ ਦੇਰੀ ਨੂੰ ਘਟਾ ਕੇ ਕਿਸਾਨਾਂ ਦੇ ਅਨੁਕੂਲ ਖੇਤੀਬਾੜੀ ਮੰਡੀਕਰਨ ਨੂੰ ਬਰਕਰਾਰ ਰੱਖਿਆ ਜਾ ਸਕੇ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਆਪਣੇ “ਅੰਨਦਾਤਾ” ਪ੍ਰਤੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਰੇਕ ਖਰੀਦ ਸੀਜ਼ਨ ਦੀ ਸਫ਼ਲਤਾ ਪੰਜਾਬ ਦੀ ਸਫ਼ਲਤਾ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਕਿ ਸਾਡੇ ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਲਈ ਸਭ ਤੋਂ ਸੁਚਾਰੂ ਅਤੇ ਪਾਰਦਰਸ਼ੀ ਖ਼ਰੀਦ ਪ੍ਰਕਿਰਿਆ ਉਪਲਬਧ ਹੋਵੇ। ਇਹ ਕੰਟਰੋਲ ਰੂਮ ਸਰਗਰਮ ਕਮਾਂਡ ਸੈਂਟਰ ਹੈ, ਜਿੱਥੇ ਸਾਡੇ ਭਾਈਵਾਲਾਂ ਦੇ ਕਿਸੇ ਵੀ ਮੁੱਦੇ- ਭਾਵੇਂ ਉਹ ਲੌਜਿਸਟਿਕਸ, ਭੁਗਤਾਨ ਨਾਲ ਸਬੰਧਤ ਹੋਣ ਜਾਂ ਮੰਡੀਆਂ ਵਿੱਚ ਸਹੂਲਤਾਂ ਬਾਰੇ ਹੋਣ, ਨੂੰ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਇੱਕ ਸਿੱਧੀ ਸੰਪਰਕ ਲਾਈਨ ਦਿੱਤੀ ਗਈ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *