ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰਨ ਦੀ ਕਾਰਵਾਈ ਨਿੰਦਣਯੋਗ: ਕੇਂਦਰੀ ਸਿੰਘ ਸਭਾ

ਚੰਡੀਗੜ੍ਹ 3 ਨਵੰਬਰ (ਖ਼ਬਰ ਖਾਸ ਬਿਊਰੋ)
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਦੀ ਸੈਨੇਟ ਭੰਗ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਪ੍ਰੋ. ਸ਼ਾਮ ਸਿੰਘ, ਜਨਰਲ ਸਕੱਤਰ ਡਾ. ਖੁਸ਼ਹਾਲ ਸਿੰਘ, ਖਜਾਨਚੀ ਗੁਰਪ੍ਰੀਤ ਸਿੰਘ, ਗਵਰਨਿੰਗ ਕੌਂਸਲ ਦੇ ਮੈਂਬਰ ਰਾਜਵਿੰਦਰ ਸਿੰਘ ਰਾਹੀ ਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਕਿਹਾ ਕਿ ਪਹਿਲਾਂ ਪੰਜਾਬ ਦੇ ਪਿੰਡ ਉਜਾੜ ਕੇ ਵਸਾਇਆ ਚੰਡੀਗੜ੍ਹ ਪੰਜਾਬ ਕੋਲੋਂ ਪੂਰੀ ਤਰ੍ਹਾਂ ਖੁੱਸ ਚੁੱਕਿਆ ਹੈ, ਹੁਣ ਪੰਜਾਬ ਯੂਨੀਵਰਸਿਟੀ ਤੋਂ ਵੀ ਪੰਜਾਬ ਦਾ ਦਾਅਵਾ ਖ਼ਤਮ ਹੋ ਜਾਵੇਗਾ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਚੁਣੇ ਗਏ ਸੈਨੇਟ ਮੈਂਬਰਾਂ ਦੀ ਗਿਣਤੀ 90 ਤੋਂ ਘਟਾ ਕੇ 31 ਕਰ ਦਿੱਤੀ ਹੈ, ਜਿਸ ਵਿੱਚ 18 ਚੁਣੇ ਹੋਏ ਮੈਂਬਰ, 6 ਨਾਮਜ਼ਦ ਮੈਂਬਰ ਤੇ ਸੱਤ ਅਹੁਦੇਦਾਰ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੇ ਫੈਸਲੇ ਨਾਲ ਪ੍ਰਬੰਧਕੀ ਢਾਂਚੇ ਲਈ, ਜੋ ਪੁਰਾਣੇ ਗਰੈਜੂਏਟ ਵਿਦਿਆਰਥੀ ਪੰਜਾਬ ਤੋਂ ਚੁਣ ਕੇ ਪ੍ਰਬੰਧਕੀ ਢਾਂਚੇ ਵਿੱਚ ਹਿੱਸਾ ਲੈਂਦੇ ਸਨ, ਉਹਨਾਂ ਦਾ ਹੱਕ ਖ਼ਤਮ ਕਰ ਦਿੱਤਾ ਹੈ। ਇਸ ਤਰ੍ਹਾਂ ਯੂਨੀਵਰਸਿਟੀ ਦਾ ਪ੍ਰਬੰਧ ਅਸਿੱਧੇ ਰੂਪ ਵਿੱਚ ਕੇਂਦਰ ਸਰਕਾਰ ਦੇ ਹੱਥ ਵਿੱਚ ਆ ਗਿਆ ਹੈ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਦੇ ਅਹੁਦੇਦਾਰਾਂ ਨੇ ਸਮੂਹ ਪੰਜਾਬ ਪੱਖੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ 👉  ਜ਼ਿਲ੍ਹਾ ਰੂਪਨਗਰ ਵਿੱਚ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦਾ ਆਗਾਜ਼: 35961 ਬੱਚਿਆਂ ਨੂੰ ਪਿਲਾਈਆਂ ਗਈਆਂ ਪੋਲੀਓ ਰੋਕੂ ਬੂੰਦਾਂ

Leave a Reply

Your email address will not be published. Required fields are marked *