ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਸਾਲ ਭਰ ਚੱਲਣਗੇ-ਮੁੱਖ ਮੰਤਰੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਖ਼ਬਰ ਖਾਸ ਬਿਊਰੋ)
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਸਰਬ ਧਰਮ ਸੰਮੇਲਨ’ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਵਿਸ਼ਵ ਭਰ ਦੇ ਸਤਿਕਾਰਤ ਧਾਰਮਿਕ ਆਗੂਆਂ ਨਾਲ ਗੁਰੂ ਸਾਹਿਬ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।

‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਥੇ ਇਕੱਤਰ ਹੋਏ ਸਾਰੇ ਧਾਰਮਿਕ ਆਗੂਆਂ ਦੇ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਪੂਰੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਅਜਿਹੀ ਮਿਸਾਲ ਮਿਲਦੀ ਹੋਵੇ, ਜਦੋਂ ਦੂਜਿਆਂ ਦੇ ਧਰਮ ਨੂੰ ਬਚਾਉਣ ਲਈ ਸ਼ਹਾਦਤ ਗਈ ਹੋਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਦੀ ਰਾਖੀ ਕਰਦਿਆਂ ਮਹਾਨ ਬਲਿਦਾਨ ਦਿੱਤਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਦੁਨੀਆ ਭਰ ਦੇ ਧਾਰਮਿਕ ਆਗੂ ਸੂਬਾ ਸਰਕਾਰ ਨਾਲ ਮਹਾਨ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ‘ਤੇ ਪਹੁੰਚੇ ਹਨ।

ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਨੇ ਮਨੁੱਖਤਾ ਦਾ ਸੰਦੇਸ਼ ਦਿੱਤਾ ਅਤੇ ਸੂਬਾ ਸਰਕਾਰ ਮਹਾਨ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਦੇਣ ਦੇ ਉਦੇਸ਼ ਨਾਲ ਇਹ ਸਮਾਗਮ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸੰਗਤ ਦੀ ਸਹੂਲਤ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਉਹ ਪਵਿੱਤਰ ਨਗਰੀ ਵਿੱਚ ਆ ਕੇ ਸੁਚਾਰੂ ਅਤੇ ਮੁਸ਼ਕਲ ਰਹਿਤ ਢੰਗ ਨਾਲ ਨਤਮਸਤਕ ਹੋ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਨ ਗੁਰੂ ਸਾਹਿਬ ਜੀ ਦੇ ਚਰਨ ਛੋਹ ਪ੍ਰਾਪਤ ਸੂਬੇ ਭਰ ਦੇ 142 ਪਿੰਡਾਂ ਨੂੰ ਪੰਜਾਬ ਸਰਕਾਰ ਵੱਲੋਂ ਫੰਡ ਪ੍ਰਦਾਨ ਕਰਕੇ ਇਨ੍ਹਾਂ ਪਿੰਡਾਂ ਦੀ ਨੁਹਾਰ ਬਦਲੀ ਜਾ ਰਹੀ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਦੁਨੀਆਂ ਦਾ ਹਰ ਧਰਮ ਸਾਨੂੰ ਮਨੁੱਖਤਾ, ਦਇਆ ਅਤੇ ਸ਼ਾਂਤੀਪੂਰਨ ਸਹਿ-ਹੋਂਦ ਦੀਆਂ ਕਦਰਾਂ-ਕੀਮਤਾਂ ਸਿਖਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਬ ਧਰਮ ਸੰਮੇਲਨ ਦਾ ਉਦੇਸ਼ ਸਰਬੱਤ ਦੇ ਭਲੇ ਦਾ ਸੰਦੇਸ਼ ਦੇਣਾ ਹੈ ਜਿਵੇਂ ਕਿ ਸਾਨੂੰ ਸਾਡੇ ਸਤਿਕਾਰਯੋਗ ਸਿੱਖ ਗੁਰੂਆਂ ਨੇ ਸਿਖਾਇਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਹੱਕ-ਸੱਚ ਅਤੇ ਧਰਮ ਦੀ ਰਾਖੀ ਲਈ ਬੇਮਿਸਾਲ ਕੁਰਬਾਨੀਆਂ ਦਿੱਤੀਆਂ।

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਗੁਰੂ ਸਾਹਿਬ ਜੀ ਨੇ ਹਰੇਕ ਵਿਅਕਤੀ ਨੂੰ ਆਪਣੀ ਅੰਤਰ-ਆਤਮਾ ਅਨੁਸਾਰ ਆਪਣਾ ਧਰਮ ਚੁਣਨ ਦੇ ਅਧਿਕਾਰ ਦੀ ਰਾਖੀ ਲਈ ਮਹਾਨ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਬਹੁਤ ਸਾਰੇ ਲੋਕਾਂ ਨੇ ਆਪਣੇ ਧਰਮ ਲਈ ਜਾਨਾਂ ਕੁਰਬਾਨ ਕੀਤੀਆਂ, ਪਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਹੀ ਉਹ ਮਹਾਨ ਸ਼ਖ਼ਸੀਅਤ ਹਨ ਜਿਨ੍ਹਾਂ ਨੇ ਹੋਰਨਾਂ ਦੇ ਧਰਮ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸਦਭਾਵਨਾਪੂਰਨ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਣਾ ਲਈ ਮਹਾਨ ਸਿੱਖ ਗੁਰੂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦਾ ਸੱਦਾ ਦਿੱਤਾ।

ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਸਾਰੇ ਧਰਮਾਂ ਲਈ ਸਤਿਕਾਰ ਬਣਾਈ ਰੱਖਣ ਅਤੇ ਸੂਬੇ ਵਿੱਚ ਸ਼ਾਂਤੀ, ਸਦਭਾਵਨਾ ਤੇ ਭਾਈਚਾਰਕ ਏਕਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਰਹੀ ਹੈ। ਉਨ੍ਹਾਂ ਕਿਹਾ ਕਿ ਮਹਾਨ ਗੁਰੂਆਂ, ਸੰਤਾਂ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦੀ ਪਵਿੱਤਰ ਧਰਤੀ ਪੰਜਾਬ ਦੀ ਇੱਕ ਸ਼ਾਨਦਾਰ ਅਤੇ ਅਮੀਰ ਵਿਰਾਸਤ ਹੈ ਅਤੇ ਕਿਹਾ ਕਿ ਪੰਜਾਬੀਆਂ ਨੂੰ ਮਹਾਨ ਗੁਰੂ ਸਾਹਿਬਾਨਾਂ ਤੋਂ ਜ਼ੁਲਮ, ਬੇਇਨਸਾਫ਼ੀ ਅਤੇ ਅੱਤਿਚਾਰ ਵਿਰੁੱਧ ਲੜਨ ਦੀ ਭਾਵਨਾ ਵਿਰਾਸਤ ਵਿੱਚ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਲਈ ਹਰ ਖੇਤਰ ਵਿੱਚ ਉੱਤਮਤਾ ਹਾਸਲ ਕਰਨਾ ਅਤੇ ਆਪਣੀ ਕਾਬਲੀਅਤ ਨੂੰ ਸਾਬਤ ਕਰਨ ਦੀ ਭਾਵਨਾ ਹਮੇਸ਼ਾ ਤੋਂ ਰਹੀ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਵੱਲੋਂ ਦਿੱਤੀ ਗਈ ਕੁਰਬਾਨੀ ਸਰਵਉੱਚ ਅਤੇ ਬੇਮਿਸਾਲ ਹੈ, ਜਿਸਦਾ ਉਦੇਸ਼ ਦੂਜਿਆਂ ਦੇ ਧਰਮ ਦੀ ਰਾਖੀ ਕਰਨਾ ਸੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਨੇ ਮਨੁੱਖਤਾ ਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਲਈ ਮਹਾਨ ਕੁਰਬਾਨੀ ਦੇ ਕੇ ਦੁਨੀਆ ਲਈ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਮਨੁੱਖਤਾ ਦੀ ਭਾਵਨਾ ਨਾਲ ਗੁਰੂ ਸਾਹਿਬ ਦੁਆਰਾ ਦਿਖਾਏ ਗਏ ਧਾਰਮਿਕਤਾ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦੀ ਰਾਖੀ ਲਈ ਦਿੱਲੀ ਜਾ ਕੇ ਸ਼ਹੀਦੀ ਦਿੱਤੀ, ਜਿਸ ਦੀ ਮਿਸਾਲ ਦੁਨੀਆਂ ਭਰ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਆਪਸੀ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਦਰਸ਼ਨ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਸਿੱਖ ਪਾਤਸ਼ਾਹ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਵੱਖ-ਵੱਖ ਲੜੀਵਾਰ ਸਮਾਗਮ ਕਰਵਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਹਰ ਸਾਲ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਇੱਕੋ ਇੱਕ ਉਦੇਸ਼ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਹਾਨ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਵਿੱਤਰ ਨਗਰੀ ਵਿਖੇ ਸ਼ਰਧਾ ਭੇਟ ਕਰਨ ਲਈ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਮੁੱਖ ਮੰਤਰੀ ਨੇ ਕਿਹਾ ਕਿ ਟੈਂਟ ਸਿਟੀ, ਵਿਸ਼ਾਲ ਪਾਰਕਿੰਗਾਂ ਤੋਂ ਇਲਾਵਾ ਸੰਗਤ ਦੀ ਮੁਫ਼ਤ ਸੇਵਾ ਲਈ ਲਗਭਗ 700 ਇਲੈਕਟ੍ਰਿਕ ਰਿਕਸ਼ਾ, 20 ਮਿੰਨੀ ਬੱਸਾਂ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਮੱਥਾ ਟੇਕਣ ਲਈ ਸੁਚਾਰੂ ਅਤੇ ਮੁਸ਼ਕਲ ਰਹਿਤ ਅਨੁਭਵ ਦੇਣ ਲਈ ਵੱਡੇ ਪੱਧਰ ‘ਤੇ ਪ੍ਰਬੰਧ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ੍ਰੀਨਗਰ ਤੋਂ ਨਗਰ ਕੀਰਤਨ ਸਜਾਇਆ ਹੈ, ਜੋ ਪਠਾਨਕੋਟ, ਹੁਸ਼ਿਆਰਪੁਰ ਅਤੇ ਹੋਰ ਜ਼ਿਲ੍ਹਿਆਂ ਵਿੱਚੋਂ ਹੁੰਦਾ ਹੋਇਆ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਾਡੀ ਅਮੀਰ ਸੱਭਿਆਚਾਰਕ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਸਿਲੇਬਸ ਵਿੱਚ ਜ਼ਰੂਰੀ ਬਦਲਾਅ ਕਰੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਸਾਹਿਬ ਅਤੇ ਭਾਈ ਸਤੀ ਦਾਸ, ਭਾਈ ਮਤੀ ਦਾਸ, ਭਾਈ ਦਿਆਲਾ ਜੀ, ਬਾਬਾ ਜੀਵਨ ਜੀ (ਭਾਈ ਜੈਤਾ ਜੀ), ਭਾਈ ਕਿਰਪਾ ਸਿੰਘ (ਪੰਡਿਤ ਕਿਰਪਾ ਰਾਮ) ਵਰਗੇ ਮਹਾਨ ਸ਼ਹੀਦਾਂ ਦੇ ਅਥਾਹ ਯੋਗਦਾਨ ਤੋਂ ਜਾਣੂ ਕਰਵਾਉਣ ਲਈ ਸਿੱਖਿਆ ਪਾਠਕ੍ਰਮ ਵਿੱਚ ਜ਼ਰੂਰੀ ਬਦਲਾਅ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਲੋਕਾਂ ਦੀ ਅਮੀਰ ਵਿਰਾਸਤ ਹੈ, ਜਿਸਨੂੰ ਸੰਭਾਲ ਕੇ ਰੱਖਣਾ ਸੂਬਾ ਸਰਕਾਰ ਦਾ ਫਰਜ਼ ਹੈ।

Leave a Reply

Your email address will not be published. Required fields are marked *