ਸਤੌਜ (ਸੰਗਰੂਰ), 19 ਦਸੰਬਰ (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਸਤੌਜ ਪਹੁੰਚ ਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ।
ਪਿੰਡ ਦੇ ਦੌਰੇ ਮੌਕੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਹੋਰ ਪਿੰਡ ਵਾਸੀਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਆਪਣੇ ਪਿੰਡ ’ਤੇ ਮਾਣ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਅੱਜ ਕੋਈ ਭਾਸ਼ਣ ਦੇਣ ਨਹੀਂ ਆਏ ਸਗੋਂ ਲੋਕਾਂ ਦੇ ਦੁੱਖ-ਸੁਖ ਵਿੱਚ ਸ਼ਰੀਕ ਹੋਣ ਲਈ ਪਹੁੰਚੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਜੱਦੀ ਪਿੰਡ ਵਿੱਚ ਬਿਤਾਏ ਪਲ ਉਨ੍ਹਾਂ ਨੂੰ ਬਹੁਤ ਖੁਸ਼ੀ ਦਿੰਦੇ ਹਨ ਅਤੇ ਉਹ ਹਮੇਸ਼ਾ ਇਸ ਗੱਲ ਦੇ ਰਿਣੀ ਰਹਿਣਗੇ ਕਿ ਪਿੰਡ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ।
ਸਾਰੇ ਪਿੰਡਾਂ ਨੂੰ ਧੜੇਬੰਦੀ ਤੋਂ ਉਪਰ ਉਠ ਕੇ ਵਿਕਾਸ ਕਰਨ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਕੇ ਵਿੱਚ ਬਰਕਤ ਹੁੰਦੀ ਹੈ ਅਤੇ ਪਿੰਡਾਂ ਨੂੰ ਤਰੱਕੀ ਤੇ ਵਿਕਾਸ ਲਈ ਹਮੇਸ਼ਾ ਭਾਈਚਾਰਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁਝ ਲੀਡਰ ਆਪਣੇ ਨਿੱਜੀ ਮੁਫਾਦ ਲਈ ਪਿੰਡਾਂ ਵਿੱਚ ਫੁੱਟ ਪਾ ਜਾਂਦੇ ਹਨ ਅਤੇ ਧੜੇਬੰਦੀ ਪੈਦਾ ਹੋਣ ਨਾਲ ਪਿੰਡਾਂ ਦਾ ਵਿਕਾਸ ਰੁਕ ਜਾਂਦਾ ਹੈ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ 20 ਦਸੰਬਰ ਨੂੰ ਸੂਬੇ ਦੇ ਸਾਰੇ 19000 ਸਕੂਲਾਂ ਵਿੱਚ ਹੋ ਰਹੀ ਅਧਿਆਪਕ-ਮਾਪੇ ਮਿਲਣੀ (ਪੀ.ਟੀ.ਐਮ.) ਵਿੱਚ ਮਾਪਿਆਂ ਨੂੰ ਵਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਦੀ ਸਰਕਾਰ ਨੇ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ ਪੀ.ਟੀ.ਐਮ. ਨੂੰ ਸ਼ੁਰੂ ਕੀਤਾ ਸੀ ਅਤੇ ਮਾਪਿਆਂ ਨੇ ਇਸ ਨੂੰ ਵੱਡਾ ਹੁੰਗਾਰਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਮੁਕਾਬਲੇ ਦੇ ਹਾਣ ਦਾ ਬਣਾਉਣ ਵਿੱਚ ਸਹਾਈ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਅਧਿਆਪਕਾਂ ਪਾਸੋਂ ਆਪਣੇ ਬੱਚੇ ਦੀ ਰੁਚੀ ਬਾਰੇ ਵੀ ਕਾਫੀ ਕੁਝ ਪਤਾ ਲਗਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਸਿੰਗਾਪੁਰ, ਫਿਨਲੈਂਡ ਤੋਂ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਈ.ਆਈ.ਐਮ. ਅਹਿਮਦਾਬਾਦ ਵਿਖੇ ਅਧਿਆਪਕਾਂ ਨੂੰ ਐਡਵਾਂਸਡ ਕੋਚਿੰਗ ਦਿੱਤੀ ਜਾ ਰਹੀ ਹੈ।
ਨੌਜਵਾਨਾਂ ਨੂੰ ਰੋਜ਼ਗਾਰ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ ਹਰੇਕ ਕਾਬਲ ਤੇ ਯੋਗ ਨੌਜਵਾਨ ਨੂੰ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਸਰਕਾਰੀ ਨੌਕਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ, 2022 ਤੋਂ ਹੁਣ ਤੱਕ 58000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਕਈ ਇਹੋ ਜਿਹੇ ਵੀ ਪਰਿਵਾਰ ਹਨ, ਜਿੱਥੇ ਦੋ ਜਾਂ ਤਿੰਨ ਨੌਕਰੀਆਂ ਮਿਲੀਆਂ ਹਨ।
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਨਰੇਗਾ ਸਕੀਮ ਵਿੱਚ ਕੀਤੇ ਨਵੇਂ ਬਦਲਾਅ ਨੂੰ ਗਰੀਬਾਂ ਅਤੇ ਸੂਬਿਆਂ ਨੂੰ ਬਰਬਾਦ ਕਰਨ ਵਾਲਾ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਸਕੀਮ ਤਹਿਤ ਫੰਡ ਦੇਣ ਦਾ ਅਨੁਪਾਤ ਦਾ 40 ਫੀਸਦੀ ਸੂਬਿਆਂ ਦੇ ਸਿਰ ਪਾ ਦਿੱਤਾ ਜਦਕਿ ਕੇਂਦਰ ਸੂਬਿਆਂ ਨੂੰ ਪਹਿਲਾਂ ਹੀ ਫੰਡ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਨਵੇਂ ਬਦਲਾਅ ਨਾਲ ਨਰੇਗਾ ਕਾਮੇ ਸਕੂਲ, ਮੰਡੀ, ਖਾਲੇ ਨਹੀਂ ਬਣਾ ਸਕਦੇ ਜੋ ਪਿੰਡਾਂ ਨਾਲ ਸਰਾਸਰ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਜਿਹੇ ਹੱਥਕੰਡੇ ਅਪਣਾ ਕੇ ਅਸਲ ਵਿੱਚ ਇਸ ਸਕੀਮ ਨੂੰ ਬੰਦ ਕਰਨਾ ਚਾਹੁੰਦੀ ਹੈ।