ਚੰਡੀਗੜ੍ਹ 21 ਜਨਵਰੀ (ਖ਼ਬਰ ਖਾਸ ਬਿਊਰੋ)
ਪੰਜਾਬ ਕਾਂਗਰਸ ਦੀ ਅੰਦਰੂਨੀ ਖਾਨਾਜੰਗੀ ਦੇ ਚਲਦਿਆਂ ਕਾਂਗਰਸ ਹਾਈਕਮਾਨ ਨੇ ਵੀਰਵਾਰ ਨੂੰ ਪਾਰਟੀ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਪਾਰਟੀ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਮੌਜੂਦਗੀ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ “ਉੱਚੀ ਜਾਤੀ” ਵਾਲੇ ਬਿਆਨ ‘ਤੇ ਚਰਚਾ ਹੋਣ ਦੀ ਸੰਭਾਵਨਾਂ ਕੀਤੀ ਜਾ ਰਹੀ ਹੈ। ਉਧਰ ਮੀਟਿੰਗ ਤੋਂ ਪਹਿਲਾਂ ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਚੰਨੀ ‘ਤੇ ਉਨ੍ਹਾਂ ਦੇ “ਉੱਚੀ ਜਾਤੀ” ਵਾਲੇ ਬਿਆਨ ਦੀ ਨੁਕਤਾਚੀਨੀ ਕੀਤੀ ਹੈ।
ਦੂਲੋ ਨੇ ਇੱਕ ਵੀਡੀਓ ਵਿਚ ਕਿਹਾ ਕਿ ਚੰਨੀ 2012 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਹਨਾਂ ਕਿਹਾ ਕਿ ਕਾਂਗਰਸ ਨੇ ਚੰਨੀ ਦੇ ਛੋਟੋ ਕਾਰਜਕਾਲ ਦੌਰਾਨ ਹੀ ਵੱਡੀਆ ਜੁੰਮੇਵਾਰੀਆ ਦਿੱਤੀਆ ਹਨ। ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਨੂੰ ਹਟਾਕੇ ਚੰਨੀ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਇਆ ਗਿਆ ਸੀ। ਉਨ੍ਹਾਂ ਨੇ ਵਿਧਾਨ ਸਭਾ ਵਿੱਚ “ਪੈਚਵਰਕ” ਬਾਰੇ ਬਿਆਨ ਵੀ ਦਿੱਤਾ। ਕੈਪਟਨ ਅਮਰਿੰਦਰ ਸਿੰਘ ਦੀ ਥਾਂ ਚੰਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ। ਪਾਰਟੀ ਨੇ ਉਨ੍ਹਾਂ ਨੂੰ ਸੀਡਬਲਯੂਸੀ ਦਾ ਮੈਂਬਰ ਨਿਯੁਕਤ ਕੀਤਾ। ਦੂਲੋ ਨੇ ਕਿਹਾ ਕਿ 2022 ਦੀਆਂ ਚੋਣਾਂ ਹਾਰਨ ਤੋਂ ਬਾਅਦ, ਚੰਨੀ ਇੱਕ ਸਾਲ ਤੱਕ ਲੋਕਾਂ ਵਿਚ ਨਹੀ ਆਏ। ਪਾਰਟੀ ਨੇ ਉਨ੍ਹਾਂ ਨੂੰ 2024 ਦੀਆਂ ਲੋਕ ਸਭਾ ਚੋਣਾਂ ਵਿਚ ਜਲੰਧਰ ਤੋਂ ਲੋਕ ਸਭਾ ਚੋਣਾਂ ਲਈ ਮੈਦਾਨ ਵਿੱਚ ਉਤਾਰਿਆ ਅਤੇ ਉਨ੍ਹਾਂ ਨੂੰ ਲੋਕ ਸਭਾ ਵਿੱਚ ਖੇਤੀਬਾੜੀ ਸਟੈਂਡਿੰਗ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ। ਚੰਨੀ ਦਾ ਖੇਤੀਬਾੜੀ ਨਾਲ ਕੋਈ ਸਬੰਧ ਨਾ ਹੋਣ ਦੇ ਬਾਵਜੂਦ, ਉਹ ਦਾਅਵਾ ਕਰਦੇ ਹਨ ਕਿ ਦਲਿਤਾਂ ਨੂੰ ਕੁਝ ਨਹੀਂ ਮਿਲਿਆ।
ਦੂਲੋ ਨੇ ਪਾਰਟੀ ਹਾਈ ਕਮਾਂਡ ਨੂੰ ਵੀ ਸਵਾਲ ਕੀਤਾ ਕਿ ਚੰਨੀ ਨੇ ਉਨ੍ਹਾਂ ਨੂੰ ਕੀ ਦਿਖਾਇਆ ਹੈ ਕਿ ਉਨ੍ਹਾਂ ਨੂੰ ਚੰਨੀ ਨੂੰ ਖਾਲੀ ਅਹੁਦੇ ‘ਤੇ ਨਿਯੁਕਤ ਕਰਨਾ ਚਾਹੀਦਾ ਹੈ। ਜਾਣਕਾਰੀ ਅਨੁਸਾਰ ਸੀਡਬਲਯੂਸੀ ਦੀ ਮੀਟਿੰਗ ਅਸਲ ਵਿੱਚ 23 ਜਨਵਰੀ ਨੂੰ ਹੋਣੀ ਸੀ, ਨੂੰ 22 ਜਨਵਰੀ ਲਈ ਕੀਤਾ ਗਿਆ ਹੈ। ਪੰਜਾਬ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸੀਡਬਲਯੂਸੀ ਮੈਂਬਰ ਚਰਨਜੀਤ ਸਿੰਘ ਚੰਨੀ ਮੀਟਿੰਗ ਵਿੱਚ ਹਿੱਸਾ ਲੈਣਗੇ।