ਫਾਜੀਲਿਕਾ 8 ਫਰਵਰੀ (ਖ਼ਬਰ ਖਾਸ ਬਿਊਰੋ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਧੂਕਾ ਵਿੱਚ ਮਾਪਿਆਂ ਲਈ ਇੱਕ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਨੈਸ਼ਨਲ ਅਵਾਰਡੀ ਪ੍ਰਿੰਸੀਪਲ ਸ਼੍ਰੀ ਰਜਿੰਦਰ ਵਿਖੋਣਾ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਈ।
ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਆਉਣ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਗਰੂਕਤਾ ਅਤੇ ਬੱਚਿਆਂ ਦੇ ਸਰਵਾਂਗੀਣ ਵਿਕਾਸ ਨਾਲ ਸੰਬੰਧਿਤ ਮੁੱਦਿਆਂ ‘ਤੇ ਮਾਪਿਆਂ ਨੂੰ ਜਾਗਰੂਕ ਕਰਨਾ ਸੀ।
ਇਸ ਮੌਕੇ ‘ਤੇ Khushi Foundation ਦੀ ਸੰਸਥਾਪਕ, ਸ਼੍ਰੀਮਤੀ ਖੁਸ਼ਬੂ ਸਾਵਨਸੁੱਖਾ ਜੀ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਈ। ਉਨ੍ਹਾਂ ਨੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਪ੍ਰੀਖਿਆ ਸਮੇਂ ਉਨ੍ਹਾਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣਾ ਲਾਜ਼ਮੀ ਹੈ। ਨਾਲ ਹੀ, ਨਸ਼ਿਆਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।
ਪ੍ਰਿੰਸੀਪਲ ਸ਼੍ਰੀ ਰਜਿੰਦਰ ਵਿਖੋਣਾ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਸਕੂਲ ਅਤੇ ਮਾਪਿਆਂ ਦਰਮਿਆਨ ਸਾਂਝ ਨੂੰ ਮਜ਼ਬੂਤ ਕਰਦੀਆਂ ਹਨ, ਜੋ ਵਿਦਿਆਰਥੀਆਂ ਦੇ ਭਵਿੱਖ ਨਿਰਮਾਣ ਵਿੱਚ ਸਹਾਇਕ ਸਾਬਤ ਹੁੰਦੀਆਂ ਹਨ।
ਵਰਕਸ਼ਾਪ ਦੇ ਅੰਤ ਵਿੱਚ ਐਸ. ਐਮ. ਸੀ. ਚੇਅਰਮੈਨ ਸ਼੍ਰੀ ਵੀਰੂ ਸਿੰਘ, ਮਾਪਿਆਂ ਅਤੇ ਪਿੰਡ ਵਾਸੀਆਂ ਵੱਲੋਂ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਗਈ।