ਲੁਧਿਆਣਾ ਦੇ ਫਰਜ਼ੀ ਸਕੂਲ ਖ਼ਿਲਾਫ਼ ਸਰਕਾਰ ਸਖ਼ਤ, ਫੌਜਦਾਰੀ ਕਾਰਵਾਈ ਆਰੰਭ ਕਰਨ ਦੇ ਹੁਕਮ


ਚੰਡੀਗੜ੍ਹ, 16 ਫਰਵਰੀ (ਖ਼ਬਰ ਖਾਸ ਬਿਊਰੋ)

ਪੰਜਾਬ ਸਰਕਾਰ ਨੇ ਲੁਧਿਆਣਾ ਦੇ ਇੱਕ ਫਰਜ਼ੀ ਸਕੂਲ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ ਕਿਉਂਕਿ ਇਸ ਸਕੂਲ ਵਿੱਚ ਪ੍ਰੈਕਟੀਕਲ ਪ੍ਰੀਖਿਆ ਲਈ ਸਹੂਲਤਾਂ ਦੀ ਘਾਟ ਦੇ ਬਾਵਜੂਦ 12ਵੀਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਰਜਿਸਟਰ ਕੀਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਹਿਦੂਦਾਂ, ਲੁਧਿਆਣਾ (ਸਕੂਲ ਕੋਡ 3100187) ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਮਾਨਤਾ ਵਾਪਸ ਲੈਣਾ ਅਤੇ ਫਰਜ਼ੀ ਦਸਤਾਵੇਜ਼ ਜਮ੍ਹਾਂ ਕਰਾਉਣ ਲਈ ਅਪਰਾਧਿਕ ਸ਼ਿਕਾਇਤ ਦਰਜ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੀ.ਐਸ.ਈ.ਬੀ. ਨੇ ਸਕੂਲ ਵੱਲੋਂ ਰਜਿਸਟਰ ਕੀਤੇ ਸਾਰੇ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਰੱਦ ਕਰ ਦਿੱਤੇ ਹਨ।

ਹੋਰ ਪੜ੍ਹੋ 👉  ਸਰਕਾਰੀ ਕਾਲਜ ਰੂਪਨਗਰ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਮ

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਫਿਜੀਕਲ ਜਾਂਚ ਦੌਰਾਨ, ਇਸ ਸਕੂਲ ਦਾ ਕੋਈ ਵਾਜੂਦ ਸਾਹਮਣੇ ਨਹੀਂ ਆਇਆ, ਇਸ ਦੀ ਇਮਾਰਤ ਕਿਰਾਏ ‘ਤੇ ਦਿੱਤੀ ਗਈ ਸੀ ਅਤੇ ਕੋਈ ਕਲਾਸ ਨਹੀਂ ਲਗਾਈ ਜਾ ਰਹੀ ਸੀ। 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈ ਰਜਿਸਟਰਡ 27 ਵਿਦਿਆਰਥੀਆਂ ਦੇ ਰੋਲ ਨੰਬਰ ਵੀ ਮੌਜੂਦ ਨਹੀਂ ਸਨ, ਜਿਸ ਕਾਰਨ ਪੀ.ਐਸ.ਈ.ਬੀ. ਨੇ ਉਨ੍ਹਾਂ ਦੇ ਰੋਲ ਨੰਬਰ ਰੱਦ ਕਰ ਦਿੱਤੇ। ਉਨ੍ਹਾਂ ਦੱਸਿਆ ਕਿ ਚਾਰ ਹੋਰ ਸਕੂਲ ਜਾਂਚ ਅਧੀਨ ਹਨ ਕਿਉਂਕਿ ਪੰਜਾਬ ਸਰਕਾਰ ਸਿੱਖਿਆ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਵਾਲੇ ਅਤੇ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਵਾਲੀਆਂ ਸੰਸਥਾਵਾਂ ‘ਤੇ ਸ਼ਿਕੰਜਾ ਕੱਸਣ ਲਈ ਵਚਨਬੱਧ ਹੈ।

ਹੋਰ ਪੜ੍ਹੋ 👉  ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਵਚਨਬੱਧ ਹੈ। ਅਸੀਂ ‘ਗੋਸਟ ਸਕੂਲ’ ਚਲਾਉਣ ਵਾਲੀਆਂ ਅਤੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਾਂਗੇ ਅਤੇ ਕੋਈ ਨਰਮੀ ਨਹੀਂ ਵਰਤੀ ਜਾਵੇਗੀ।”

ਸਿੱਖਿਆ ਮੰਤਰੀ ਨੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਨੂੰ ਹੋਰ ਸਕੂਲ ਅਲਾਟ ਕਰਕੇ ਅਤੇ ਮਾਰਗਦਰਸ਼ਨ ਰਾਹੀਂ ਯੋਗ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇਗੀ ਅਤੇ ਫਰਜ਼ੀ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਾਂਚ ਟੀਮਾਂ ਨੂੰ ਹੋਰ ਸ਼ੱਕੀ ਸਕੂਲਾਂ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਜਲਦ ਤੋਂ ਜਲਦ ਰਿਪੋਰਟਾਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਹੋਰ ਪੜ੍ਹੋ 👉  ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ 'ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਗੋਇਲ

Leave a Reply

Your email address will not be published. Required fields are marked *