ਆਮ ਆਦਮੀ ਕਲੀਨਿਕਾਂ ਅਤੇ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ

ਰੂਪਨਗਰ, 20 ਮਾਰਚ (ਖ਼ਬਰ ਖਾਸ ਬਿਊਰੋ)
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਰੂਪਨਗਰ ਚੰਦਰਜਯੋਤੀ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰੀਸ਼ਦ ਦੇ ਕਮੇਟੀ ਰੂਮ ਵਿਖੇ ਪਿੰਡਾਂ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ।
ਇਸ ਮੌਕੇ ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਕੰਮ ਤਹਿ ਸਮੇਂ ਅੰਦਰ ਅਤੇ ਗੁਣਵੱਤਾ ਦੇ ਮਿਆਰਾਂ ਅਨੁਸਾਰ ਮੁਕੰਮਲ ਕੀਤੇ ਜਾਣ।
ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਜ਼ਿਲ੍ਹਾ ਪੱਧਰ ’ਤੇ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਖ਼ਾਸ ਤੌਰ ’ਤੇ ਪਿੰਡਾਂ ਵਿੱਚ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੇ ਕੰਮਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਬੁਨਿਆਦੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਬਹੁਤ ਮਹੱਤਵਪੂਰਨ ਹਨ, ਇਸ ਲਈ ਇਨ੍ਹਾਂ ਦੀ ਉਸਾਰੀ ਅਤੇ ਸ਼ੁਰੂਆਤ ਵਿੱਚ ਕਿਸੇ ਵੀ ਕਿਸਮ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਸੋਲਿਡ ਵੇਸਟ ਮੈਨੇਜਮੈਂਟ ਨਾਲ ਸਬੰਧਿਤ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਪਿੰਡਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਕੂੜਾ ਪ੍ਰਬੰਧਨ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਕਿ ਕੂੜੇ ਦੀ ਇਕੱਠੀ, ਛਟਾਈ ਅਤੇ ਨਿਪਟਾਰੇ ਲਈ ਲੋੜੀਂਦੇ ਪ੍ਰਬੰਧ ਤੁਰੰਤ ਯਕੀਨੀ ਬਣਾਏ ਜਾਣ।
ਚੰਦਰਜਯੋਤੀ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਦੀ ਸਫ਼ਲਤਾ ਲਈ ਜ਼ਮੀਨੀ ਪੱਧਰ ’ਤੇ ਪ੍ਰਭਾਵਸ਼ਾਲੀ ਲਾਗੂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਯਮਿਤ ਮਾਨੀਟਰਿੰਗ ਕਰਦੇ ਰਹਿਣ ਅਤੇ ਜਿੱਥੇ ਵੀ ਕੋਈ ਰੁਕਾਵਟ ਆਉਂਦੀ ਹੈ, ਉਸਦਾ ਤੁਰੰਤ ਹੱਲ ਕੀਤਾ ਜਾਵੇ।
ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਵੱਲੋਂ ਵੀ ਆਪਣੇ-ਆਪਣੇ ਵਿਭਾਗਾਂ ਨਾਲ ਸੰਬੰਧਿਤ ਕੰਮਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ ਗਈ ਅਤੇ ਭਵਿੱਖੀ ਕਾਰਜ-ਯੋਜਨਾ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਮੀਟਿੰਗ ਵਿੱਚ ਉਪ ਮੁੱਖ ਕਾਰਜਕਾਰੀ ਅਫਸਰ ਜ਼ਿਲ੍ਹਾ ਪ੍ਰੀਸ਼ਦ ਅਮਿਤ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਐਕਸੀਅਨ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗਣੇਸ਼, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਮੋਰਿੰਡਾ ਹਰਕੀਰਤ ਸਿੰਘ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਨੋਡਲ ਅਫ਼ਸਰ ਜਲ ਸੰਚੇ-ਜਨ ਭਾਗੇਦਾਰੀ ਪਰਮਿੰਦਰ ਸਿੰਘ ਅਤੇ ਹੋਰ ਉੱਚ ਅਧਿਕਾਰੀ ਤੇ ਵੱਖ-ਵੱਖ ਵਿਭਾਗਾਂ ਤੋਂ ਕਰਮਚਾਰੀ ਹਾਜ਼ਰ ਸਨ।
ਹੋਰ ਪੜ੍ਹੋ 👉  ਲੋਕ ਸੰਪਰਕ ਵਿਭਾਗ ਦੇ ਸਕੱਤਰ ਤੇ ਡਾਇਰੈਕਟਰ ਦਾ ਤਬਾਦਲਾ

Leave a Reply

Your email address will not be published. Required fields are marked *