ਰੂਪਨਗਰ, 6 ਅਪ੍ਰੈਲ (ਖ਼ਬਰ ਖਾਸ ਬਿਊਰੋ)
ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਅਤੇ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਲਗਭਗ 5.60 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਐਨ.ਐਚ-205 ਤੋਂ ਰੰਗੀਲਪੁਰ-ਮੀਆਂਪੁਰ-ਪੁਰਖਾਲੀ ਅੱਪ ਟੂ ਬਰਦਾਰ ਸੜਕ ਦੇ ਨਵੀਨੀਕਰਣ ਦੇ ਕੰਮ ਲਈ ਨੀਂਹ ਪੱਥਰ ਰੱਖਿਆ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ. ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਿਰੰਤਰ ਮਹੱਤਵਪੂਰਨ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਕੋਨੇ ਵਿੱਚ ਸੜਕਾਂ ਦੇ ਨਵੀਨੀਕਰਨ ਅਤੇ ਵਿਕਾਸ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਵਿਆਉਣ ਨਾਲ ਇਲਾਕੇ ਦੇ 25 ਤੋਂ ਵੱਧ ਪਿੰਡਾਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਆਵਾਜਾਈ ਦੀ ਸੁਵਿਧਾ ਵਿੱਚ ਵੀ ਵੱਡਾ ਸੁਧਾਰ ਆਵੇਗਾ। ਉਨ੍ਹਾਂ ਹੋਰ ਕਿਹਾ ਕਿ ਇਹ ਪ੍ਰੋਜੈਕਟ ਪੂਰਾ ਹੋਣ ਉਪਰੰਤ ਲੋਕਾਂ ਨੂੰ ਸੁਚੱਜੀ, ਸੁਰੱਖਿਅਤ ਅਤੇ ਤੇਜ਼ ਆਵਾਜਾਈ ਦੀ ਸਹੂਲਤ ਪ੍ਰਾਪਤ ਹੋਵੇਗੀ, ਜਿਸ ਨਾਲ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਬਲ ਮਿਲੇਗਾ।
ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਵਿੱਚ ਵਿਕਾਸ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ 16.20 ਕਿਲੋਮੀਟਰ ਸੜਕ, ਜੋ ਕਿ ਰੂਪਨਗਰ ਜ਼ਿਲ੍ਹੇ ਨੂੰ ਚੰਡੀਗੜ੍ਹ ਨਾਲ ਵੀ ਜੋੜਦੀ ਹੈ, ਦੇ ਨਵੀਨੀਕਰਣ ਨਾਲ ਘਾੜ ਇਲਾਕੇ ਦੇ ਲਗਭਗ 25 ਪਿੰਡਾਂ ਨੂੰ ਫਾਇਦਾ ਮਿਲੇਗਾ।