ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 84 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ

ਜਲੰਧਰ, 21 ਅਪ੍ਰੈਲ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਤੇਜ ਮੋਹਨ ਨਗਰ ਅਤੇ ਵਾਰਡ ਨੰਬਰ 41, 44 ਵਿਖੇ 84 ਲੱਖ ਰੁਪਏ ਨਾਲ ਮੁਕੰਮਲ ਹੋਣ ਵਾਲੀਆਂ ਸੜਕਾਂ ਤੇ ਟਿਊਬਵੈਲ ਲਗਾਉਣ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ।
 ਸ੍ਰੀ ਭਗਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਵਿਕਾਸ ਕਾਰਜ ਮੁਕੰਮਲ ਹੋਣ ਨਾਲ ਲੋਕਾਂ ਨੂੰ ਭਾਰੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿੱਚ ਵਿਕਾਸ ਦੀ ਲਹਿਰ ਚਲਾਈ ਜਾ ਰਹੀ ਹੈ ਅਤੇ ਸੂਬੇ ਦਾ ਚਹੁੰਮੁੱਖੀ ਵਿਕਾਸ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਤੋਂ ਇਲਾਵਾ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਵਾਲੇ ਹੋਰ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਮੌਜੂਦਾ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ, ਜਿਸ ਨੇ ਆਪਣੇ ਸਾਰੇ ਚੋਣ ਵਾਅਦਿਆਂ ਨੂੰ ਪੂਰਾ ਕਰਕੇ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਸਕੀਮਾਂ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਲੋਕ ਸਰਕਾਰ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ ਤੇ ਕਾਰਗੁਜ਼ਾਰੀ ਤੋਂ ਬਹੁਤ ਖੁਸ਼ ਹਨ।
ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ‘ਤੇ ਵਿਸਥਾਰ ਨਾਲ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਦੱਸਿਆ ਕਿ ਮਹਿਲਾਵਾਂ ਦੇ ਸਤਿਕਾਰ ਲਈ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 10 ਲੱਖ ਰੁਪਏ ਤੱਕ ਦੇ ਕੈਸ਼ਲੈਸ ਇਲਾਜ ਦੀ ਸ਼ੁਰੂ ਕੀਤੀ ਗਈ ਸਹੂਲਤ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ ਸਰਕਾਰ ਵਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਮੁਫ਼ਤ ਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਸਦਕਾ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੀ ਪ੍ਰੀਖਿਆਵਾਂ ਵਿੱਚ ਬੈਠਣ ਦੇ ਯੋਗ ਹੋ ਰਹੇ ਹਨ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਸੂਬੇ ਵਿੱਚ ਖੇਡ ਸਭਿਆਚਾਰ ਪੈਦਾ ਕਰਕੇ ਸੂਬੇ ਨੂੰ ਮੁੜ ਤੋਂ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੱਖ-ਵੱਖ ਖੇਡ ਮੁਕਾਬਲੇ ਕਰਵਾਕੇ ਨੌਜਵਾਨਾਂ ਦੀ ਅਥਾਹ ਊਰਜਾ ਸ਼ਕਤੀ ਨੂੰ ਉਸਾਰੂ ਪਾਸੇ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਿੰਮ ਤਹਿਤ ਜਿਥੇ ਨਸ਼ਾ ਸਮੱਗਲਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿਛੇ ਭੇਜਿਆ ਜਾ ਰਿਹਾ ਹੈ, ਉਥੇ ਹੀ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।
ਸ੍ਰੀ ਭਗਤ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਵੀ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਲੋਕ ਆਪੋ-ਆਪਣੇ ਪਵਿੱਤਰ ਧਾਰਮਿਕ ਸਥਾਨਾਂ ਦੇ ਮੁਫਤ ਦਰਸ਼ਨ ਕਰ ਰਹੇ ਹਨ।
ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਨੇ ਮਾਰਚ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 9 ਮਾਮਲਿਆਂ ਵਿੱਚ 10 ਵਿਅਕਤੀਆਂ ਨੂੰ ਕੀਤਾ ਕਾਬੂ

Leave a Reply

Your email address will not be published. Required fields are marked *