ਰੂਪਨਗਰ, 21 ਅਪ੍ਰੈਲ (ਖ਼ਬਰ ਖਾਸ ਬਿਊਰੋ
ਫਾਰਮੇਸੀ ਅਫਸਰਜ ਐਸੋਸੀਏਸ਼ਨ ਰੂਪਨਗਰ ਵੱਲੋਂ ਅੱਜ ਦਫ਼ਤਰ ਸਿਵਲ ਸਰਜਨ ਰੂਪਨਗਰ ਵਿਖੇ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ।
ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਅਤੇ ਮੈਂਬਰਾਂ ਵੱਲੋਂ ਡਾ. ਰਮਨ ਕੁਮਾਰ ਗੁਪਤਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਦੇ ਹੋਏ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ ਗਈ।
ਇਸ ਮੌਕੇ ਐਸੋਸੀਏਸ਼ਨ ਦੇ ਪ੍ਰਤੀਨਿਧੀਆਂ ਨੇ ਕਿਹਾ ਕਿ ਡਾ. ਰਮਨ ਕੁਮਾਰ ਗੁਪਤਾ ਦੇ ਪ੍ਰਸ਼ਾਸਨਿਕ ਤਜਰਬੇ ਅਤੇ ਸਿਹਤ ਸੇਵਾਵਾਂ ਪ੍ਰਤੀ ਸਮਰਪਣ ਨਾਲ ਜ਼ਿਲ੍ਹੇ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਫਾਰਮੇਸੀ ਅਫਸਰ ਸਿਹਤ ਵਿਭਾਗ ਦਾ ਅਹਿਮ ਹਿੱਸਾ ਹਨ ਅਤੇ ਦਵਾਈਆਂ ਦੀ ਉਪਲਬਧਤਾ, ਮਰੀਜ਼ਾਂ ਦੀ ਸਹਾਇਤਾ ਅਤੇ ਸਿਹਤ ਸੰਸਥਾਵਾਂ ਦੇ ਸੁਚਾਰੂ ਪ੍ਰਬੰਧ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ।
ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਫਾਰਮੇਸੀ ਅਫਸਰਸ ਐਸੋਸੀਏਸ਼ਨ ਹਮੇਸ਼ਾਂ ਦੀ ਤਰ੍ਹਾਂ ਸਿਹਤ ਵਿਭਾਗ ਦੀਆਂ ਲੋਕ ਭਲਾਈ ਯੋਜਨਾਵਾਂ, ਜਾਗਰੂਕਤਾ ਮੁਹਿੰਮਾਂ ਅਤੇ ਸਰਕਾਰੀ ਸਿਹਤ ਪ੍ਰੋਗਰਾਮਾਂ ਵਿੱਚ ਪੂਰਾ ਸਹਿਯੋਗ ਦੇਵੇਗੀ।
ਇਸ ਮੌਕੇ ਡਾ. ਰਮਨ ਕੁਮਾਰ ਗੁਪਤਾ ਨੇ ਐਸੋਸੀਏਸ਼ਨ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਸਾਰੇ ਸਿਹਤ ਕਰਮਚਾਰੀਆਂ ਨੂੰ ਨਾਲ ਲੈ ਕੇ ਟੀਮ ਵਰਕ ਦੀ ਭਾਵਨਾ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣਾ ਅਤੇ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਸੁਣਿਆ ਅਤੇ ਨਿਪਟਾਇਆ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਸਿਹਤ ਅਫਸਰ ਡਾ. ਵਰਿੰਦਰ ਕੁਮਾਰ, ਜ਼ਿਲ੍ਹਾ ਐਪੀਡਿਮੋਲਜਿਸਟ ਡਾ. ਹਰਸ਼ਰਨਜੀਤ ਕੌਰ, ਫਾਰਮੇਸੀ ਐਸੋਸੀਏਸ਼ਨ ਦੇ ਆਗੂ ਚੀਫ ਫਾਰਮੇਸੀ ਅਫਸਰ ਪ੍ਰਿਤਪਾਲ ਕੌਰ, ਸੀਨੀਅਰ ਫਾਰਮੇਸੀ ਗੁਰਿੰਦਰਪਾਲ ਸਿੰਘ, ਦਿਵਿਆ ਸੁਆਮੀ, ਰਾਹੁਲ ਕੁਮਾਰ, ਕਿਰਨ ਸੈਣੀ, ਹਰਮਨਦੀਪ ਕੌਰ, ਪਰਮਿੰਦਰ ਕੌਰ, ਰੀਨਾ ਅਤੇ ਨਿਧੀ ਫਾਰਮੇਸੀ ਅਫਸਰਜ ਹਾਜ਼ਰ ਸਨ।