ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ, ਮਰੀਜ਼ਾਂ ਦੀ ਸੰਭਾਲ ‘ਚ ਨਿਭਾਉਂਦੀਆਂ ਹਨ ਅਹਿਮ ਭੂਮਿਕਾ – ਸਿਵਲ ਸਰਜਨ 

ਰੂਪਨਗਰ, 12 ਮਈ (ਖ਼ਬਰ ਖਾਸ ਬਿਊਰੋ)
ਅੰਤਰਰਾਸ਼ਟਰੀ ਨਰਸਿੰਗ ਦਿਵਸ ਦੇ ਮੌਕੇ ‘ਤੇ ਇੱਕ ਵਿਸ਼ੇਸ਼ ਸਮਾਰੋਹ ਦੌਰਾਨ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤਾਇਨਾਤ ਵਧੀਆ ਕਾਰਗੁਜ਼ਾਰੀ ਕਰਨ ਵਾਲੀਆਂ ਸਟਾਫ ਨਰਸਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਤੇ ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਇਸ ਸਮਾਰੋਹ ਦਾ ਉਦੇਸ਼ ਨਰਸਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਮਾਨਤਾ ਦੇਣਾ ਹੈ। ਡਾ. ਗੁਪਤਾ ਨੇ ਨਰਸਾਂ ਦੀ ਸੇਵਾ ਨੂੰ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਦੱਸਦਿਆਂ ਉਨ੍ਹਾਂ ਦੀ ਭੂਮਿਕਾ ਨੂੰ ਬੇਮਿਸਾਲ ਕਰਾਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਹ ਮਰੀਜ਼ਾਂ ਦੀ ਸੰਭਾਲ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਕਿਹਾ, “ਨਰਸਾਂ ਸਿਰਫ਼ ਇਲਾਜ ਦਾ ਹਿੱਸਾ ਨਹੀਂ ਹੁੰਦੀਆਂ, ਬਲਕਿ ਉਹ ਮਰੀਜ਼ਾਂ ਲਈ ਹੌਸਲਾ ਅਤੇ ਸਹਾਰਾ ਵੀ ਬਣਦੀਆਂ ਹਨ। ਉਨ੍ਹਾਂ ਦੀ ਸੇਵਾ, ਸਮਰਪਣ ਅਤੇ ਮਨੁੱਖਤਾ ਪ੍ਰਤੀ ਲਗਨ ਸਾਡੇ ਸਮਾਜ ਲਈ ਪ੍ਰੇਰਣਾ ਦਾ ਸਰੋਤ ਹੈ।”
ਸਿਵਲ ਸਰਜਨ ਨੇ ਕਿਹਾ ਕਿ ਜਦੋਂ ਕੋਈ ਮਰੀਜ਼ ਹਸਪਤਾਲ ਦਾਖਲ ਹੁੰਦਾ ਹੈ ਤਾਂ ਉਹ ਸਰੀਰਕ ਪੀੜ ਦੇ ਨਾਲ-ਨਾਲ ਮਾਨਸਿਕ ਡਰ ਅਤੇ ਇਕੱਲਤਾ ਨਾਲ ਵੀ ਜੂਝ ਰਿਹਾ ਹੁੰਦਾ ਅਜਿਹੀ ਸਥਿਤੀ ਵਿੱਚ ਇੱਕ ਨਰਸ ਹੁੰਦੀ ਹੈ ਜੋ ਮਰੀਜ਼ ਦੇ ਸਿਰ ਤੇ ਹੱਥ ਰੱਖ ਕੇ ਉਸ ਨੂੰ ਇਹ ਅਹਿਸਾਸ ਕਰਵਾਉਂਦੀ ਹੈ ਕਿ ਉਹ ਇਕੱਲਾ ਨਹੀਂ ਹੈ ਇੱਕ ਨਰਸ ਹੀ ਹੈ ਜੋ ਮਰੀਜ਼ ਨੂੰ ਸਮੇਂ ਸਿਰ ਸਹੀ ਦਵਾਈ ਦੇਣਾ ਮਰੀਜ਼ ਦੀ ਖੁਰਾਕ ਦਾ ਧਿਆਨ ਰੱਖਣਾ ਤੇ ਉਸਦੇ ਸਰੀਰ ਵਿੱਚ ਹੋਣ ਵਾਲੀ ਮਾਮੂਲੀ ਤਬਦੀਲੀ ਤੇ ਵੀ ਨਜ਼ਰ ਰੱਖਣਾ ਨਰਸ ਦਾ ਕੰਮ ਹੈ ਇਹ ਕਹਿਣਾ ਅਤਕਥਨੀ ਨਹੀਂ ਹੋਵੇਗੀ ਕਿ ਨਰਸਾਂ ਹਸਪਤਾਲ ਦਾ ਦਿਲ ਹੁੰਦੀਆਂ ਹਨ ਜਿਨਾਂ ਦੀ ਧੜਕਣ ਨਾਲ ਸਾਰੀ ਸਿਹਤ ਪ੍ਰਣਾਲੀ ਚੱਲਦੀ ਹੈ।
ਡਾ. ਰਮਨ ਗੁਪਤਾ ਨੇ ਅੱਗੇ ਕਿਹਾ ਕਿ ਖ਼ਾਸ ਕਰਕੇ ਕੋਵਿਡ-19 ਦੌਰਾਨ ਨਰਸਿੰਗ ਸਟਾਫ਼ ਨੇ ਜਾਨ ਨੂੰ ਜੋਖਮ ਵਿੱਚ ਪਾ ਕੇ ਲੋਕਾਂ ਦੀ ਸੇਵਾ ਕੀਤੀ, ਜੋ ਕਿ ਕਦੇ ਵੀ ਭੁੱਲਿਆ ਨਹੀਂ ਜਾ ਸਕਦਾ। ਉਨ੍ਹਾਂ ਨੇ ਸਾਰੇ ਨਰਸਿੰਗ ਕਰਮਚਾਰੀਆਂ ਦੀ ਸੇਵਾ ਨੂੰ ਸਲਾਮ ਕਰਦਿਆਂ ਕਿਹਾ ਕਿ ਸਿਹਤ ਵਿਭਾਗ ਹਮੇਸ਼ਾ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ।
ਸਮਾਰੋਹ ਦੌਰਾਨ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਨਰਸਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੂੰ ਪ੍ਰਮਾਣ ਪੱਤਰ ਦੇਕੇ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਪਣੇ ਤਜਰਬੇ ਸਾਂਝੇ ਕਰਦੇ ਹੋਏ ਕਿਹਾ ਕਿ ਮਰੀਜ਼ਾਂ ਦੀ ਸੇਵਾ ਕਰਨਾ ਉਨ੍ਹਾਂ ਲਈ ਮਾਣ ਦੀ ਗੱਲ ਹੈ। ਇਸ ਤੋਂ ਇਲਾਵਾ ਸਿਹਤ ਜਾਗਰੂਕਤਾ ਸਬੰਧੀ ਸੰਦੇਸ਼ ਵੀ ਦਿੱਤੇ ਗਏ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਸਿਵਲ ਸਰਜਨ ਰੂਪਨਗਰ ਵੱਲੋਂ ਸਾਰੇ ਨਰਸਿੰਗ ਸਟਾਫ਼ ਨੂੰ ਅੰਤਰਰਾਸ਼ਟਰੀ ਨਰਸ ਦਿਵਸ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਗਈਆਂ। ਉਨ੍ਹਾਂ ਨੇ ਆਸ ਜਤਾਈ ਕਿ ਨਰਸਿੰਗ ਸਟਾਫ਼ ਆਪਣੀ ਇਸੇ ਤਰ੍ਹਾਂ ਦੀ ਨਿਸ਼ਠਾ ਅਤੇ ਸਮਰਪਣ ਨਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਬਣਾਉਂਦਾ ਰਹੇਗਾ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਅੰਜਲੀ ਚੌਧਰੀ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਜ਼ਿਲ੍ਹਾ ਮਾਸ ਮੀਡੀਆ ਅਫਸਰ ਗੁਰਮੀਤ ਕੌਰ ਅਤੇ ਰਵਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਰਿਤੂ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰਸੁਖਜੀਤ ਕੰਬੋਜ ਹਾਜ਼ਰ ਸਨl
ਹੋਰ ਪੜ੍ਹੋ 👉  ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ, ਗੱਡੀ ’ਚ ਹਥਿਆਰ ਰੱਖ ਕੇ ਚੱਲਣ ’ਤੇ ਪਾਬੰਦੀ 

Leave a Reply

Your email address will not be published. Required fields are marked *