ਚੰਡੀਗੜ੍ਹ, 11 ਜੂਨ (ਖ਼ਬਰ ਖਾਸ ਬਿਊਰੋ)
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਰਸਾਇਣ ਤੇ ਖਾਦ ਮੰਤਰੀ ਸ੍ਰੀ ਜੇ.ਪੀ. ਨੱਢਾ ਨੂੰ ਇੱਕ ਅਹਿਮ ਪੱਤਰ ਲਿਖ ਕੇ ਪੰਜਾਬ ਵਿੱਚ ਝੋਨੇ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਡੀ.ਏ.ਪੀ. ਅਤੇ ਯੂਰੀਆ ਖਾਦਾਂ ਦੀ ਨਿਰਵਿਘਨ ਅਤੇ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਦੀ ਜ਼ੋਰਦਾਰ ਮੰਗ ਕੀਤੀ ਹੈ।
ਸ. ਢਿੱਲੋਂ ਨੇ ਪੱਤਰ ਵਿੱਚ ਜ਼ਿਕਰ ਕੀਤਾ ਕਿ ਬੀਤੀ 6 ਜੂਨ ਨੂੰ ਕੇਂਦਰੀ ਮੰਤਰੀ ਨਾਲ ਹੋਈ ਮੀਟਿੰਗ ਦੌਰਾਨ ਇਸ ਮੁੱਦੇ ‘ਤੇ ਸਾਰਥਕ ਚਰਚਾ ਹੋਈ ਸੀ ਅਤੇ ਹੁਣ ਸੂਬੇ ਵਿੱਚ ਝੋਨੇ ਦੀ ਬਿਜਾਈ ਦਾ ਸੀਜ਼ਨ ਪੂਰੀ ਤਰ੍ਹਾਂ ਸ਼ੁਰੂ ਹੋ ਚੁੱਕਾ ਹੈ ਅਤੇ ਇਹਨਾਂ ਖ਼ਾਦਾਂ ਜੀ ਸਪਲਾਈ ਹੋਰ ਵਧਾਉਣ ਦੀ ਉਹਨਾਂ ਮੰਗ ਕੀਤੀ।
ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਵੇਂ ਇਸ ਗੰਭੀਰ ਮਸਲੇ ਉਪਰ ਪਹਿਲਾਂ ਹੀ ਕੇਂਦਰ ਸਰਕਾਰ ਸੁਚੇਤ ਹੈ ਅਤੇ ਲੋੜੀਂਦੀ ਖਾਦ ਭੇਜ ਰਹੀ ਹੈ।
ਭਾਜਪਾ ਪ੍ਰਧਾਨ ਨੇ ਕੇਂਦਰੀ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਜੂਨ ਅਤੇ ਜੁਲਾਈ ਦੇ ਮਹੀਨਿਆਂ ਵਿੱਚ ਪੰਜਾਬ ਅੰਦਰ ਖਾਦਾਂ ਦੀ ਮੰਗ ਸਿਖਰ ‘ਤੇ ਹੁੰਦੀ ਹੈ ਅਤੇ ਇਸ ਦੌਰਾਨ ਖਾਦ ਦੀ ਕਮੀ ਕਾਰਨ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੇ ਦੁਕਾਨਾਂ ਦੇ ਬਾਹਰ ਲੰਬੀਆਂ ਲਾਈਨਾਂ ਵਿੱਚ ਖੜ੍ਹਨਾ ਪੈਂਦਾ ਹੈ।
ਇਸ ਕਿੱਲਤ ਕਾਰਨ ਬਿਜਾਈ ਵਿੱਚ ਦੇਰੀ ਹੁੰਦੀ ਹੈ, ਜਿਸ ਨਾਲ ਫ਼ਸਲ ਦੇ ਝਾੜ ਅਤੇ ਦੇਸ਼ ਦੀ ਅੰਨ ਸੁਰੱਖਿਆ ‘ਤੇ ਮਾੜਾ ਅਸਰ ਪੈਂਦਾ ਹੈ। ਇਸ ਤੋਂ ਇਲਾਵਾ ਖਾਦਾਂ ਦੀ ਕਮੀ ਦਾ ਫ਼ਾਇਦਾ ਚੁੱਕ ਕੇ ਕੁਝ ਗ਼ੈਰ-ਸਮਾਜਿਕ ਅਨਸਰ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਸ਼ੁਰੂ ਕਰ ਦਿੰਦੇ ਹਨ, ਜਿਸ ਕਾਰਨ ਮਜ਼ਬੂਰ ਕਿਸਾਨਾਂ ਨੂੰ ਤੈਅ ਐਮ.ਆਰ.ਪੀ. ਤੋਂ ਵੱਧ ਕੀਮਤਾਂ ‘ਤੇ ਖਾਦ ਖਰੀਦਣੀ ਪੈਂਦੀ ਹੈ ਅਤੇ ਉਨ੍ਹਾਂ ‘ਤੇ ਆਰਥਿਕ ਬੋਝ ਵਧਦਾ ਹੈ।
ਇਨ੍ਹਾਂ ਮੁਸ਼ਕਿਲਾਂ ਦੇ ਹੱਲ ਲਈ ਸ. ਕੇਵਲ ਸਿੰਘ ਢਿੱਲੋਂ ਨੇ ਪੱਤਰ ਰਾਹੀਂ ਮੰਗ ਕੀਤੀ ਹੈ ਕਿ ਪੰਜਾਬ ਲਈ ਡੀ.ਏ.ਪੀ. ਦਾ ਵਾਧੂ ਕੋਟਾ ਤੁਰੰਤ ਜਾਰੀ ਕੀਤਾ ਜਾਵੇ ਅਤੇ ਮੰਗ ਵਧਣ ਤੋਂ ਪਹਿਲਾਂ ਹੀ ਸੂਬੇ ਵਿੱਚ 2 ਤੋਂ 3 ਲੱਖ ਮੀਟ੍ਰਿਕ ਟਨ ਦਾ ਬਫਰ ਸਟਾਕ ਤਿਆਰ ਰੱਖਿਆ ਜਾਵੇ। ਉਨ੍ਹਾਂ ਯੂਰੀਆ ਖਾਦ ਦੀ ਸਪਲਾਈ ਲਈ ਇੱਕ ਮਹੀਨਾਵਾਰ ਸ਼ਡਿਊਲ ਬਣਾ ਕੇ ਪੰਜਾਬ ਸਰਕਾਰ ਨਾਲ ਸਾਂਝਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵੰਡ ਪ੍ਰਣਾਲੀ ਨੂੰ ਸੁਚਾਰੂ ਬਣਾਇਆ ਜਾ ਸਕੇ। ਉਨ੍ਹਾਂ ਕੇਂਦਰੀ ਮੰਤਰਾਲੇ, ਇਫ਼ਕੋ ਤੇ ਐਨ.ਐਫ.ਐਲ. ਵਰਗੀਆਂ ਖਾਦ ਕੰਪਨੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਇੱਕ ਰੀਅਲ-ਟਾਈਮ ਸਾਂਝੀ ਨਿਗਰਾਨੀ ਪ੍ਰਣਾਲੀ ਬਣਾਉਣ ਦੀ ਮੰਗ ਕੀਤੀ ਤਾਂ ਜੋ ਬਣਾਉਟੀ ਸ਼ਾਰਟੇਜ ਨੂੰ ਰੋਕਿਆ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਦੇ ਹਿੱਸੇ ਦੀ ਸਬਸਿਡੀ ਵਾਲੀ ਖਾਦ ਨੂੰ ਦੂਜੇ ਰਾਜਾਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਭੇਜਣ ਅਤੇ ਨਾਜਾਇਜ਼ ਸਟਾਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।
ਪੱਤਰ ਦੇ ਅਖੀਰ ਵਿੱਚ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਸੰਘਣੀ ਖੇਤੀ ਅਤੇ ਦੇਸ਼ ਦੇ ਅੰਨ ਭੰਡਾਰ ਵਿੱਚ ਸੂਬੇ ਦੇ ਵੱਡੇ ਯੋਗਦਾਨ ਨੂੰ ਮੁੱਖ ਰੱਖਦਿਆਂ ਖਾਦਾਂ ਦੀ ਵੰਡ ਦੇ ਮੌਜੂਦਾ ਫਾਰਮੂਲੇ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਤਾਂ ਜੋ ਪੰਜਾਬ ਨੂੰ ਉਸ ਦੀ ਅਸਲ ਲੋੜ ਮੁਤਾਬਕ ਵੱਧ ਕੋਟਾ ਮਿਲ ਸਕੇ। ਉਨ੍ਹਾਂ ਉਮੀਦ ਜਤਾਈ ਕਿ ਦੇਸ਼ ਦੀ ਅੰਨ ਸੁਰੱਖਿਆ ਦੇ ਰਾਖੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਮੰਤਰੀ ਸ੍ਰੀ ਜੇ.ਪੀ. ਨੱਢਾ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਕੇ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣਗੇ।