ਸਿਹਤ ਵਿਭਾਗ ਵੱਲੋਂ “ਸਟਾਪ ਡਾਇਰੀਆ, ਸੇਵ ਲਾਈਫ” ਮੁਹਿੰਮ ਦੀ ਕੀਤੀ ਸ਼ੁਰੂਆਤ

ਰੂਪਨਗਰ, 16 ਜੂਨ (ਖ਼ਬਰ ਖਾਸ ਬਿਊਰੋ)
ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੀ ਅਗਵਾਈ ਹੇਠ ਅੱਜ ਜ਼ਿਲ੍ਹਾ ਰੂਪਨਗਰ ਵਿੱਚ “ਸਟਾਪ ਡਾਇਰੀਆ, ਸੇਵ ਲਾਈਫ” ਮੁਹਿੰਮ ਦੀ ਵਰਚੂਅਲ ਮੋਡ ਰਾਹੀਂ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਵੱਲੋਂ ਜ਼ਿਲ੍ਹੇ ਦੇ ਸਮੂਹ ਸੀਨੀਅਰ ਮੈਡੀਕਲ ਅਫ਼ਸਰਾਂ, ਨੋਡਲ ਅਫ਼ਸਰਾਂ, ਬਲਾਕ ਐਜੂਕੇਟਰ, ਏ.ਐਨ.ਐਮਜ਼ ਅਤੇ ਐੱਲ.ਐੱਚ.ਵੀਜ਼ ਨਾਲ ਵਰਚੂਅਲ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 16 ਜੂਨ ਤੋਂ 31 ਜੁਲਾਈ 2026 ਤੱਕ ਚਲਾਈ ਜਾਵੇਗੀ, ਜਿਸ ਦਾ ਮੁੱਖ ਉਦੇਸ਼ ਬੱਚਿਆਂ ਵਿੱਚ ਡਾਇਰੀਆ (ਦਸਤ) ਕਾਰਨ ਹੋਣ ਵਾਲੀ ਬਿਮਾਰੀ ਅਤੇ ਮੌਤ ਦਰ ਨੂੰ ਘਟਾਉਣਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ ਮੁਹਿੰਮ ਦੌਰਾਨ ਜ਼ਿਲ੍ਹਾ ਪੱਧਰ ‘ਤੇ ਅੰਤਰ-ਵਿਭਾਗੀ ਟਾਸਕ ਫੋਰਸ ਮੀਟਿੰਗਾਂ ਕਰਵਾਈਆਂ ਜਾਣਗੀਆਂ ਅਤੇ ਸੋਸ਼ਲ ਐਂਡ ਬਿਹੇਵੀਅਰ ਚੇਂਜ ਕਮਿਊਨੀਕੇਸ਼ਨ (ਐਸ.ਬੀ.ਸੀ.ਸੀ.) ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਚਾਇਤੀ ਰਾਜ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਸਾਂਝੀਆਂ ਗਤੀਵਿਧੀਆਂ ਚਲਾਈਆਂ ਜਾਣਗੀਆਂ।
ਡਾ. ਰਮਨ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਿਹਤ ਸੰਸਥਾਵਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਓ.ਆਰ.ਐੱਸ.-ਜ਼ਿੰਕ ਕਾਰਨਰ ਸਥਾਪਿਤ ਕੀਤੇ ਜਾਣਗੇ ਤਾਂ ਜੋ ਡਾਇਰੀਆ ਤੋਂ ਪ੍ਰਭਾਵਿਤ ਬੱਚਿਆਂ ਨੂੰ ਸਮੇਂ ਸਿਰ ਓ.ਆਰ.ਐੱਸ. ਅਤੇ ਜ਼ਿੰਕ ਦੀ ਉਪਲਬਧਤਾ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਸਮੂਹ ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਸਬੰਧਤ ਵਿਭਾਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੇ ਸਮਰਪਣ ਨਾਲ ਕੰਮ ਕਰਨ ਤਾਂ ਜੋ ਡਾਇਰੀਆ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕੇ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਸਿਹਤ ਕਰਮਚਾਰੀਆਂ ਵੱਲੋਂ ਡਾਇਰੀਆ ਦੇ ਕੇਸਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਯੋਗ ਇਲਾਜ ਮੁਹੱਈਆ ਕਰਵਾਇਆ ਜਾਵੇਗਾ ਅਤੇ ਗੰਭੀਰ ਮਾਮਲਿਆਂ ਨੂੰ ਉੱਚ ਸਿਹਤ ਸੰਸਥਾਵਾਂ ਵਿੱਚ ਰੈਫਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀਆਂ ਵੱਲੋਂ ਸਿਹਤ ਸੰਸਥਾਵਾਂ, ਆਂਗਣਵਾੜੀ ਕੇਂਦਰਾਂ, ਸਕੂਲਾਂ ਅਤੇ ਘਰ-ਘਰ ਜਾ ਕੇ ਜਾਗਰੂਕਤਾ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਡਾਇਰੀਆ ਦੀ ਰੋਕਥਾਮ ਬਾਰੇ ਜਾਣੂ ਕਰਵਾਇਆ ਜਾਵੇਗਾ।
ਡਾ. ਨਵਰੂਪ ਕੌਰ ਨੇ ਦੱਸਿਆ ਕਿ ਮੁਹਿੰਮ ਦੌਰਾਨ ਨਵਜੰਮੇ ਅਤੇ ਛੋਟੇ ਬੱਚਿਆਂ ਲਈ ਮਾਂ ਦੇ ਦੁੱਧ ਨੂੰ ਉਤਸ਼ਾਹਿਤ ਕਰਨ, ਰੋਟਾਵਾਇਰਸ ਵੈਕਸੀਨ ਸਮੇਤ ਪੂਰਨ ਟੀਕਾਕਰਨ, ਸਾਫ਼ ਅਤੇ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਵਰਤੋਂ, ਸਾਫ਼-ਸਫ਼ਾਈ ਅਤੇ ਸਾਬਣ ਨਾਲ ਹੱਥ ਧੋਣ ਦੀ ਆਦਤ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ ਤਾਂ ਜੋ ਡਾਇਰੀਆ ਦੀ ਰੋਕਥਾਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।
ਹੋਰ ਪੜ੍ਹੋ 👉  ਅਕਾਲ ਤਖ਼ਤ ਸਾਹਿਬ ਦੇ ਸਤਿਕਾਰ ਵਜੋਂ ਭਗਵੰਤ ਮਾਨ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ: ਕੇਵਲ ਸਿੰਘ ਢਿੱਲੋਂ

Leave a Reply

Your email address will not be published. Required fields are marked *