‘ਆਪ’ ਸਰਕਾਰ ਨੇ ਮਨਰੇਗਾ ‘ਤੇ ਯੂ-ਟਰਨ ਲੈ ਕੇ ਮਜ਼ਦੂਰਾਂ ਅਤੇ ਯੂਰੀਆ ਘਪਲੇ ਰਾਹੀਂ ਕਿਸਾਨਾਂ ਨਾਲ ਕੀਤਾ ਧੋਖਾ: ਰੰਧਾਵਾ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇੱਕ ਪਾਸੇ ਕਿਸਾਨਾਂ ਅਤੇ ਦੂਜੇ ਪਾਸੇ ਮਜ਼ਦੂਰਾਂ ਨਾਲ ਧੋਖਾ ਕੀਤਾ ਹੈ। ਕੇਂਦਰ ਸਰਕਾਰ ਅੱਗੇ ਸਰੰਡਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਜਿਸ VB-GRAM G ਯੋਜਨਾ ਦਾ ਵਿਰੋਧ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਸੀ, ਅੱਜ ਉਸੇ ਯੋਜਨਾ ਨੂੰ ਚੁੱਪ-ਚਾਪ ਪੰਜਾਬ ਵਿੱਚ ਲਾਗੂ ਕਰ ਦਿੱਤਾ ਹੈ। ਇਹ ਲੱਖਾਂ ਮਨਰੇਗਾ ਮਜ਼ਦੂਰਾਂ ਦੇ ਰੋਜ਼ਗਾਰ ਨਾਲ ਕੀਤਾ ਗਿਆ ਸਮਝੌਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਸਪੱਸ਼ਟ ਕਰਨ ਕਿ ਜੇਕਰ ਇਹ ਯੋਜਨਾ ਪਹਿਲਾਂ ਪੰਜਾਬ ਅਤੇ ਸੂਬਿਆਂ ਦੇ ਅਧਿਕਾਰਾਂ ਦੇ ਵਿਰੁੱਧ ਸੀ ਤਾਂ ਹੁਣ ਅਜਿਹਾ ਕੀ ਬਦਲ ਗਿਆ ਕਿ ਉਨ੍ਹਾਂ ਦੀ ਸਰਕਾਰ ਨੇ ਬਿਨਾਂ ਕਿਸੇ ਚਰਚਾ ਅਤੇ ਬਹਿਸ ਦੇ ਇਸ ਨੂੰ ਲਾਗੂ ਕਰ ਦਿੱਤਾ। ਪੰਜਾਬ ਦੇ ਲੋਕ ਇਸ ਯੂ-ਟਰਨ ਦਾ ਜਵਾਬ ਮੰਗ ਰਹੇ ਹਨ।

ਰੰਧਾਵਾ ਨੇ ਕਿਹਾ ਕਿ ਦੂਜੇ ਪਾਸੇ ਯੂਰੀਆ ਘਪਲੇ ਵਿੱਚ ਵੀ ਸਰਕਾਰ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਕਿਸਾਨਾਂ ਲਈ ਸਬਸਿਡੀ ‘ਤੇ ਦਿੱਤੇ ਜਾਣ ਵਾਲੇ ਯੂਰੀਏ ਦੀ ਉਦਯੋਗਿਕ ਵਰਤੋਂ ਬਹੁਤ ਹੀ ਗੰਭੀਰ ਮਾਮਲਾ ਹੈ। ਮਿਲਕਫੈੱਡ ਦੇ ਖੰਨਾ ਸਥਿਤ ਕੈਟਲ ਫੀਡ ਪਲਾਂਟ ਵਿੱਚੋਂ 1,340 ਬੈਗ ਅਤੇ ਮਾਰਕਫੈੱਡ ਦੇ ਕਪੂਰਥਲਾ ਸਥਿਤ ਕੈਟਲ ਫੀਡ ਪਲਾਂਟ ਵਿੱਚੋਂ 300 ਬੈਗ ਟੈਕਨੀਕਲ ਗ੍ਰੇਡ ਯੂਰੀਆ ਬਰਾਮਦ ਹੋਇਆ ਹੈ। ਇੰਨੇ ਵੱਡੇ ਪੱਧਰ ‘ਤੇ ਇਹ ਗੜਬੜ ਸਬੰਧਤ ਅਧਿਕਾਰੀਆਂ ਦੀ ਮਿਲੀਭੁਗਤ ਤੋਂ ਬਿਨਾਂ ਸੰਭਵ ਨਹੀਂ ਹੋ ਸਕਦੀ।

ਉਨ੍ਹਾਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ, ਨਿਰਪੱਖ ਜਾਂਚ ਕਰਵਾਈ ਜਾਵੇ। ਇਸ ਵਿੱਚ ਸ਼ਾਮਲ ਨਿੱਜੀ ਕੰਪਨੀਆਂ ਦੇ ਨਾਲ-ਨਾਲ ਮਾਰਕਫੈੱਡ, ਮਿਲਕਫੈੱਡ ਅਤੇ ਸਬੰਧਤ ਵਿਭਾਗਾਂ ਦੇ ਜ਼ਿੰਮੇਵਾਰ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਹੋਵੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਸਾਨਾਂ ਦੇ ਹੱਕ ਦੀ ਸਬਸਿਡੀ ਲੁੱਟਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਾ ਜਾਵੇ।

ਇਸ ਤੋਂ ਇਲਾਵਾ ਰੰਧਾਵਾ ਨੇ ਆਪਰੇਸ਼ਨ ਸਿੰਦੂਰ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਅਤੇ ਸਾਡੇ ਬਹਾਦਰ ਜਵਾਨਾਂ ਦੀ ਸਰਵੋਚ ਸ਼ਹਾਦਤ ‘ਤੇ ਕਦੇ ਵੀ ਰਾਜਨੀਤੀ ਨਹੀਂ ਹੋਣੀ ਚਾਹੀਦੀ। ਜੇਕਰ ਹੁਣ ਸਰਕਾਰ ਖੁਦ ਮੰਨ ਰਹੀ ਹੈ ਕਿ ਆਪਰੇਸ਼ਨ ਸਿੰਦੂਰ ਦੌਰਾਨ ਛੇ ਬਹਾਦਰ ਜਵਾਨ ਸ਼ਹੀਦ ਹੋਏ ਸਨ, ਤਾਂ ਦੇਸ਼ ਇਹ ਜਾਣਨਾ ਚਾਹੁੰਦਾ ਹੈ ਕਿ ਇਹ ਸੱਚਾਈ 13 ਮਹੀਨੇ 17 ਦਿਨ ਤੱਕ ਕਿਉਂ ਲੁਕਾਈ ਗਈ। ਸ਼ਹੀਦਾਂ ਦੇ ਨਾਮ ਜਨਤਕ ਕਰਨ ਵਿੱਚ ਇੰਨੀ ਦੇਰੀ ਕਿਉਂ ਕੀਤੀ ਗਈ? ਉਨ੍ਹਾਂ ਦੇ ਪਰਿਵਾਰਾਂ ਅਤੇ ਪੂਰੇ ਦੇਸ਼ ਨੂੰ ਸਮੇਂ ਸਿਰ ਜਾਣਕਾਰੀ ਕਿਉਂ ਨਹੀਂ ਦਿੱਤੀ ਗਈ? ਕੀ ਕੇਂਦਰ ਸਰਕਾਰ ਨੇ ਦੇਸ਼ ਤੋਂ ਸੱਚ ਲੁਕਾਇਆ?

ਰੰਧਾਵਾ ਨੇ ਕਿਹਾ ਕਿ 28 ਜੁਲਾਈ 2025 ਨੂੰ ਸੰਸਦ ਵਿੱਚ ਸਰਕਾਰ ਵੱਲੋਂ ਸਪੱਸ਼ਟ ਤੌਰ ‘ਤੇ ਕਿਹਾ ਗਿਆ ਸੀ ਕਿ ਆਪਰੇਸ਼ਨ ਸਿੰਦੂਰ ਵਿੱਚ ਸਾਡੇ ਕਿਸੇ ਵੀ ਜਵਾਨ ਨੂੰ ਕੋਈ ਨੁਕਸਾਨ ਨਹੀਂ ਹੋਇਆ। ਦੇਸ਼ ਦੇ ਨਾਗਰਿਕਾਂ ਨੂੰ ਇਹ ਜਾਣਨ ਦਾ ਪੂਰਾ ਹੱਕ ਹੈ ਕਿ ਆਪਰੇਸ਼ਨ ਸਿੰਦੂਰ ਦੌਰਾਨ ਅਸਲ ਵਿੱਚ ਕੀ ਵਾਪਰਿਆ। ਇਸ ਸੱਚਾਈ ਨੂੰ ਇੰਨਾ ਲੰਮਾ ਸਮਾਂ ਲੁਕਾਉਣ ਲਈ ਜ਼ਿੰਮੇਵਾਰ ਕੌਣ ਹੈ? ਕੇਂਦਰ ਸਰਕਾਰ ਨੂੰ ਇਸ ਪੂਰੇ ਮਾਮਲੇ ‘ਤੇ ਵਿਸਥਾਰ ਨਾਲ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਅਤੇ ਦੱਸਣਾ ਚਾਹੀਦਾ ਹੈ ਕਿ ਦੇਸ਼ ਤੋਂ ਇਹ ਸੱਚ ਇੰਨੇ ਲੰਮੇ ਸਮੇਂ ਤੱਕ ਕਿਉਂ ਲੁਕਾਇਆ ਗਿਆ।

 

Leave a Reply

Your email address will not be published. Required fields are marked *