‘ਖੇਡਾਂ ਵਤਨ ਪੰਜਾਬ ਦੀਆਂ-2026’ ਲੋਕਾਂ ਨੂੰ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ

ਰੂਪਨਗਰ 01 ਸਤੰਬਰ (ਖ਼ਬਰ ਖਾਸ  ਬਿਊਰੋ)
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲਿਜਾਣ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਜ਼ਿਲ੍ਹਾ ਰੂਪਨਗਰ ਵਿੱਚ ਵੀ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸਿਰਫ਼ ਖੇਡ ਮੁਕਾਬਲੇ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਤੇ ਟੀਮ ਭਾਵਨਾ ਪੈਦਾ ਕਰਨ ਦਾ ਇੱਕ ਅਹਿਮ ਮੰਚ ਹੈ। ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ-ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਐਥਲੈਟਿਕਸ, ਕਬੱਡੀ ਨੈਸ਼ਨਲ ਸਟਾਈਲ, ਕਬੱਡੀ ਸਰਕਲ ਸਟਾਈਲ, ਖੋ-ਖੋ, ਵਾਲੀਬਾਲ ਸਮੈਸ਼ਿੰਗ, ਫੁੱਟਬਾਲ, ਟੈਨਿਸ ਬਾਲ ਕ੍ਰਿਕਟ, ਬੈਡਮਿੰਟਨ, ਕਿੱਕ ਬਾਕਸਿੰਗ, ਰੋਲਰ ਸਕੇਟਿੰਗ ਅਤੇ ਸ਼ੂਟਿੰਗ ਸਮੇਤ ਵੱਖ-ਵੱਖ ਖੇਡਾਂ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਰੂਪਨਗਰ ਜ਼ਿਲ੍ਹੇ ਦੇ ਖਿਡਾਰੀਆਂ, ਨੌਜਵਾਨਾਂ, ਕੋਚਾਂ, ਅਧਿਆਪਕਾਂ, ਖੇਡ ਸੰਸਥਾਵਾਂ, ਮਾਪਿਆਂ ਅਤੇ ਸਮੂਹ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਅਤੇ ਹੋਰਨਾਂ ਨੂੰ ਵੀ ਇਸ ਲਈ ਪ੍ਰੇਰਿਤ ਕਰਨ।
ਉਨ੍ਹਾਂ ਦੱਸਿਆ ਕਿ ਖੇਡਾਂ ਸਾਡੀ ਸਿਹਤ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ। ਰੂਪਨਗਰ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨ ਜੇਕਰ ਇਨ੍ਹਾਂ ਖੇਡਾਂ ਨਾਲ ਜੁੜਦੇ ਹਨ ਤਾਂ ਇਹ ਜ਼ਿਲ੍ਹੇ ਵਿੱਚ ਇੱਕ ਮਜ਼ਬੂਤ ਖੇਡ ਸੱਭਿਆਚਾਰ ਅਤੇ ਸਿਹਤਮੰਦ ਸਮਾਜ ਦੀ ਨੀਂਹ ਹੋਰ ਮਜ਼ਬੂਤ ਕਰੇਗਾ।
ਡਿਪਟੀ ਕਮਿਸ਼ਨਰ ਸ੍ਰੀ ਅਦਿੱਤਿਆ ਡੇਚਲਵਾਲ ਨੇ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਰਾਜ ਪੱਧਰੀ ਆਗਾਜ਼ 5 ਸਤੰਬਰ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੂਪਨਗਰ ਵਿੱਚ ਇਨ੍ਹਾਂ ਖੇਡਾਂ ਦੀ ਸ਼ੁਰੂਆਤ 9 ਸਤੰਬਰ ਤੋਂ ਹੋਵੇਗੀ। ਜ਼ਿਲ੍ਹੇ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ 9 ਤੋਂ 14 ਸਤੰਬਰ ਤੱਕ ਕਰਵਾਏ ਜਾਣਗੇ। ਇਸ ਤਹਿਤ 9 ਤੋਂ 11 ਸਤੰਬਰ ਤੱਕ ਬਲਾਕ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਚਮਕੌਰ ਸਾਹਿਬ ਅਤੇ ਰੂਪਨਗਰ ਦੇ ਖੇਡ ਮੁਕਾਬਲੇ ਹੋਣਗੇ, ਜਦਕਿ 12 ਤੋਂ 14 ਸਤੰਬਰ ਤੱਕ ਬਲਾਕ ਮੋਰਿੰਡਾ ਅਤੇ ਨੂਰਪੁਰ ਬੇਦੀ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਸ ਉਪਰੰਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 21 ਤੋਂ 30 ਸਤੰਬਰ ਤੱਕ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਖੇਡਾਂ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਵੱਖ-ਵੱਖ ਉਮਰ ਵਰਗਾਂ ਦੇ ਖਿਡਾਰੀ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਖਿਡਾਰੀ ਆਪਣੀ ਰਜਿਸਟ੍ਰੇਸ਼ਨ ਕਿਊ.ਆਰ. ਸਕੈਨਰ ਰਾਹੀਂ ਵੀ ਕਰਵਾ ਸਕਦੇ ਹਨ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਖਿਡਾਰੀਆਂ ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਰੂਪਨਗਰ ਜ਼ਿਲ੍ਹੇ ਦਾ ਨਾਮ ਰੌਸ਼ਨ ਕਰਨ।
ਹੋਰ ਪੜ੍ਹੋ 👉  ਨਸ਼ਿਆਂ ਤੇ ਐਚ.ਆਈ.ਵੀ. ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੰਦੀ ਜ਼ਿਲ੍ਹਾ ਪੱਧਰੀ ‘ਰੈੱਡ ਰਨ ਮੈਰਾਥਨ’ ਕਰਵਾਈ

Leave a Reply

Your email address will not be published. Required fields are marked *