ਰੂਪਨਗਰ, 24 ਸਤੰਬਰ (ਖ਼ਬਰ ਖਾਸ ਬਿਊਰੋ): ਸਿਹਤ ਵਿਭਾਗ ਰੂਪਨਗਰ ਵੱਲੋਂ 22 ਤੋਂ 28 ਸਤੰਬਰ ਤੱਕ ਵਿਸ਼ਵ ਰੇਬੀਜ਼ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸਿਵਲ ਸਰਜਨ ਰੂਪਨਗਰ ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਇਸ ਜਾਗਰੂਕਤਾ ਹਫ਼ਤੇ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਰੇਬੀਜ਼ ਵਰਗੀ ਜਾਨਲੇਵਾ ਬਿਮਾਰੀ ਦੇ ਖ਼ਤਰਿਆਂ ਅਤੇ ਇਸ ਤੋਂ ਬਚਾਅ ਦੇ ਢੰਗਾਂ ਬਾਰੇ ਜਾਗਰੂਕ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਰੇਬੀਜ਼ ਇੱਕ ਗੰਭੀਰ ਅਤੇ ਜਾਨਲੇਵਾ ਬਿਮਾਰੀ ਹੈ, ਪਰ ਜਾਨਵਰ ਦੇ ਕੱਟਣ ਜਾਂ ਸੰਪਰਕ ਵਿੱਚ ਆਉਣ ਤੋਂ ਬਾਅਦ ਸਮੇਂ ਸਿਰ ਸਹੀ ਇਲਾਜ ਅਤੇ ਟੀਕਾਕਰਨ ਕਰਵਾਉਣ ਨਾਲ ਇਸ ਤੋਂ ਬਚਾਅ ਸੰਭਵ ਹੈ। ਇਸ ਲਈ ਲੋਕਾਂ ਵਿੱਚ ਇਸ ਬਿਮਾਰੀ ਸਬੰਧੀ ਸਹੀ ਜਾਣਕਾਰੀ ਅਤੇ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ।
ਡਾ. ਵਿਵੇਕ ਕਟਾਰੀਆ ਨੇ ਦੱਸਿਆ ਕਿ ਵਿਸ਼ਵ ਰੇਬੀਜ਼ ਹਫ਼ਤੇ ਦੌਰਾਨ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ, ਕਮਿਊਨਿਟੀ ਹੈਲਥ ਸੈਂਟਰਾਂ ਅਤੇ ਪ੍ਰਾਇਮਰੀ ਹੈਲਥ ਸੈਂਟਰਾਂ ਵਿਖੇ ਜਾਗਰੂਕਤਾ ਕੈਂਪ, ਸੈਮੀਨਾਰ ਅਤੇ ਹੋਰ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਸ ਤੋਂ ਇਲਾਵਾ ਸਕੂਲਾਂ, ਆਂਗਣਵਾੜੀ ਕੇਂਦਰਾਂ ਅਤੇ ਭਾਈਚਾਰਕ ਪੱਧਰ ’ਤੇ ਵੀ ਲੋਕਾਂ ਨੂੰ ਰੇਬੀਜ਼ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਕਿਸੇ ਵੀ ਜਾਨਵਰ, ਖ਼ਾਸ ਕਰਕੇ ਕੁੱਤੇ, ਬਿੱਲੀ ਜਾਂ ਬਾਂਦਰ ਦੇ ਕੱਟਣ, ਖਰੋਚਣ ਜਾਂ ਜ਼ਖ਼ਮ ਨੂੰ ਚੱਟਣ ਦੀ ਘਟਨਾ ਨੂੰ ਕਦੇ ਵੀ ਮਾਮੂਲੀ ਨਹੀਂ ਸਮਝਣਾ ਚਾਹੀਦਾ। ਅਜਿਹੀ ਸਥਿਤੀ ਵਿੱਚ ਤੁਰੰਤ ਅਤੇ ਸਹੀ ਕਾਰਵਾਈ ਕਰਨਾ ਬਹੁਤ ਜ਼ਰੂਰੀ ਹੈ।
ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਜਾਨਵਰ ਵੱਲੋਂ ਕੱਟਿਆ ਜਾਂ ਖਰੋਚਿਆ ਜਾਵੇ ਤਾਂ ਸਭ ਤੋਂ ਪਹਿਲਾਂ ਜ਼ਖ਼ਮ ਨੂੰ ਸਾਬਣ ਅਤੇ ਵਗਦੇ ਸਾਫ਼ ਪਾਣੀ ਨਾਲ ਘੱਟੋ-ਘੱਟ 15 ਮਿੰਟ ਤੱਕ ਚੰਗੀ ਤਰ੍ਹਾਂ ਧੋਣਾ ਚਾਹੀਦਾ ਹੈ। ਇਸ ਤੋਂ ਬਾਅਦ ਜ਼ਖ਼ਮ ਨੂੰ ਉਚਿਤ ਐਂਟੀਸੈਪਟਿਕ ਨਾਲ ਸਾਫ਼ ਕਰਕੇ ਬਿਨਾਂ ਕਿਸੇ ਦੇਰੀ ਦੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿਖੇ ਪਹੁੰਚਣਾ ਚਾਹੀਦਾ ਹੈ, ਜਿੱਥੇ ਡਾਕਟਰੀ ਸਲਾਹ ਅਨੁਸਾਰ ਲੋੜੀਂਦਾ ਇਲਾਜ ਅਤੇ ਰੇਬੀਜ਼ ਰੋਕੂ ਟੀਕਾਕਰਨ ਕਰਵਾਇਆ ਜਾਵੇ।
ਸਿਵਲ ਸਰਜਨ ਡਾ. ਵਿਵੇਕ ਕਟਾਰੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੇਬੀਜ਼ ਤੋਂ ਬਚਾਅ ਲਈ ਜਾਗਰੂਕ ਰਹਿਣ, ਆਪਣੇ ਪਾਲਤੂ ਜਾਨਵਰਾਂ ਦਾ ਸਮੇਂ ਸਿਰ ਟੀਕਾਕਰਨ ਕਰਵਾਉਣ ਅਤੇ ਜਾਨਵਰ ਦੇ ਕੱਟਣ ਜਾਂ ਖਰੋਚਣ ਦੀ ਕਿਸੇ ਵੀ ਘਟਨਾ ਨੂੰ ਅਣਦੇਖਾ ਨਾ ਕਰਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਵਚਨਬੱਧ ਹੈ ਅਤੇ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ।