ਰੂਪਨਗਰ, 25 ਸਤੰਬਰ (ਖ਼ਬਰ ਖਾਸ ਬਿਊਰੋ) : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਅੱਜ ਡਾ. ਬੀ. ਆਰ. ਅੰਬੇਡਕਰ ਭਵਨ, ਰੂਪਨਗਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਯੋਗ ਲਾਭਪਾਤਰੀਆਂ ਨੂੰ ਸਿਹਤ ਕਾਰਡ ਵੰਡੇ ਗਏ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ, ਖ਼ਾਸ ਕਰਕੇ ਲੋੜਵੰਦ ਪਰਿਵਾਰਾਂ ਤੱਕ ਸਿਹਤ ਸਹੂਲਤਾਂ ਦੀ ਪਹੁੰਚ ਯਕੀਨੀ ਬਣਾਉਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਮਨੁੱਖੀ ਜੀਵਨ ਦੀ ਸਭ ਤੋਂ ਅਹਿਮ ਲੋੜ ਹੈ ਅਤੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੰਦਿਆਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਿਹਤ ਕਾਰਡ ਮਿਲਣ ਨਾਲ ਯੋਗ ਲਾਭਪਾਤਰੀਆਂ ਨੂੰ ਸਿਹਤ ਸੇਵਾਵਾਂ ਦਾ ਲਾਭ ਲੈਣ ਵਿੱਚ ਹੋਰ ਆਸਾਨੀ ਹੋਵੇਗੀ ਅਤੇ ਇਲਾਜ ਨਾਲ ਸਬੰਧਤ ਖਰਚਿਆਂ ਦਾ ਬੋਝ ਘਟਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਅਸਲ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੋੜਵੰਦ ਪਰਿਵਾਰ ਆਰਥਿਕ ਮੁਸ਼ਕਲ ਕਾਰਨ ਸਿਹਤ ਸਹੂਲਤ ਤੋਂ ਵਾਂਝਾ ਨਾ ਰਹੇ।
ਇਸ ਮੌਕੇ ਵਿਧਾਇਕ ਐਡਵੋਕੇਟ ਸ੍ਰੀ ਦਿਨੇਸ਼ ਕੁਮਾਰ ਚੱਢਾ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਨਾਲ ਜੋੜਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਵਿਧਾਇਕ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਲੋਕਾਂ ਤੱਕ ਪਹੁੰਚਾਉਣ ਲਈ ਸਬੰਧਤ ਵਿਭਾਗਾਂ ਅਤੇ ਸਥਾਨਕ ਸੰਸਥਾਵਾਂ ਵੱਲੋਂ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਿਹਤ ਕਾਰਡ ਦਾ ਯੋਗ ਤਰੀਕੇ ਨਾਲ ਲਾਭ ਲੈਂਦਿਆਂ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਆਪਣੇ ਆਲੇ-ਦੁਆਲੇ ਦੇ ਹੋਰ ਯੋਗ ਲੋਕਾਂ ਨੂੰ ਵੀ ਜਾਗਰੂਕ ਕਰਨ।
ਸਮਾਗਮ ਦੌਰਾਨ ਲਾਭਪਾਤਰੀਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਸਿਹਤ ਸਹੂਲਤਾਂ ਨੂੰ ਲੋਕਾਂ ਦੀ ਪਹੁੰਚ ਵਿੱਚ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਗਈ ਅਤੇ ਸਿਹਤ ਕਾਰਡ ਪ੍ਰਾਪਤ ਕਰਕੇ ਸਰਕਾਰ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਤਹਿਸੀਲਦਾਰ ਰੂਪਨਗਰ ਸੁਰਿੰਦਰਪਾਲ ਪੰਨੂ, ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ, ਸਿਹਤ ਵਿਭਾਗ ਤੋਂ ਮੈਡੀਕਲ ਕਮਿਸ਼ਨਰ ਡਾ. ਉਰਮਿਲ ਗਰਗ, ਡਾ. ਅਮਨਦੀਪ ਕੌਰ, ਅਮਨਦੀਪ ਸਿੰਘ, ਵਿਕਰਾਂਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।