ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਗੋਇਲ

ਚੰਡੀਗੜ੍ਹ, 2 ਨਵੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ  ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ ‘ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ।

ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੋਇਲ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਹੋਰ ਪੜ੍ਹੋ 👉  ਸਰਕਾਰੀ ਕਾਲਜ ਰੂਪਨਗਰ ਦੀਆਂ ਐੱਨ.ਐੱਸ.ਐੱਸ. ਵਲੰਟੀਅਰਾਂ ਨੇ ਕੌਮੀ ਪੱਧਰ ’ਤੇ ਚਮਕਾਇਆ ਕਾਲਜ ਦਾ ਨਾਮ

ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ ‘ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਆਮਦ ਲਗਾਤਾਰ ਵਧਣ ਕਾਰਨ ਮੰਡੀ ਵਿੱਚ ਖ਼ਰੀਦ ਅਤੇ ਵਪਾਰਕ ਗਤੀਵਿਧੀਆਂ ਲਈ ਉਪਲਬਧ ਥਾਂ ਨਾਕਾਫ਼ੀ ਹੋ ਗਈ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੌਜੂਦਾ ਅਨਾਜ ਮੰਡੀ ਸ਼ਹਿਰ ਦੇ ਬਿਲਕੁਲ ਵਿਚਕਾਰ ਸਥਿਤ ਹੋਣ ਕਾਰਨ ਖ਼ਰੀਦ ਸੀਜ਼ਨ ਦੌਰਾਨ ਆਵਾਜਾਈ ਦੀ ਗੰਭੀਰ ਸਮੱਸਿਆ ਪੈਦਾ ਹੁੰਦੀ ਸੀ ਜਿਸ ਕਰਕੇ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਵੱਲੋਂ ਲੰਮੇ ਸਮੇਂ ਤੋਂ ਇਸ ਸਮੱਸਿਆ ਦੇ ਹੱਲ ਅਤੇ ਖੇਤੀਬਾੜੀ ਉਤਪਾਦਾਂ ਦੀ ਸੁਚਾਰੂ ਖ਼ਰੀਦ ਲਈ ਨਵੀਂ ਅਨਾਜ ਮੰਡੀ ਸਥਾਪਤ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

ਹੋਰ ਪੜ੍ਹੋ 👉  ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ: ਡਿਪਟੀ ਕਮਿਸ਼ਨਰ

ਗੋਇਲ ਨੇ ਕਿਹਾ ਕਿ ਨਵੀਂ ਅਨਾਜ ਮੰਡੀ ਸਥਾਪਤ ਹੋਣ ਨਾਲ ਕਿਸਾਨਾਂ, ਵਪਾਰੀਆਂ ਅਤੇ ਆੜ੍ਹਤੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲਹਿਰਾਗਾਗਾ ਸ਼ਹਿਰ ਵਿੱਚ ਟ੍ਰੈਫ਼ਿਕ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਨਵੀਂ ਮੰਡੀ ਸਮੁੱਚੇ ਇਲਾਕੇ ਦੀਆਂ ਖੇਤੀਬਾੜੀ ਅਤੇ ਵਪਾਰਕ ਲੋੜਾਂ ਨੂੰ ਪੂਰਾ ਕਰਨ ਵਿੱਚ ਵੀ ਸਹਾਈ ਹੋਵੇਗੀ।

 

Leave a Reply

Your email address will not be published. Required fields are marked *