ਚੰਡੀਗੜ੍ਹ 30 ਮਈ (ਖ਼ਬਰ ਖਾਸ ਬਿਊਰੋ)
13 ਲੋਕ ਸਭਾ ਸੀਟਾਂ ਲਈ ਚੋਣ ਪ੍ਰਚਾਰ ਵੀਰਵਾਰ ਸ਼ਾਮ ਛੇ ਵਜੇ ਬੰਦ ਹੋ ਗਿਆ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਅੱਧੀ ਦਰਜਨ ਤੋਂ ਵੱਧ ਆਗੂਆਂ ਨੇ ਚੋਣ ਪ੍ਰਚਾਰ ਵਿਚ ਆਖ਼ਰੀ ਹੰਭਲਾ ਮਾਰਦੇ ਹੋਏ ਆਪਣੀ ਆਪਣੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਪੂਰੀ ਤਾਕਤ ਝੋਕ ਦਿੱਤੀ। ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਲਿਖੀ ਚਿੱਠੀ ਦੀ ਅਪੀਲ ਕਰਦਿਆਂ ਯੂ.ਪੀ.ਏ ਸਰਕਾਰ ਦੌਰਾਨ ਕੀਤੇ ਕੰਮਾਂ ਨੂੰ ਦੇਖਦਿਆਂ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ।
ਸਿਆਸੀ ਤੌਰ ‘ਤੇ ਸਾਰਿਆਂ ਦੀਆਂ ਨਜ਼ਰਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਦੇ ਸਾਬਕਾ ਰਾਸ਼ਟਰੀ ਪ੍ਰਧਾਨ ਰਾਹੁਲ ਗਾਂਧੀ ‘ਤੇ ਟਿਕੀਆਂ ਹੋਈਆਂ ਸਨ। ਪ੍ਰਧਾਨ ਮੰਤਰੀ ਨੇ ਹੁਸ਼ਿਆਰਪੁਰ ਵਿੱਚ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਰੈਲੀ ਕੀਤੀ। ਉਧਰ ਰਾਹੁਲ ਗਾਂਧੀ ਨੇ ਵੀ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜਕਲਾਂ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ। ਰਾਜਨੀਤੀ ਅਤੇ ਸਟਾਰ ਪ੍ਰਚਾਰਕਾਂ ਦੀ ਗੱਲ ਕਰੀਏ ਤਾਂ ਭਾਜਪਾ ਨੇ ਚੋਣ ਪ੍ਰਚਾਰ ਦੇ ਆਖਰੀ ਦਿਨ ਆਪਣਾ ਸਰਵਸ੍ਰੇਸ਼ਠ ਪ੍ਰਦਰਸ਼ਨ ਕੀਤਾ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੰਮ੍ਰਿਤਸਰ ਅਤੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਯੋਗੀ ਆਦਿਤਿਆ ਨਾਥ ਨੇ ਲੁਧਿਆਣਾ ਚ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ ਸੁਭਾਸ਼ ਸ਼ਰਮਾ ਲਈ ਵੋਟਾਂ ਮੰਗੀਆਂ।
‘ਆਪ’ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਆਖਰੀ ਪੜਾਅ ‘ਤੇ ਆਪਣਾ ਪ੍ਰਭਾਵ ਜਤਾਇਆ ਹੈ। ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਖੇਤਰ ਪਟਿਆਲਾ ਵਿੱਚ ਡਾਕਟਰ ਬਲਬੀਰ ਸਿੰਘ ਅਤੇ ਸੰਗਰੂਰ ਵਿੱਚ ਗੁਰਮੀਤ ਸਿੰਘ ਮੀਤ ਹੇਅਰ ਲਈ ਰੋਡ ਸ਼ੋਅ ਕੱਢਿਆ। ਖਾਸ ਗੱਲ ਇਹ ਰਹੀ ਕਿ ਚੋਣ ਪ੍ਰਚਾਰ ਦੇ ਆਖਰੀ ਦਿਨ ਕਾਂਗਰਸ ਨੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਪੱਤਾ ਖੇਡਿਆ। ਪਾਰਟੀ ਦੇ ਕੌਮੀ ਬੁਲਾਰੇ ਪਵਨ ਖੇੜਾ ਅਤੇ ਸੂਬਾ ਇੰਚਾਰਜ ਦੇਵੇਂਦਰ ਯਾਦਵ ਨੇ 91 ਸਾਲਾ ਡਾ.ਮਨਮੋਹਨ ਸਿੰਘ ਨੂੰ ਮੰਗ ਪੱਤਰ ਸੌਂਪਿਆ। ਜਿਸ ਵਿੱਚ ਉਨ੍ਹਾਂ ਪੰਜਾਬ ਅਤੇ ਦੇਸ਼ ਦੀ ਬਿਹਤਰੀ ਲਈ ਕਾਂਗਰਸ ਨੂੰ ਵੋਟ ਦੇਣ ਦੀ ਮੰਗ ਕੀਤੀ ਹੈ। ਖਾਸ ਗੱਲ ਇਹ ਸੀ ਕਿ ਭਾਜਪਾ ਨੇਤਾਵਾਂ ਨੇ ਸਿੱਧੇ ਤੌਰ ‘ਤੇ ਕਾਂਗਰਸ ਅਤੇ ਆਮ ਆਦਮੀ ਪਾਰਟੀ ‘ਤੇ ਨਿਸ਼ਾਨਾ ਸਾਧਿਆ। ਜਦੋਂਕਿ ਕਾਂਗਰਸ ਅਤੇ ‘ਆਪ’ ਨੇ ਆਪਣਾ ਸਾਰਾ ਧਿਆਨ ਭਾਜਪਾ ‘ਤੇ ਰੱਖਿਆ।