ਚੰਡੀਗੜ੍ਹ, 7 (ਖ਼ਬਰ ਖਾਸ ਬਿਊਰੋ)
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾ ਭੁਗਤ ਰਹੇ ਜਗਤਾਰ ਸਿੰਘ ਹਵਾਰਾ ਖਿਲਾਫ਼ ਪੈਡਿੰਗ ਕੇਸਾਂ ਦੀ ਮੁਕੰਮਲ ਜਾਣਕਾਰੀ ਮੰਗੀ ਹੈ। ਹਾਈਕੋਰਟ ਨੇ ਜਗਤਾਰ ਸਿੰਘ ਹਵਾਰਾ ਦੇ ਵਕੀਲ ਨੂੰ 9 ਜੁਲਾਈ ਤੱਕ ਜਗਤਾਰ ਸਿੰਘ ਹਵਾਰਾ ‘ਤੇ ਕਿਹੜੇ-ਕਿਹੜੇ ਕੇਸ ਪੈਂਡਿੰਗ ਹਨ, ਸਬੰਧੀ ਪੂਰੀ ਰਿਪੋਰਟ ਪੇਸ਼ ਕਰਨ ਦੀ ਹਦਾਇਤ ਕੀਤੀ ਹੈ।
ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੀਆਂ ਅਦਾਲਤਾਂ ਵਿਚ ਹਵਾਰਾ ਖਿਲਾਫ਼ ਕਈ ਮਾਮਲੇ ਲਟਕਦੇ ਹਨ। ਦਰਜਨਾਂ ਕੇਸਾਂ ਸਬੰਧੀ ਦਾਇਰ ਪਟੀਸ਼ਨ ’ਤੇ ਤਿਹਾੜ ਜੇਲ੍ਹ ਵਿੱਚ ਹੀ ਵੀਸੀ ਰਾਹੀਂ ਸੁਣਵਾਈ ਹੋਣੀ ਹੈ। ਇਸ ਮਾਮਲੇ ‘ਚ ਹਵਾਰਾ ਨੇ ਪਟੀਸ਼ਨ ‘ਚ ਕਿਹਾ ਹੈ ਕਿ ਉਸ ਵਿਰੁੱਧ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ‘ਚ ਕੇਸ ਪੈਂਡਿੰਗ ਹਨ। ਉਹ ਇਸ ਸਮੇਂ ਜੇਲ੍ਹ ਵਿੱਚ ਹੈ ਅਤੇ ਹਰੇਕ ਕੇਸ ਵਿੱਚ ਵਿਅਕਤੀਗਤ ਤੌਰ ‘ਤੇ ਪੇਸ਼ ਨਹੀਂ ਹੋ ਸਕਦਾ। ਅਜਿਹੀ ਸਥਿਤੀ ਵਿੱਚ ਸਬੰਧਤ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਹਰ ਹਾਲਤ ਵਿੱਚ ਉਸ ਨੂੰ ਅਦਾਲਤ ਵਿਚ ਪੇਸ਼ ਕਰੇ ਪਰ ਅਜਿਹਾ ਨਹੀਂ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪਟੀਸ਼ਨਕਰਤਾ ਨੂੰ ਨੁਕਸਾਨ ਉਠਾਉਣਾ ਪੈ ਸਕਦਾ ਹੈ। ਪਟੀਸ਼ਨਰ ਨੇ ਕਿਹਾ ਕਿ ਉਸ ਦੇ ਖਿਲਾਫ ਲੰਬਿਤ ਸਾਰੇ ਕੇਸਾਂ ਦੀ ਸੁਣਵਾਈ ਕਿਸੇ ਇੱਕ ਅਦਾਲਤ ਵਿੱਚ ਹੋਣੀ ਚਾਹੀਦੀ ਹੈ। ਹਵਾਰਾ ਖ਼ਿਲਾਫ਼ ਦਿੱਲੀ ਵਿੱਚ ਕੁੱਲ 31, ਹਰਿਆਣਾ ਵਿੱਚ ਇੱਕ, ਚੰਡੀਗੜ੍ਹ ਵਿਚ ਤਿੰਨ ਅਤੇ ਪੰਜਾਬ ਦੀਆਂ ਕਈ ਜ਼ਿਲ੍ਹਾ ਅਦਾਲਤਾਂ ਵਿੱਚ ਕੇਸ ਪੈਂਡਿੰਗ ਹਨ। ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਪਹਿਲੀ ਵਾਰ ਸਾਲ 1995 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਹਵਾਰਾ ਖ਼ਿਲਾਫ਼ ਹੋਰ ਵੀ ਕਈ ਥਾਵਾਂ ’ਤੇ ਕੇਸ ਦਰਜ ਕੀਤੇ ਗਏ ਸਨ। ਹਾਈਕੋਰਟ ਨੇ ਹਵਾਰਾ ਦੇ ਵਕੀਲ ਤੋਂ ਪੁੱਛਿਆ ਕਿ ਹਵਾਰਾ ਖਿਲਾਫ ਕਿਹੜੀਆਂ ਅਦਾਲਤਾਂ ਅਤੇ ਕਿਹੜੇ ਅਪਰਾਧਾਂ ਲਈ ਕਿੰਨੇ ਕੇਸ ਪੈਂਡਿੰਗ ਹਨ। ਹਾਈਕੋਰਟ ਨੇ ਅਗਲੀ ਸੁਣਵਾਈ ‘ਤੇ ਇਸ ਸਬੰਧ ‘ਚ ਅੰਕੜਿਆਂ ਸਮੇਤ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।