ਅੰਮ੍ਰਿਤਸਰ ਸਾਹਿਬ 8 ਜੂਨ (ਖ਼ਬਰ ਖਾਸ ਬਿਊਰੋੋ)
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਫੈਸਲਾ ਲਿਆ ਗਿਆ ਕਿ ਖਡੂਰ ਸਾਹਿਬ ਤੋ ਜਿੱਤੇ ਅੰਮ੍ਰਿਤਪਾਲ ਸਿੰਘ ਦੀ ਲੜਾਈ ਸਰੋਮਣੀ ਕਮੇਟੀ ਪਹਿਲਾਂ ਵੀ ਲੜ ਰਹੀ ਸੀ ਤੇ ਭਵਿੱਖ ਵਿਚ ਵੀ ਲੜੇਗੀ। ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ ਨੇ ਪੰਥਕ ਆਗੂਆਂ ਅੰਮ੍ਰਿਤਪਾਲ ਸਿੰਘ ਅਤੇ ਸਰਬਜੀਤ ਸਿੰਘ ਖਾਲਸਾ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਕਾਨੂੰਨੀ ਲੜਾਈ ਲੜ ਰਹੀ ਹੈ ਅਤੇ ਲੜਦੀ ਰਹੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਐਮ.ਪੀ ਬਣਨ ਤੋਂ ਬਾਅਦ ਲੋਕ ਨੁਮਾਇੰਦੇ ਵਜੋਂ ਕਿਵੇਂ ਰਿਹਾਅ ਕੀਤਾ ਜਾ ਸਕਦਾ ਹੈ, ਇਹ ਕਾਨੂੰਨੀ ਪਹਿਲੂ ਹੈ, ਵਕੀਲ ਭਗਵੰਤ ਸਿੰਘ ਸਿਆਲਕਾ ਕਾਨੂੰਨੀ ਪਹਿਲੂਆਂ ‘ਤੇ ਵਿਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫਰੀਦਕੋਟ ਤੋਂ ਸੰਸਦ ਮੈਂਬਰ ਬਣੇ ਸਰਬਜੀਤ ਸਿੰਘ ਖਾਲਸਾ ਦੀ ਇਹ ਤੀਜੀ ਪੀੜ੍ਹੀ ਹੈ, ਜਿਸ ਨੇ ਸਰਗਰਮ ਸਿਆਸਤ ਰਾਹੀਂ ਚੋਣ ਜਿੱਤੀ ਹੈ।
ਨਵ-ਨਿਯੁਕਤ ਸੰਸਦ ਮੈਂਬਰ ਕੰਗਨਾ ਰਣੌਤ ਅਤੇ ਸੀਆਈਐਸਐਫ ਦੀ ਜਵਾਨ ਕੁਲਵਿੰਦਰ ਕੌਰ ਦਰਮਿਆਨ ਪੈਦਾ ਹੋਏ ਵਿਵਾਦ ਉਤੇ ਕਾਂਸਟੇਬਲ ਕੁਲਵਿੰਦਰ ਕੌਰ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਕੇਸ ਦਰਜ ਕਰਨ ਤੋਂ ਪਹਿਲਾਂ ਕੰਗਨਾ ਦੀ ਭੂਮਿਕਾ ਅਤੇ ਟਿੱਪਣੀਆਂ ਦੀ ਜਾਂਚ ਹੋਣੀ ਚਾਹੀਦੀ ਸੀ। ਉਨਾਂ ਕਿਹਾ ਕਿ ਕੰਗਨਾ ਦੀ ਟਿੱਪਣੀ ਕਾਰਨ ਹੀ ਇਹ ਭਾਣਾ ਵਾਪਰਿਆ ਹੈ।