ਬਠਿੰਡਾ 9 ਜੂਨ (ਖ਼ਬਰ ਖਾਸ ਬਿਊਰੋ)
ਬਠਿੰਡਾ ਪੁਲਿਸ ਤੇ ਡਰੱਗ ਵਿਭਾਗ ਨੇ ਸਾਂਝੇ ਤੌਰ ‘ਤੇ ਕਾਰਵਾਈ ਕਰਦੇ ਹੋਏ ਤਲਵੰਡੀ ਸਾਬੋ ਵਿਖੇ ਸਥਿਤ ਇੱਕ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਕੀਤੀਆਂ ਹਨ। ਜਿਸ ਕਰਕੇ ਮੈਡੀਕਲ ਸਟੋਰ ਨੂੰ ਸੀਲ ਕਰ ਦਿੱਤਾ ਗਿਆ ਹੈ। ਮੁੱਢਲੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਮੈਡੀਕਲ ਸਟੋਰ ਦਾ ਲਾਇਸੈਂਸ ਵੀ ਕਿਸੇ ਹੋਰ ਵਿਅਕਤੀ ਦੇ ਨਾਮ ‘ਤੇ ਸੀ। ਪੁਲਿਸ ਨੇ ਮੈਡੀਕਲ ਸਟੋਰ ਤੋਂ ਬਰਾਮਦ ਪਾਬੰਦੀਸ਼ੁਦਾ ਦਵਾਈਆਂ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਡੀਐਸਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਐਸਐਸਪੀ ਬਠਿੰਡਾ ਦੀਪਕ ਪਾਰੀਕ ਦੇ ਹੁਕਮਾਂ ’ਤੇ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਮੁੱਖ ਥਾਣਾ ਅਫਸਰ ਤਲਵੰਡੀ ਸਾਬੋ ਨੇ ਡਰੱਗ ਇੰਸਪੈਕਟਰ ਇਕਾਂਤ ਸਿੰਗਲਾ ਦੇ ਨਾਲ ਮਿਲ ਕੇ ਤਲਵੰਡੀ ਸਥਿਤ ਧਾਲੀਵਾਲ ਮੈਡੀਕਲ ਸਟੋਰ ’ਤੇ ਛਾਪਾ ਮਾਰਿਆ। ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੈਡੀਕਲ ਸਟੋਰ ਦਾ ਸੰਚਾਲਕ ਪਾਬੰਦੀਸ਼ੁਦਾ ਦਵਾਈਆਂ ਵੇਚਦਾ ਹੈ। ਸੂਚਨਾ ਦੇ ਆਧਾਰ ‘ਤੇ ਪੁਲਸ ਟੀਮ ਨੇ ਡਰੱਗ ਇੰਸਪੈਕਟਰ ਦੇ ਨਾਲ ਦੁਕਾਨ ਦੀ ਜਾਂਚ ਕੀਤੀ ਤਾਂ ਉਥੇ ਭਾਰੀ ਮਾਤਰਾ ‘ਚ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਈਆਂ। ਜਿਸ ਤੋਂ ਬਾਅਦ ਡਰੱਗ ਇੰਸਪੈਕਟਰ ਨੇ ਕਾਰਵਾਈ ਕਰਦੇ ਹੋਏ ਮੈਡੀਕਲ ਸਟੋਰ ਨੂੰ ਮੌਕੇ ‘ਤੇ ਹੀ ਸੀਲ ਕਰ ਦਿੱਤਾ।
ਡੀ.ਐਸ.ਪੀ ਤਲਵੰਡੀ ਸਾਬੋ ਰਾਜੇਸ਼ ਸਨੇਹੀ ਨੇ ਦੱਸਿਆ ਕਿ ਡਰੱਗ ਇੰਸਪੈਕਟਰ ਨੇ ਚੈਕਿੰਗ ਕਰਨ ਉਪਰੰਤ ਧਾਲੀਵਾਲ ਮੈਡੀਕਲ ਸਟੋਰ ਦੇ ਮਾਲਕ ਸੰਦੀਪ ਸਿੰਘ ਵਾਸੀ ਜੀਵਨ ਸਿੰਘ ਵਾਲਾ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਦੱਸਿਆ ਕਿ ਧਾਲੀਵਾਲ ਮੈਡੀਕਲ ਸਟੋਰ ਦਾ ਫਾਰਮਾਸਿਸਟ ਰਾਮ ਜਿੰਦਲ ਵਾਸੀ ਤਲਵੰਡੀ ਸਾਬੋ ਦੇ ਨਾਮ ‘ਤੇ ਹੈ। ਡੀਐਸਪੀ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਨਸ਼ੀਲੇ ਪਦਾਰਥ ਵੇਚਦਾ ਹੈ ਤਾਂ ਇਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ ਗੁਪਤ ਰੱਖਿਆ ਜਾਵੇਗਾ।