ਚੰਡੀਗੜ 15 ਜੂਨ (ਖ਼ਬਰ ਖਾਸ ਬਿਊਰੋ)
ਜਬਰ ਜਨਾਹ ਦੇ ਮਾਮਲੇ ਵਿਚ ਹਰਿਆਣਾ ਦੀ ਸਨਾਰੀਆ ਜੇਲ ਵਿਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਮੁੜ 21 ਦਿਨਾਂ ਦੀ ਫਰਲੋ ਲੈਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ। ਵਾਰ ਵਾਰ ਹਰਿਆਣਾ ਸਰਕਾਰ ਵਲੋਂ ਡੇਰਾ ਮੁਖੀ ਨੂੰ ਫਰਲੋ ਦੇਣ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਤਰਾਜ਼ ਪ੍ਰਗਟ ਕੀਤਾ ਸੀ ਅਤ ਹਾਈਕੋਰਟ ਵਿਚ ਡੇਰਾ ਮੁਖੀ ਨੂੰ ਵਾਰ ਵਾਰ ਫਰਲੋ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਹਾਈਕੋਰਟ ਨੇ ਫਰਵਰੀ 2024 ਨੂੰ ਹਰਿਆਣਾ ਸਰਕਾਰ ਨੂੰ ਅਦਾਲਤ ਦੀ ਆਗਿਆ ਬਿਨਾਂ ਫਰਲੋ ਨਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਸਨ। ਜਿਸ ਕਰਕੇ ਡੇਰਾ ਮੁਖੀ ਨੇ ਹਾਈਕੋਰਟ ਵੱਲ ਰੁਖ਼ ਕੀਤਾ ਹੈ। ਚੇਤੇ ਰਹੇ ਕਿ ਪਹਿਲਾਂ ਡੇਰਾ ਮੁਖੀ 19 ਜਨਵਰੀ ਨੂੰ 50 ਦਿਨਾਂ ਦੀ ਪੈਰੋਲ ਉਤੇ ਗਿਆ ਸੀ।
ਹੁਣ ਡੇਰਾ ਮੁਖੀ ਨੇ ਫਰਲੋ ਲਈ ਦਾਇਰ ਕੀਤੀ ਪਟੀਸ਼ਨ ਵਿਚ ਕਿਹਾ ਕਿ ਉਸਨੇ ਫਰਲੋ ਲਈ ਸਬੰਧਤ ਅਧਿਕਾਰੀਆਂ ਕੋਲ ਪਹੁੰਚ ਕੀਤੀ ਹੈ, ਪਰ 29 ਫਰਵਰੀ ਦੇ ਹੁਕਮਾਂ ਕਾਰਨ ਗੌਰ ਨਹੀਂ ਹੋ ਰਿਹਾ। ਡੇਰਾ ਮੁਖੀ ਨੇ ਹਰਿਆਣਾ ਵਧੀਆ ਆਚਰਣ ਕੈਦੀ (ਆਰਜ਼ੀ ਰਿਹਾਈ) ਐਕਟ 2022 ਤਹਿਤ ਫਰਲੋ ਦੀ ਅਰਜ਼ੀ ਉਤੇ ਵਿਚਾਰ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲ ਪੀ.ਐੱਸ ਹੁੰਦਲ ਦਾ ਕਹਿਣਾ ਹੈ ਕਿ ਕਮੇਟੀ ਵਲੋਂ ਵਾਰ ਵਾਰ ਫਰਲੋ ਦੇਣ ਦਾ ਵਿਰੋਧ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਹਾਈਕੋਰਟ ਦੇ ਵੈਕੇਸ਼ਨ ਬੈਂਚ ਨੇ ਸੁਣਵਾਈ 2 ਜੁਲਾਈ ਤੱਕ ਮੁਲਤਵੀ ਕਰ ਦਿੱਤ ਹੈ। ਯਾਨੀ ਡੇਰਾ ਮੁਖੀ ਨੂੰ 2 ਜੁਲਾਈ ਤਕ ਕੋਈ ਫਰਲੋ ਨਹੀਂ ਮਿਲੇਗੀ।