ਨਵੀਂ ਦਿੱਲੀ, 15 ਜੂਨ (ਖ਼ਬਰ ਖਾਸ ਬਿਊਰੋ)
ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 18 ਜੂਨ ਨੂੰ ਵਾਰਾਣਸੀ ਵਿੱਚ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨਗੇ। ਇਸ ਦੌਰਾਨ ਡੀਬੀਟੀ ਰਾਹੀਂ ਦੇਸ਼ ਦੇ 9.26 ਕਰੋੜ ਕਿਸਾਨਾਂ ਦੇ ਖਾਤਿਆਂ ਵਿੱਚ 20 ਹਜ਼ਾਰ ਕਰੋੜ ਰੁਪਏ ਦੀ ਰਕਮ ਭੇਜੀ ਜਾਵੇਗੀ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੈ-ਸਹਾਇਤਾ ਸਮੂਹਾਂ ਦੇ 30 ਹਜ਼ਾਰ ਤੋਂ ਵੱਧ ਮੈਂਬਰਾਂ ਨੂੰ ਸਰਟੀਫਿਕੇਟ ਵੀ ਦੇਣਗੇ। ਵਰਨਣਯੋਗ ਹੈ ਕਿ ਮੋਦੀ ਨੇ ਤੀਸਰੀ ਵਾਰ ਪ੍ਰਧਾਨ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕਣ ਬਾਅਦ ਸਭ ਤੋਂ ਪਹਿਲਾਂ ਕਿਸਾਨ ਸਨਮਾਨ ਨਿਧੀ ਯੋਜਨਾ ਦੀ 17ਵੀਂ ਕਿਸ਼ਤ ਜਾਰੀ ਕਰਨ ਲਈ ਫਾਈਲ ‘ਤੇ ਦਸਤਖਤ ਕੀਤੇ ਸਨ।
ਇਹਨਾਂ ਕਿਸਾਨਾਂ ਦੇ ਖਾਤੇ ਵਿਚ ਨਹੀਂ ਆਉਣਗੇ ਪੈਸੇ
ਜਿਹੜੇ ਕਿਸਾਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਅਜੇ ਤੱਕ ਆਪਣਾ ਈ-ਕੇਵਾਈਸੀ ਨਹੀਂ ਕੀਤਾ ਹੈ, ਉਹਨਾਂ ਦੇ ਖਾਤੇ ਵਿਚ 17ਵੀਂ ਕਿਸ਼ਤ ਦੇ ਪੈਸੇ ਨਹੀਂ ਆਉਣਗੇ। ਜਿਨ੍ਹਾਂ ਕਿਸਾਨਾਂ ਨੇ ਅਜੇ ਤੱਕ ਆਪਣੇ ਜ਼ਮੀਨੀ ਰਿਕਾਰਡ ਦੀ ਪੜਤਾਲ ਨਹੀਂ ਕਰਵਾਈ ਹੈ, ਉਨ੍ਹਾਂ ਨੂੰ ਵੀ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ। ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਦੋਵੇਂ ਮਹੱਤਵਪੂਰਨ ਪੂਰੇ ਕਰਨੇ ਪੈਣਗੇ। ਜ਼ਮੀਨੀ ਰਿਕਾਰਡ ਦੀ ਤਸਦੀਕ ਕਰਵਾਉਣ ਲਈ ਤੁਸੀਂ ਆਪਣੇ ਨਜ਼ਦੀਕੀ ਖੇਤੀਬਾੜੀ ਦਫ਼ਤਰ ਜਾ ਸਕਦੇ ਹੋ।
ਇਸ ਤੋਂ ਇਲਾਵਾ ਜਿਨ੍ਹਾਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਲਈ ਅਪਲਾਈ ਕਰਦੇ ਸਮੇਂ ਕੋਈ ਗਲਤ ਜਾਣਕਾਰੀ ਦਰਜ ਕੀਤੀ ਸੀ। ਇਸ ਵਾਰ ਵੀ 17ਵੀਂ ਕਿਸ਼ਤ ਦੇ ਪੈਸੇ ਉਸ ਦੇ ਖਾਤੇ ਵਿੱਚ ਨਹੀਂ ਆਉਣਗੇ। ਵਰਨਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਦੇਸ਼ ਦੇ ਗਰੀਬ ਕਿਸਾਨਾਂ ਦੇ ਖਾਤਿਆਂ ਵਿੱਚ ਹਰ ਸਾਲ 6 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਇਹ ਰਾਸ਼ੀ ਹਰ ਸਾਲ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੀ ਜਾਂਦੀ ਹੈ।