ਚੰਡੀਗੜ੍ਹ, 20 ਜੂਨ (ਖ਼ਬਰ ਖਾਸ ਬਿਊਰੋ)
ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਕੇਂਦਰ ਸਰਕਾਰ ਵੱਲੋਂ ਐਲਾਨੇ ਫਸਲਾਂ ਦੇ ਭਾਅ ਨੂੰ ਰੱਦ ਕਰਦੇ ਹੋਏ ਡਾਕਟਰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਭਾਅ ਨਿਸ਼ਚਿਤ ਕਰਨ ਦੀ ਮੰਗ ਕੀਤੀ ਹੈ। ਯੂਨੀਅਨ ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਸਾਉਣੀ ਫ਼ਸਲਾਂ ਉਤੇ ਫਸਲਾਂ ਦਾ ਘੱਟੋ ਘੱਟ ਮੁੱਲ ਤੈਅ ਮਹਿਗਾਈ ਅਤੇ ਲਾਗਤ ਖਰਚਿਆਂ ਦੇ ਅਨਕੂਲ ਨਹੀਂ ਹਨ। ਸਭ ਤੋਂ ਵੱਡੀ ਗੱਲ 14 ਫਸਲਾਂ ਦੇ ਭਾਅ ਤਾ ਐਲਾਨ ਦਿਤੇ ਹਨ ਪਰ ਇਹਨਾਂ ਦੀ ਖਰੀਦ ਦੀ ਗਰੰਟੀ ਦਾ ਕੋਈ ਇੰਤਜ਼ਾਮ ਨਹੀਂ, ਸਾਡੀ ਸਮਝ ਅਨੁਸਾਰ ਝੋਨੇ ਤੋਂ ਬਿਨਾਂ ਬਾਕੀ ਫਸਲਾਂ ਖੁਲੀ ਮੰਡੀ ਵਿੱਚ ਪ੍ਰਾਈਵੇਟ ਵਪਾਰੀਆਂ ਲਈ ਲੁਟ ਲਈ ਛੱਡ ਦਿੱਤਾ ਗਿਆ ਹੈ। ਨਰਮਾ, ਮੂੰਗੀ,ਮੱਕੀ ਅਤੇ ਸੂਰਜਮੁਖੀ ਪਹਿਲਾਂ ਤਰ੍ਹਾਂ ਹੀ ਇਨ੍ਹਾਂ ਨੂੰ ਬੀਜਣ ਵਾਲੇ ਕਿਸਾਨ ਲੁੱਟ ਦਾ ਸ਼ਿਕਾਰ ਹੋਣਗੇ। ਫਿਰ ਬਾਸਮਤੀ ਦੇ ਭਾਅ ਬਾਰੇ ਚੁੱਪ ਨਹੀਂ ਤੋੜੀ। ਅੱਜ ਸਮੇਂ ਦੀ ਮੰਗ ਫਸਲੀ ਵਿਭਿੰਨਤਾ ਨੂੰ ਹੋਰ ਪਿਛੇ ਕੇਂਦਰ ਸਰਕਾਰ ਨੇ ਸੁਟ ਦਿੱਤਾ ਹੈ। ਸਾਡੀ ਜਥੇਬੰਦੀ ਇਸ ਦੀ ਜ਼ੋਰਦਾਰ ਨਿੰਦਾ ਕਰਦੀ ਹੈ ਅਤੇ ਐਮ ਐਸ ਪੀ ਨੂੰ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਲੈਣ ਅਤੇ ਨਾਲ ਹੀ ਹਰ ਫ਼ਸਲ ਦੀ ਖਰੀਦ ਦੀ ਕਾਨੂੰਨੀ ਗਰੰਟੀ ਲਈ ਸੰਘਰਸ਼ ਜਾਰੀ ਰੱਖੇਗੀ। ਉਨਾਂ ਕਿਹਾ ਕਿ 22 ਜੂਨ ਨੂੰ ਹੋਣ ਵਾਲੀ ਸੰਯੁਕਤ ਮੋਰਚੇ ਦੀ ਮੀਟਿੰਗ ਵਿੱਚ ਇਸ ਮਸਲੇ ਤੇ ਅਗਲੇ ਸੰਘਰਸ਼ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।