ਮੁੱਖ ਮੰਤਰੀ ਵੱਲੋਂ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਸਮਰਪਿਤ ਭਾਵਨਾ, ਸੰਜੀਦਗੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ
ਸਾਲ 2023 ਬੈਚ ਦੇ ਪੰਜ ਆਈ.ਏ.ਅਧਿਕਾਰੀਆਂ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 20 ਜੂਨ ( ਖ਼ਬਰ ਖਾਸ ਬਿਊਰੋ)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਅਲਾਟ ਕੀਤੇ ਗਏ 2023 ਕਾਡਰ ਦੇ ਪ੍ਰੋਬੇਸ਼ਨਰ ਆਈ.ਏ.ਐਸ. ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸੰਜੀਦਗੀ, ਇਮਾਨਦਾਰੀ ਅਤੇ ਪੇਸ਼ੇਵਰ ਵਚਨਬੱਧਤਾ ਨਾਲ ਨਿਭਾਉਣ ਦਾ ਸੱਦਾ ਦਿੱਤਾ।
ਪੰਜ ਪ੍ਰੋਬੇਸ਼ਨਰ ਅਫ਼ਸਰਾਂ ਆਦਿਤਿਆ ਸ਼ਰਮਾ, ਸੁਨੀਲ, ਸੋਨਮ, ਕ੍ਰਿਤਿਕਾ ਗੋਇਲ ਅਤੇ ਰਾਕੇਸ਼ ਕੁਮਾਰ ਮੀਨਾ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬਿਹਤਰੀਨ ਪ੍ਰਸ਼ਾਸਨ, ਨਾਗਰਿਕ ਕੇਂਦਰਿਤ ਸੇਵਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਭਲਾਈ ਤੇ ਵਿਕਾਸ ਯੋਜਨਾਵਾਂ ਨੂੰ ਸਮਾਂਬੱਧ ਲਾਗੂ ਕਰਨਾ ਦੇ ਚੰਗੇ ਟੀਚਿਆਂ ਦੀ ਪੂਰਤੀ ਲਈ ਆਪਣੀ ਸਮਰੱਥਾ ਅਨੁਸਾਰ ਸੇਵਾਵਾਂ ਪ੍ਰਦਾਨ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸਾਲ 2023 ਬੈਚ ਦੇ ਇਹ ਨਵੇਂ ਆਈ.ਏ.ਐਸ. ਅਧਿਕਾਰੀ ਸੂਬੇ ਦੀ ਸ਼ਾਨ ਨੂੰ ਸਿਖਰਾਂ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਭਗਵੰਤ ਸਿੰਘ ਮਾਨ ਨੇ ਆਈ.ਏ.ਐਸ. ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਦੀ ਚੋਣ ਪੂਰੀ ਮਿਹਨਤ, ਯੋਗਤਾ ਅਤੇ ਕਾਬਲੀਅਤ ਦੇ ਆਧਾਰ ‘ਤੇ ਹੋਈ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਦੇ ਮਾਰਗਦਰਸ਼ਕ ਬਣ ਕੇ ਉਨ੍ਹਾਂ ਦੀ ਬਿਹਤਰੀ ਲਈ ਆਪਣੀ ਸਿੱਖਿਆ ਅਤੇ ਸਿਖਲਾਈ ਦੀ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਅਧਿਕਾਰੀ ਮਾਨਵਤਾਵਾਦੀ ਪਹੁੰਚ ਅਪਣਾ ਕੇ ਲੋਕ ਸੇਵਾ ਵਿੱਚ ਨਵਾਂ ਕੀਰਤੀਮਾਨ ਸਥਾਪਤ ਕਰਨਗੇ। ਭਗਵੰਤ ਸਿੰਘ ਮਾਨ ਨੇ ਠੋਸ ਵਿਉਂਤਬੰਦੀ ਅਤੇ ਇਸ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ‘ਤੇ ਜ਼ੋਰ ਦਿੰਦੇ ਹੋਏ ਪ੍ਰੋਬੇਸ਼ਨਰਾਂ ਨੂੰ ਸਲਾਹ ਦਿੱਤੀ ਕਿ ਉਨ੍ਹਾਂ ਲਈ ਸੰਵਿਧਾਨ ਦੀ ਸਮਝ ਸਭ ਤੋਂ ਮਹੱਤਵਪੂਰਨ ਹੈ, ਜੋ ਉਨ੍ਹਾਂ ਨੂੰ ਵੱਖ-ਵੱਖ ਪੱਧਰਾਂ ‘ਤੇ ਆਪਣੇ ਫਰਜ਼ਾਂ ਨੂੰ ਨਿਭਾਉਣ ਵਿੱਚ ਮਦਦ ਕਰੇਗੀ।
ਨਵੇਂ ਅਧਿਕਾਰੀਆਂ ਦੇ ਸ਼ਾਨਦਾਰ ਕੈਰੀਅਰ ਅਤੇ ਰੌਸ਼ਨ ਭਵਿੱਖ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਪੂਰੇ ਉਤਸ਼ਾਹ ਤੇ ਲਗਨ ਨਾਲ ਸਮਾਜ ਦੀ ਸੇਵਾ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਕੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਾ ਲਾਜ਼ਮੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ‘ਰੰਗਲਾ ਪੰਜਾਬ’ ਸਿਰਜਣ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਸ ਮਿਸ਼ਨ ‘ਤੇ ਕੰਮ ਕਰ ਰਹੀ ਟੀਮ ਦਾ ਹਿੱਸਾ ਬਣਨ ਲਈ ਨਵੇਂ ਅਧਿਕਾਰੀਆਂ ਦਾ ਸਵਾਗਤ ਹੈ।