ਚੰਡੀਗੜ੍ਹ 22 ਜੂਨ (ਖ਼ਬਰ ਖਾਸ ਬਿਊਰੋ)
ਸੀਨੀਅਰ ਕਾਂਗਰਸੀ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੇ ਦਸ ਹਜ਼ਾਰ ਪੁਲਿਸ ਮੁਲਾਜ਼ਮਾਂ ਦਾ ਤਬਾਦਲਾ ਕਰਨ ਬਾਰੇ ਸਪਸ਼ਟੀਕਰਨ ਮੰਗਿਆ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਸਿਪਾਹੀ ਰੈਂਕ ਤੋਂ ਲੈ ਕੇ ਉਪਰ ਤੱਕ ਦੇ ਅਧਿਕਾਰੀਆਂ ਦਾ ਤਬਾਦਲਾ ਕਰਨ ਦਾ ਦਾਅਵਾ ਕੀਤਾ ਸੀ, ਜਦਕਿ ਪੁਲਿਸ ਮੁਖੀ ਨੇ ਤਬਾਦਲੇ ਨਾ ਹੋਣ ਦੀ ਗੱਲ ਕਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦਾ ਪੁਲਿਸ ਨਾਲ ਨਾਪਾਕ ਗਠਜੋੜ ਤੋੜਨ ਬਾਰੇ ਤਬਾਦਲਾ ਕਰਨ ਦੀ ਗੱਲ ਕਹੀ ਸੀ।ਬਾਜਵਾ ਨੇ ਕਿਹਾ ਕਿ ਡੀਜੀਪੀ ਨੇ ਪੁਲਿਸ ਮੁਲਾਜ਼ਮਾਂ ਤੇ ਅਫ਼ਸਰਾਂ ਦਾ ਬਚਾਅ ਕੀਤਾ ਹੈ ਕਿ ਇਹ ਤਬਾਦਲੇ ਨਸ਼ਾ ਤਸ਼ਕਰਾਂ ਨਾਲ ਗਠਜੋੜ ਕਰਕੇ ਨਹੀ ਬਲਕਿ 2020 ਤਬਾਦਲਾ ਨੀਤੀ ਤਹਿਤ ਕੀਤੇ ਹਨ।
ਮੁੱਖ ਮੰਤਰੀ ਮਾਨ ਨੇ ਸਿੱਧੇ ਤੌਰ ‘ਤੇ 10,000 ਪੁਲਿਸ ਮੁਲਾਜ਼ਮਾਂ ‘ਤੇ ਨਸ਼ਾ ਤਸਕਰਾਂ ਨਾਲ ਗਠਜੋੜ ਕਰਨ ਦਾ ਦੋਸ਼ ਲਗਾਇਆ। ਹਾਲਾਂਕਿ, ਡੀਜੀਪੀ ਯਾਦਵ ਡੈਮੇਜ-ਕੰਟਰੋਲ ਮੋਡ ਵਿਚ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਦੁਬਿਧਾ ਵਿਚ ਹਨ, ਇਸ ਲਈ ਮੁੱਖ ਮੰਤਰੀ ਨੂੰ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।
ਬਾਜਵਾ ਨੇ ਕਿਹਾ ਆਪ ਸਰਕਾਰ ਪੰਜਾਬ ਵਿਚ ਵੱਧ ਰਹੇ ਨਸ਼ਿਆਂ ਨੂੰ ਰੋਕਣ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕੋਲ ਨਸ਼ਾ ਤਸਕਰਾਂ ਨਾਲ ਨਜਿੱਠਣ ਲਈ ਕੋਈ ਰਣਨੀਤੀ ਨਹੀਂ ਹੈ ਅਤੇ ਹੁਣ ਇਹ ਦੋਸ਼ਾਂ ਦੀ ਖੇਡ ਖੇਡ ਰਹੀ ਹੈ।