ਚੰਡੀਗੜ੍ਹ, 24 ਜੂਨ (ਖ਼ਬਰ ਖਾਸ ਬਿਊਰੋ)
ਸੀਨੀਅਰ ਕਾਂਗਰਸੀ ਨੇਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਡਾਵਾਂਡੋਲ ਹੋ ਗਈ ਹੈ। ਆਪ ਸਰਕਾਰ ਦੌਰਾਨ ਪੰਜਾਬ ਦੀ ਆਰਥਿਕਤਾ ਢਹਿ-ਢੇਰੀ ਹੋਣ ਦੀ ਕਗਾਰ ‘ਤੇ ਪਹੁੰਚ ਗਈ ਹੈ।
ਬਾਜਵਾ ਨੇ ਕਿਹਾ ਕਿ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੇ ਵਿਤ ਵਿਭਾਗ ਦਾ ਨਾਮ ਬਦਲ ਕੇ ਕਰਜ਼ਾ ਚੁੱਕਣ ਵਾਲਾ ਵਿਭਾਗ ਰੱਖਿਆ ਜਾਣਾ ਚਾਹੀਦਾ ਹੈ। ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਤੇ ਚੀਮਾ ਨੂੰ ਵਿੱਤ ਵਿਭਾਗ ਮਿਲਿਆ ਹੈ, ਉਦੋਂ ਤੋਂ ਸੂਬੇ ‘ਤੇ ਕਰਜ਼ੇ ਦਾ ਬੋਝ ਨਾਟਕੀ ਢੰਗ ਨਾਲ ਵਧਦਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ‘ਚ ਆਉਣ ਤੋਂ ਪਹਿਲਾਂ ਵਿੱਤੀ ਸਾਲ 2021-22 ਦੇ ਅੰਤ ‘ਚ ਪੰਜਾਬ ‘ਤੇ 2.82 ਲੱਖ ਕਰੋੜ ਰੁਪਏ ਦਾ ਬਕਾਇਆ ਕਰਜ਼ਾ ਸੀ। ਬਾਜਵਾ ਨੇ ਕਿਹਾ ਕਿ ਇਸ ਵਿੱਤੀ ਸਾਲ (2024-25) ਦੇ ਅੰਤ ਤੱਕ ਬਕਾਇਆ ਕਰਜ਼ਾ 3.74 ਲੱਖ ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।
ਬਾਜਵਾ ਨੇ ਕਿਹਾ ਕਿ ਚੀਮਾ ਦੇ ਵਿੱਤ ਮੰਤਰਾਲੇ ਅਧੀਨ ਪੰਜਾਬ ਸਰਕਾਰ ਕੋਲ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਸਮੇਂ ਸਿਰ ਦੇਣ ਲਈ ਵੀ ਫ਼ੰਡ ਨਹੀਂ ਹਨ। ਕਰਮਚਾਰੀਆਂ ਨੂੰ ਆਪਣੀ ਤਨਖ਼ਾਹ ਲੈਣ ਲਈ ਵਿਰੋਧ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਉਨਾਂ ਕਿਹਾ ਕਿ ਮਾਰਚ ਮਹੀਨੇ ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 20 ਲੋਕਾਂ ਦੀ ਮੌਤ ਹੋ ਗਈ ਸੀ। ਆਬਕਾਰੀ ਵਿਭਾਗ ਵੀ ਸ ਚੀਮਾ ਕੋਲ ਹੈ, ਪਰ ਉਹ ਅਜੇ ਤੱਕ ਇਹ ਨਹੀਂ ਦੱਸ ਸਕੇ ਕਿ ਇਹ ਦੁਖਾਂਤ ਕਿਵੇਂ ਵਾਪਰਿਆ।
ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਦਿੱਲੀ ਦੀ ਸ਼ਰਾਬ ਨੀਤੀ ਨੂੰ ਪੰਜਾਬ ਵਿੱਚ ਦੁਹਰਾਇਆ। ਦਿੱਲੀ ਦੀ ਸ਼ਰਾਬ ਨੀਤੀ ਦੀ ਪਹਿਲਾਂ ਹੀ ਜਾਂਚ ਹੋ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਦੀ ਸ਼ਰਾਬ ਨੀਤੀ ਦੀ ਨਿਆਂਇਕ ਜਾਂਚ ਕਰਵਾਈ ਜਾਣੀ ਚਾਹੀਦੀ ਹੈ।