ਨਸ਼ਾ ਤਸਕਰੀ ਦਾ ਪਰਦਾਫਾਸ਼; 8 ਕਿਲੋ ਹੈਰੋਇਨ ਅਤੇ 3 ਪਿਸਤੌਲਾਂ ਸਮੇਤ ਛੇ ਕਾਬੂ

ਅੰਮਿਤਸਰ, 29 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਰੈਕੇਟ ਨੂੰ ਇੱਕ ਹੋਰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ 6 ਵਿਅਕਤੀਆਂ ਨੂੰ 8 ਕਿਲੋਗ੍ਰਾਮ ਹੈਰੋਇਨ ਅਤੇ ਤਿੰਨ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਦੋਵੇਂ ਖੁਫੀਆ ਕਾਰਵਾਈਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਕੀਤੀਆਂ ਗਈਆਂ।

ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਇਹ ਸਫ਼ਲਤਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕਰਨ ਤੋਂ ਇੱਕ ਦਿਨ ਬਾਅਦ ਹਾਸਲ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਹੀਰੋ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਦੋ ਵਿਅਕਤੀ ਨਸ਼ੀਲੇ ਪਦਾਰਥਾਂ ਦੀ ਖੇਪ ਲੈ ਕੇ ਜਾ ਰਹੇ ਹਨ, ਜਿਸ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਦੀਆਂ ਪੁਲਿਸ ਟੀਮਾਂ ਨੇ ਪਿੰਡ ਬਚੀਵਿੰਡ ਵਿਖੇ ਇੱਟਾਂ ਦੇ ਭੱਠੇ ਨੇੜੇ ਉਨ੍ਹਾਂ ਨੂੰ ਘੇਰ ਲਿਆ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਮੰਝ ਦੇ ਰਹਿਣ ਵਾਲੇ ਗੁਰਭੇਜ ਸਿੰਘ ਅਤੇ ਜਸਕਰਨ ਸਿੰਘ ਨਾਮੀ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ, ਜਿਨ੍ਹਾਂ ਵਿੱਚ ਇੱਕ 9 ਐਮਐਮ ਗਲੌਕ ਅਤੇ ਦੋ .32 ਬੋਰ ਪਿਸਤੌਲ ਸ਼ਾਮਲ ਹਨ, ਬਰਾਮਦ ਕਰਕੇ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21-ਸੀ, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਲੋਪੋਕੇ, ਅੰਮ੍ਰਿਤਸਰ ਵਿਖੇ ਮੁਕੱਦਮਾ ਨੰਬਰ 134 ਮਿਤੀ 29/06/2024 ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਜਿਸ ਲਾਹੌਰ ਨਹੀਂ ਵੇਖਿਆ..’ ਨਾਟਕ ਨੇ ਸਾਕਾਰ ਕੀਤਾ ਬਟਵਾਰੇ ਦਾ ਦਰਦ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇੱਕ ਹੋਰ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਦੀਆਂ ਪੈਟਰੋਲਿੰਗ ਟੀਮਾਂ ਨੇ ਥਾਣਾ ਲੋਪੋਕੇ ਦੀ ਹਦੂਦ ਅੰਦਰ ਪੈਂਦੇ ਪਿੰਡ ਨੂਰਪੁਰ ਨੇੜੇ 2 ਕਿਲੋ ਹੈਰੋਇਨ ਦੀ ਖੇਪ ਦੀ ਡੀਲ ਕਰਦਿਆਂ ਪਿਉ-ਪੁੱਤ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਦੋਵੇਂ ਵਿਅਕਤੀਆਂ ਦੀ ਪਛਾਣ ਬਲਬੀਰ ਸਿੰਘ ਅਤੇ ਉਸ ਦਾ ਪੁੱਤਰ ਆਕਾਸ਼ਦੀਪ ਸਿੰਘ ਦੋਵੇਂ ਵਾਸੀ ਕੋਹਾਲੀ, ਅੰਮ੍ਰਿਤਸਰ ਵਜੋਂ ਹੋਈ ਹੈ, ਜਦੋਂਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਵਿਅਕਤੀਆਂ, ਜੋ ਖੇਪ ਲੈਣ ਆਏ ਸਨ, ਦੀ ਪਛਾਣ ਫਿਲਪਸ ਅਤੇ ਜੋਬਨਜੀਤ ਸਿੰਘ ਵਾਸੀ ਪਿੰਡ ਮੂਲਚੱਕ, ਅੰਮ੍ਰਿਤਸਰ ਵਜੋਂ ਹੋਈ ਹੈ।

ਪੁਲਿਸ ਟੀਮਾਂ ਨੇ ਮੁਲਜ਼ਮਾਂ ਕੋਲੋਂ 2 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੇ ਕਬਜ਼ੇ ‘ਚੋਂ 30,000 ਰੁਪਏ ਦੀ ਡਰੱਗ ਮਨੀ ਅਤੇ ਉਨ੍ਹਾਂ ਦਾ ਐਕਟਿਵਾ ਸਕੂਟਰ ਤੇ ਇੱਕ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ।

ਇਸ ਸਬੰਧੀ ਥਾਣਾ ਲੋਪੋਕੇ ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 25, 27-ਏ ਅਤੇ 29 ਤਹਿਤ ਮੁਕੱਦਮਾ ਨੰਬਰ 132 ਮਿਤੀ 28/06/2024 ਦਰਜ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਹੋਰ ਵੇਰਵੇ ਦਿੰਦਿਆਂ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਅਨੁਸਾਰ ਦੋਵਾਂ ਮਾਮਲਿਆਂ ਵਿੱਚ ਫੜੇ ਗਏ ਸਾਰੇ ਮੁਲਜ਼ਮ ਸਿੱਧੇ ਤੌਰ ‘ਤੇ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।

ਉਨ੍ਹਾਂ ਕਿਹਾ ਕਿ ਡਰੱਗ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਸਮੁੱਚੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵੱਲੋਂ ਹੁਣ ਤੱਕ ਖਰੀਦੇ ਗਏ ਨਸ਼ੀਲੇ ਪਦਾਰਥਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *