ਅੰਮ੍ਰਿਤਧਾਰੀ ਮਹਿਲਾਵਾਂ ਨੂੰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਣ ਵਾਲੇ ਪ੍ਰੀਖਿਆ ਅਮਲੇ ਖਿਲਾਫ ਕਾਰਵਾਈ ਕੀਤੀ ਜਾਵੇ: ਹਰਸਿਮਰਤ ਬਾਦਲ

 

ਚੰਡੀਗੜ੍ਹ, 1 ਜੁਲਾਈ (ਖ਼ਬਰ ਖਾਸ ਬਿਊਰੋ)

ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਰਾਜਸਥਾਨ ਦੇ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਦੱਸਿਆ ਕਿ ਸਿੱਖ ਕੌਮ ਰਾਜਸਥਾਨ ਸਰਕਾਰ ਵੱਲੋਂ 23 ਜੂਨ ਨੂੰ ਰਾਜਸਥਾਨ ਜੁਡੀਸ਼ੀਅਲ ਸਰਵਿਸਿਜ਼ ਪ੍ਰੀਖਿਆ ਦੇਣ ਗਈਆਂ ਦੋ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਣ ਵਾਲੇ ਪ੍ਰੀਖਿਆ ਅਮਲੇ ਖਿਲਾਫ ਕੋਈ ਵੀ ਕਾਰਵਾਈ ਨਾ ਕਰਨ ਤੋਂ ਪ੍ਰੇਸ਼ਾਨ ਹੈ।

ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਬਠਿੰਡਾ ਦੇ ਐਮ ਪੀ ਨੇ ਕਿਹਾ ਕਿ ਪ੍ਰੀਖਿਆ ਸਟਾਫ ਦੀ ਕਾਰਵਾਈ ਨੇ ਨਾ ਸਿਰਫ ਪ੍ਰੀਖਿਆ ਦੇਣ ਗਈਆਂ ਦੋਵੇਂ ਅੰਮ੍ਰਿਤਧਾਰੀ ਬੀਬੀਆਂ ਬਲਕਿ ਸਮੁੱਚੀ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਸੱਟ ਮਾਰੀ ਹੈ ਜੋ ਕਿ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਹੈ ਜਿਸ ਮੁਤਾਬਕ ਅੰਮ੍ਰਿਤਧਾਰੀ ਸਿੱਖ ਪੰਜ ਕੱਕਾਰ ਧਾਰਨ ਕਰ ਸਕਦੇ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਾਡਾ ਮੌਲਿਕ ਅਧਿਕਾਰ ਹੈ ਜਿਸਨੂੰ ਕੋਈ ਨਹੀਂ ਖੋਹ ਸਕਦਾ।

ਐਮ ਪੀ ਨੇ ਮੁੱਖ ਮੰਤਰੀ ਨੂੰ ਇਹ ਵੀ ਦੱਸਿਆ ਕਿ ਸਿੱਖ ਕੌਮ ਇਸ ਗੱਲ ਤੋਂ ਪ੍ਰੇਸ਼ਾਨ ਹੈ ਕਿ ਸਿੱਖ ਕੌਮ ਦੀਆਂ ਪ੍ਰਤੀਨਿਧ ਜਮਾਤਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਹਨਾਂ ਨੂੰ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਵੀ ਰਾਜਸਥਾਨ ਸਰਕਾਰ ਨੇ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕੀਤੀ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਸਰਦਾਰਨੀ ਬਾਦਲ ਨੇ ਦੱਸਿਆ ਕਿ ਬੀਬੀ ਅਰਮਾਨਜੋਤ ਕੌਰ ਤੇ ਬੀਬੀ ਲਖਵਿੰਦਰ ਕੌਰ ਨੂੰ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਸਿਰਫ ਇਸ ਕਰ ਕੇ ਰੋਕ ਦਿੱਤਾ ਗਿਆ ਕਿਉਂਕਿ ਉਹਨਾਂ ਨੇ ਕ੍ਰਿਪਾਨ ਸਮੇਤ ਪੰਜ ਸਿੱਖ ਕੱਕਾਰ ਧਾਰਨ ਕੀਤੇ ਹੋਏ ਸਨ।

ਉਹਨਾਂ ‌ਕਿਹਾ ਕਿ ਇਹ ਵੀ ਬਾਅਦ ਵੀ ਸਾਹਮਣੇ ਆਇਆ ਕਿ ਲਖਵਿੰਦਰ ਕੌਰ ਨੂੰ ਪ੍ਰੀਖਿਆ ਵਿਚ ਬੈਠਣ ਲਈ ਆਪਣਾ ’ਕੜਾ’ ਤੇ ’ਕ੍ਰਿਪਾਨ’ ਉਤਾਰਣੀ ਪਈ। ਉਹਨਾਂ ਕਿਹਾ ਕਿ ਪ੍ਰੀਖਿਆ ਸਟਾਫ ਬੱਜਿਦ ਸੀ ਕਿ ਬੀਬੀਆਂ ਵੱਲੋਂ ਕੱਕਾਰ ਉਤਾਰੇ ਜਾਣ ਹਾਲਾਂਕਿ ਦੋਵਾਂ ਬੀਬੀਆਂ ਨੇ ਉਹਨਾਂ ਨੂੰ ਦੱਸਿਆ ਕਿ ਇਹ ਉਹਨਾਂ ਦੇ ਧਰਮ ਦਾ ਹਿੱਸਾ ਹਨ ਅਤੇ ਇਹ ਸਾਰੀ ਉਮਰ ਧਾਰਣ ਕਰਨੇ ਹੁੰਦੇ ਹਨ।

ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਇਹ ਵੀ ਦੱਸਿਆ ਕਿ ਕੱਕਾਰ ਪਾਬੰਦੀਸ਼ੁਦਾ ਸੂਚੀ ਵਿਚ ਸ਼ਾਮਲ ਨਾ ਹੋਣ ਦੇ ਬਾਵਜੂਦ ਇਹ ਕਾਰਵਾਈ ਕੀਤੀ ਗਈ। ਪ੍ਰੀਖਿਆ ਸਟਾਫ ਨੇ ਮੰਨ ਲਿਆ ਕਿ ਇਹ ਕੱਕਾਰ ’ਵਾਧੂ ਚੀਜ਼ਾਂ’ ਵਿਚ ਆਉਂਦੇ ਹਨ ਅਤੇ ਉਹਨਾਂ ਨੇ ਉਸ ਹਿਸਾਬ ਨਾਲ ਹੀ ਕਾਰਵਾਈ ਕੀਤੀ। ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੱਕਾਰ ’ਵਾਧੂ ਚੀਜ਼ਾਂ’ ਦੀ ਸ਼੍ਰੇਣੀ ਵਿਚ ਨਹੀਂ ਆਉਂਦੇ ਬਲਕਿ ਅੰਮ੍ਰਿਤਧਾਰੀ ਸਿੱਖਾਂ ਦੇ ਜੀਵਨ ਦਾ ਅਨਿੱਖੜਵਾਂ ਹਿੱਸਾ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹ ਘਟਨਾ ਉਸ ਰਾਜ ਵਿਚ ਵਾਪਰੀ ਹੈ ਜਿਥੇ ਵੱਡੀ ਗਿਣਤੀ ਵਿਚ ਸਿੱਖ ਰਹਿੰਦੇ ਹਨ ਅਤੇ ਜਿਥੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਸਮੇਤ ਅਧਿਕਾਰੀਆਂ ਨੂੰ ਸਿੱਖਾਂ ਦੇ ਧਾਰਮਿਕ ਕੱਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੰਵਿਧਾਨ ਦੀ ਧਾਰਾ 25 ਦੀ ਉਲੰਘਣਾ ਹੋਈ ਹੈ ਜਿਸ ਤਹਿਤ ਸਿੱਖ ਧਰਮ ਦੇ ਮੈਂਬਰਾਂ ਨੂੰ ਕੱਕਾਰ ਧਾਰਣ ਕਰਨ ਦੀ ਛੋਟ ਹੈ।

ਹੋਰ ਪੜ੍ਹੋ 👉  ਮੋਹਾਲੀ ਵਿਖੇ ਬਹੁ ਮੰਜ਼ਿਲਾਂ ਇਮਰਾਤ ਡਿੱਗੀ, ਦਰਜ਼ਨਾਂ ਵਿਅਕਤੀਆਂ ਦੇ ਦੱਬੇ ਹੋਣ ਦਾ ਖਦਸ਼ਾ, ਫੌਜ ਬੁਲਾਈ

ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਦੋਵੇਂ ਅੰਮ੍ਰਿਤਧਾਰੀ ਬੀਬੀਆਂ ਨੂੰ ਹੋਈ ਮਾਨਸਿਕ ਪੀੜਾ ਨੂੰ ਸਮਝਣ ਅਤੇ ਕਾਨੂੰਨ ਮੁਤਾਬਕ ਉਹਨਾਂ ਅਧਿਕਾਰੀਆਂ ਖਿਲਾਫ ਕਾਰਵਾਈ ਦੇ ਹੁਕਮ ਦੇਣ ਜਿਹਨਾਂ ਨੇ ਪ੍ਰੀਖਿਆ ਕੇਂਦਰ ਵਿਚ ਇਹਨਾਂ ਦਾ ਦਾਖਲਾ ਰੋਕਿਆ ਅਤੇ ਗੈਰ ਕਾਨੂੰਨੀ ਕਾਰਵਾਈ ਕੀਤੀ।

ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਇਕ ਮਹਿਲਾ ਲਖਵਿੰਦਰ ਕੌਰ ਨੇ ਪ੍ਰੀਖਿਆ ਸਟਾਫ ਖਿਲਾਫ ਕੇਸ ਦਰਜ ਕਰਵਾਉਣ ਲਈ ਜੋਧਪੁਰ ਪੁਲਿਸ ਕੋਲ ਪਹੁੰਚ ਕੀਤੀ ਪਰ ਉਸਦੀ ਸ਼ਿਕਾਇਤ ਦਰਜ ਨਹੀਂ ਕੀਤੀ ਗਈ। ਉਹਨਾਂ ਕਿਹਾ ਕਿ ਇਸ ਹਾਲਾਤ ਨੂੰ ਤੁਰੰਤ ਦਰੁੱਸਤ ਕੀਤਾ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਖਾਂ ਨੂੰ ਆਪਣੇ ਹੀ ਮੁਲਕ ਵਿਚ ਦੂਜੇ ਦਰਜੇ ਦੇ ਮੈਂਬਰਾਂ ਵਜੋਂ ਨਹੀਂ ਲਿਆ ਜਾਣਾ ਚਾਹੀਦਾ ਜਦੋਂ ਕਿ ਸਭ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਦਿੱਤੀਆਂ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

ਐਮ ਪੀ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਰਾਜਸਥਾਨ ਵਿਚ ਸਾਰੇ ਸਰਕਾਰੀ ਅਧਿਕਾਰੀਆਂ ਤੇ ਅਮਲੇ ਨੂੰ ਸਿੱਖ ਕੱਕਾਰਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਸ ਤਰੀਕੇ ਦਾ ਵਿਤਕਰਾ ਸੂਬੇ ਵਿਚ ਸਿੱਖ ਕੌਮ ਦੇ ਕਿਸੇ ਵੀ ਮੈਂਬਰ ਨਾਲ ਨਾ ਹੋਵੇ।

Leave a Reply

Your email address will not be published. Required fields are marked *