ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ: (ਖ਼ਬਰ ਖਾਸ ਬਿਊਰੋ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਇਕ ਹੋਰ ਝਟਕਾ ਦਿੰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮਤੇ ਗ੍ਰਿਫਤਾਰ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਅੰਮ੍ਰਿਤਸਰ ‘ਚੋਂ ਇੱਕੋ ਦਿਨ ਅੰਦਰ ਬਰਾਮਦ ਕੀਤੀ ਗਈ 5 ਕਿਲੋਗ੍ਰਾਮ ਹੈਰੋਇਨ ਦੀ ਇਹ ਦੂਜੀ ਖੇਪ ਹੈ, ਜਦਕਿ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਅੰਮ੍ਰਿਤਸਰ ‘ਚੋਂ ਕੁੱਲ 27.2 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ।
ਫੜੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਨੌਸ਼ਹਿਰਾ ਦੇ ਰਸਲ ਸਿੰਘ, ਅੰਮ੍ਰਿਤਸਰ ਦੇ ਵਣੀਏਕੇ ਦੇ ਜਸਕਰਨ ਸਿੰਘ ਅਤੇ ਅੰਮ੍ਰਿਤਸਰ ਦੇ ਸਹੁਰਾ ਦੇ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਇੱਕ ਯਾਮਾਹਾ ਸਕੂਟਰ ਰਜਿਸਟ੍ਰੇਸ਼ਨ ਨੰਬਰ ਪੀਬੀ-02-ਡੀਡਬਲਯੂ-4187 ਹੈ, ਵੀ ਜ਼ਬਤ ਕੀਤਾ ਹੈ, ਜਿਸ ‘ਤੇ ਉਕਤ ਮੁਲਜ਼ਮ ਸਵਾਰ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਠੋਸ ਸੂਚਨਾ ਮਿਲੀ ਸੀ ਕਿ ਮੁਲਜ਼ਮ ਰਸਲ ਸਿੰਘ, ਜਸਕਰਨ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੇ ਥਾਣਾ ਘਰਿੰਡਾ ਅਧੀਨ ਆਉਂਦੇ ਸਰਹੱਦੀ ਪਿੰਡ ਧਨੋਏ ਵਿਖੇ ਡਰੋਨ ਰਾਹੀਂ ਸੁੱਟੀ ਨਸ਼ਿਆ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ।
ਉਨ੍ਹਾਂ ਦੱਸਿਆ ਕਿ ਪ੍ਰਾਪਤ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੀ.ਆਈ. ਅੰਮ੍ਰਿਤਸਰ ਤੋਂ ਡੀਐਸਪੀ ਸੀਆਈ ਬਲਬੀਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਅੰਮ੍ਰਿਤਸਰ ਦੇ ਪਿੰਡ ਰਣੀਕੇ ਦੇ ਬਾਗੜੀਆਂ ਮੋੜ ਵਿਖੇ ਨਾਕਾ ਲਗਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ 5 ਕਿਲੋ ਹੈਰੋਇਨ ਸਮੇਤ ਕਾਬੂ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਗਏ ਸਾਰੇ ਦੋਸ਼ੀ ਪਾਕਿਸਤਾਨ ਅਧਾਰਤ ਨਸ਼ਾ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ।
ਡੀਜੀਪੀ ਨੇ ਕਿਹਾ ਕਿ ਨਵੇਂ ਅਪਰਾਧਿਕ ਕਾਨੂੰਨਾਂ ਦੇ ਉਪਬੰਧਾਂ ਅਨੁਸਾਰ ਗਜ਼ਟਿਡ ਅਫਸਰ ਦੀ ਮੌਜੂਦਗੀ ਵਿੱਚ ਸਮੁੱਚੀ ਤਲਾਸ਼ੀ ਅਤੇ ਬਰਾਮਦਗੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧੀ ਥਾਣਾ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ. ਨੰਬਰ 37 ਦਰਜ ਹੈ।
ਡੱਬੀ: ਅੰਮ੍ਰਿਤਸਰ ‘ਚੋਂ ਪੰਜ ਦਿਨਾਂ ਵਿੱਚ 27.2 ਕਿਲੋ ਹੈਰੋਇਨ ਬਰਾਮਦ
28 ਜੂਨ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਰੈਕੇਟਾਂ ਦਾ ਪਰਦਾਫਾਸ਼ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋਗ੍ਰਾਮ ਹੈਰੋਇਨ (8.2 ਕਿਲੋ + 1 ਕਿਲੋਗ੍ਰਾਮ) ਸਮੇਤ ਗ੍ਰਿਫਤਾਰ ਕੀਤਾ।
29 ਜੂਨ: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ਨਸ਼ਾ ਤਸਕਰੀ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ 8 ਕਿਲੋ ਹੈਰੋਇਨ ਅਤੇ ਤਿੰਨ ਪਿਸਤੌਲ ਬਰਾਮਦ ਕੀਤੇ।
2 ਜੁਲਾਈ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਮੁਲਜ਼ਮ ਲਖਵਿੰਦਰ ਸਿੰਘ ਉਰਫ਼ ਲੱਖਾ ਵਾਸੀ ਖੇਮਕਰਨ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
2 ਜੁਲਾਈ: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਤਿੰਨ ਨਸ਼ਾ ਤਸਕਰਾਂ ਨੂੰ 5 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।