ਚੰਡੀਗੜ੍ਹ, 9 ਜੁਲਾਈ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਗੰਗਾਨਗਰ ਦੇ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਜਥੇਦਾਰ ਤੇਜਿੰਦਰਪਾਲ ਸਿੰਘ ਟਿੰਮਾ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਦਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਉਹਨਾਂ ਨੇ ਤਾਂ ਸਿਰਫ ਸਿੱਖ ਕੌਮ ਖਿਲਾਫ ਫਿਰਕੂ ਨਫਰਤ ਵਾਲੀਆਂ ਟਿੱਪਣੀਆਂ ਤੋਂ ਲੋਕਾਂ ਨੂੰ ਸੁਚੇਤ ਕੀਤਾ ਸੀ।
ਜਥੇਦਾਰ ਟਿੰਮਾ ਖਿਲਾਫ ਦਰਜ ਇਸ ਝੂਠੇ ਤੇ ਬੇਬੁਨਿਆਦੀ ਕੇਸ ਨੂੰ ਤੁਰੰਤ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਹੜਾ ਵੀ ਕੋਈ ਸ਼ਾਂਤਮਈ ਤੇ ਦੇਸ਼ ਭਗਤ ਸਿੱਖ ਕੌਮ ਦੀਆਂ ਧਾਰਮਿਕ ਧਾਰਨਾਵਾਂ ਤੇ ਭਾਵਨਾਵਾਂ ਨੂੰ ਸੱਟ ਮਾਰਨ ਵਲ ਸੇਧਤ ਬਿਆਨਾਂ ਨੂੰ ਉਜਾਗਰ ਕਰੇ ਅਤੇ ਫਿਰਕੂ ਹਿੰਸਾ ਭੜਕਾਉਣ ਨੂੰ ਬੰਦ ਕਰਨ ਦੀ ਗੱਲ ਕਰੇ, ਉਸਦੇ ਖਿਲਾਫ ਕੇਸ ਦਰਜ ਕਰਨਾ ਹੀ ਨਹੀਂ ਬਣਦਾ।
ਬਾਦਲ ਨੈ ਮੁੱਖ ਮੰਤਰੀ ਭਜਨ ਲਾਲ ਸ਼ਰਮਾ ਨੂੰ ਅਪੀਲ ਕੀਤੀ ਕਿ ਕੇਸ ਵਾਪਸ ਲੈਣ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾਣ। ਉਹਨਾਂ ਕਿਹਾ ਕਿ ਜਥੇਦਾਰ ਟਿੰਮਾ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਉਹ ਫਿਰਕੂ ਨਫਰਤ ਤੇ ਹਿੰਸਾ ਦੀ ਕਿਸੇ ਵੀ ਕਾਰਵਾਈ ਦੇ ਖਿਲਾਫ ਹਨ। ਇਸ ਲਈ ਹਰ ਵੇਲੇ ਬੇਹੱਦ ਭੜਕਾਊ ਬਿਆਨ ਦਿੰਦੇ ਰਹਿਣ ਅਤੇ ਸਾਡੇ ਦੇਸ਼ ਵਾਸੀਆਂ ਖਿਲਾਫ ਫਿਰਕੂ ਗਾਲ੍ਹਾਂ ਵਾਲੇ ਅਨਸਰਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਅਧਿਕਾਰੀਆਂ ਨੇ ਸਿੱਖ ਕੌਮ ਦੇ ਮੈਂਬਰ ਨੂੰ ਹੀ ਨਿਸ਼ਾਨਾ ਬਣਾਉਂਦਿਆਂ ਕੇਸ ਦਰਜ ਕਰ ਦਿੱਤਾ ਹੈ।
ਬਾਦਲ ਨੇ ਸਪਸ਼ਟ ਕੀਤਾ ਕਿ ਜਥੇਦਾਰ ਟਿੰਮਾ ਦੇ ਬਿਆਨ ਵਿਚ ਇਕ ਵੀ ਸ਼ਬਦ ਅਜਿਹਾ ਨਹੀਂ ਜੋ ਕਿਸੇ ਵੀ ਤਰੀਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਦੇ ਖਿਲਾਫ ਹੋਵੇ ਅਤੇ ਉਹਨਾਂ ਨੇ ਫਿਰਕੂ ਹਿੰਸਾ ਭੜਕਾਉਣ ਦੇ ਯਤਨ ਕਰਨ ਵਾਲਿਆਂ ਤੇ ਲੋਕਾਂ ਨੂੰ ਫਿਰਕੂ ਲੀਹਾਂ ’ਤੇ ਵੰਡਣ ਵਾਲਿਆਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਉਚ ਅਹੁਦਿਆਂ ’ਤੇ ਬੈਠੀਆਂ ਅਹਿਮ ਸ਼ਖਸੀਅਤਾਂ ਵੱਲੋਂ ਦਿੱਤੇ ਬਿਆਨਾਂ ਦੇ ਕਾਰਣ ਇਹ ਮਾੜੇ ਅਨਸਰ ਦੇਸ਼ ਭਗਤ ਸਿੱਖ ਕੌਮ ਦੇ ਖਿਲਾਫ ਜ਼ਹਿਰ ਉਗਲਣ ਲੱਗ ਪਏ ਹਨ। ਉਹਨਾਂ ਕਿਹਾ ਕਿ ਰਾਜਸਥਾਨ ਸਰਕਾਰ ਨੂੰ ਇਸ ਫਿਰਕੂ ਧਰੁਵੀਕਰਨ ਨੂੰ ਰੋਕਣਾ ਚਾਹੀਦਾ ਹੈ ਨਾ ਕਿ ਇਸਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।