ਕਿਸਾਨ ਮੋਟਰਾਂ ਨੇੜੇ ਚਾਰ-ਚਾਰ ਬੂਟੇ ਲਾਉਣ -ਮੁੱਖ ਮੰਤਰੀ

ਚੰਡੀਗੜ੍ਹ, 11 ਜੁਲਾਈ (ਖ਼ਬਰ ਖਾਸ  ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਸਮੂਹ ਕਿਸਾਨਾਂ ਨੂੰ ਆਪਣੀਆਂ ਖੇਤਾਂ ਵਾਲੀਆਂ ਮੋਟਰਾਂ (ਟਿਊਬਵੈੱਲਾਂ) ਦੇ ਆਲੇ-ਦੁਆਲੇ ਘੱਟੋ-ਘੱਟ ਚਾਰ ਪੌਦੇ ਲਾਉਣ ਦੀ ਅਪੀਲ ਕੀਤੀ।

ਸੂਬੇ ਵਿੱਚ ਪੌਦੇ ਲਾਉਣ ਦੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਇੱਥੇ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜੰਗਲਾਤ ਅਧੀਨ ਰਕਬਾ ਵਧਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਤਕਰੀਬਨ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ, ਜਿਸ ਲਈ ਆਉਂਦੇ ਦਿਨਾਂ ਵਿੱਚ ਇੱਕ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਰਗਰਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ, ਉਸੇ ਤਰ੍ਹਾਂ ਉਹ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਲਈ ਵੀ ਵੱਡੀ ਭੂਮਿਕਾ ਨਿਭਾ ਸਕਦੇ ਹਨ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਕੁੱਲ 1.2 ਕਰੋੜ ਪੌਦੇ ਲਾਏ ਗਏ ਸਨ ਅਤੇ ਇਸ ਸਾਲ ਇਹ ਟੀਚਾ ਵਧਾ ਕੇ ਤਿੰਨ ਕਰੋੜ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਬੂਟੇ ਲਾਉਣ ਦੀ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਭਰ ਵਿੱਚ ਜੰਗਲਾਤ ਅਧੀਨ ਖੇਤਰ ਨੂੰ ਵਧਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਖਾਲੀ ਪਈ ਸਰਕਾਰੀ ਜ਼ਮੀਨ ਦੀ ਸ਼ਨਾਖਤ ਕਰ ਕੇ ਉਥੇ ਵੱਧ ਤੋਂ ਵੱਧ ਬੂਟੇ ਲਾਉਣਾ ਯਕੀਨੀ ਬਣਾਉਣ।

ਹੋਰ ਪੜ੍ਹੋ 👉  ਜਲੰਧਰ 'ਚ ਬਣੇਗਾ ਆਪ ਦਾ ਮੇਅਰ, ਨਗਰ ਨਿਗਮ ਵਿਚ ਮਿਲਿਆ ਬਹੁਮਤ,

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਕੇ ਬੂਟੇ ਲਗਾਉਣ ਦੀ ਇਸ ਮੁਹਿੰਮ ਦੀ ਜ਼ਮੀਨੀ ਪੱਧਰ ‘ਤੇ ਨਿਗਰਾਨੀ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 14.01 ਲੱਖ ਮੋਟਰਾਂ ਹਨ ਅਤੇ ਜੇਕਰ ਹਰ ਕਿਸਾਨ ਚਾਰ ਬੂਟੇ ਲਾਵੇ ਤਾਂ ਜੰਗਲਾਤ ਅਧੀਨ ਰਕਬੇ ਵਿੱਚ ਚੋਖਾ ਵਾਧਾ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਇਸ ਯੋਜਨਾ ਤਹਿਤ ਪਹਿਲਾਂ ਹੀ 3.95 ਲੱਖ ਮੋਟਰਾਂ ਨੂੰ ਕਵਰ ਕਰ ਚੁੱਕੀ ਹੈ, ਬਾਕੀ ਇਸ ਸਾਲ ਕਵਰ ਕਰ ਦਿੱਤੀਆਂ ਜਾਣਗੀਆਂ।

ਹੋਰ ਪੜ੍ਹੋ 👉  ਮੋਹਾਲੀ 'ਚ ਬਹੁਮੰਜ਼ਲੀ ਇਮਾਰਤ ਡਿੱਗਣ ਦਾ ਮਾਮਲਾ, ਸਮਾਂਬੱਧ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਗਏ

ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ (ਪਵਨ) ਨੂੰ ਗੁਰੂ ਨਾਲ, ਪਾਣੀ ਨੂੰ ਪਿਤਾ ਨਾਲ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈਂਦਿਆਂ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਸੂਬੇ ਦੇ ਲੋਕ ਵੱਧ ਤੋਂ ਵੱਧ ਪੌਦੇ ਲਗਾ ਕੇ ਸੂਬਾ ਸਰਕਾਰ ਦਾ ਸਾਥ ਦੇਣ।

Leave a Reply

Your email address will not be published. Required fields are marked *