ਨਵੀਂ ਦਿੱਲੀ, 11 ਜੁਲਾਈ (ਖ਼ਬਰ ਖਾਸ ਬਿਊਰੋ)
ਕੇਂਦਰ ਸਰਕਾਰ ਨੇ ਸਾਬਕਾ ਅਗਨੀਵੀਰਾਂ ਲਈ ਵੱਡਾ ਫੈਸਲਾ ਲਿਆ ਹੈ। ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਕੇਂਦਰੀ ਉਦਯੋਗਿਕ ਸੁਰੱਖਿਆ ਬਲ (ਸੀਆਈਐਸਐਫ) ਦੀ ਭਰਤੀ ਵਿੱਚ ਸਾਬਕਾ ਅਗਨੀਵੀਰਾਂ ਨੂੰ 10 ਪ੍ਰਤੀਸ਼ਤ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਰੀਰਕ ਮਾਪਦੰਡਾਂ ਵਿੱਚ ਵੀ ਛੋਟ ਦਿੱਤੀ ਜਾਵੇਗੀ। ਬੀਐਸਐਫ ਅਤੇ ਸੀਆਈਐਸਐਫ ਦੇ ਮੁਖੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਫੈਸਲਾ ਕੇਂਦਰੀ ਰੱਖਿਆ ਮੰਤਰਾਲੇ ਨੇ ਲਿਆ ਹੈ। ਸੀਆਈਐਸਐਫ ਦੇ ਡਾਇਰੈਕਟਰ ਜਨਰਲ ਨੀਨਾ ਸਿੰਘ ਅਤੇ ਬੀਐਸਐਫ ਦੇ ਡਾਇਰੈਕਟਰ ਜਨਰਲ ਨਿਤਿਨ ਅਗਰਵਾਲ ਨੇ ਇਹ ਜਾਣਕਾਰੀ ਦਿੱਤੀ ਹੈ। ਹਾਲ ਹੀ ਵਿੱਚ ਅਗਨੀਵੀਰ ਯੋਜਨਾ ਨੂੰ ਲੈ ਕੇ ਦੇਸ਼ ਦੀ ਸੰਸਦ ਵਿੱਚ ਕਾਫੀ ਹੰਗਾਮਾ ਹੋਇਆ ਸੀ। ਇਸ ਤੋਂ ਤੁਰੰਤ ਬਾਅਦ ਰੱਖਿਆ ਮੰਤਰਾਲੇ ਨੇ ਇਹ ਵੱਡਾ ਫੈਸਲਾ ਲਿਆ ਹੈ।
ਸਰੀਰਕ ਮਾਪਦੰਡਾਂ ਅਤੇ ਉਮਰ ਵਿੱਚ ਵੀ ਛੋਟ ਦਿੱਤੀ ਜਾਵੇਗੀ
ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਅਗਨੀਵੀਰਾਂ ਦੀ ਭਰਤੀ ਨੂੰ ਇਕ ਮੁੱਦੇ ਦੇ ਰੂਪ ਵਿਚ ਉਚਾਰਿਆ ਸੀ। ਮੋਦੀ 3, ਸਰਕਾਰ ਦੇ ਪਹਿਲੇ ਸੈਸ਼ਨ ਵਿਚ ਹੀ ਵਿਰੋਧੀ ਧਿਰ ਨੇ ਸਰਕਾਰ ਨੂੰ ਅਗਨੀਵੀਰ ਦੇ ਮੁੱਦੇ ਉਤੇ ਘੇਰ ਲਿਆ ਸੀ ਅਤੇ ਬਕਾਇਦਾ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੇ ਦੋਸ਼ਾਂ ਦਾ ਜਵਾਬ ਦੇਣਾ ਪਿਆ ਸੀ। ਅਗਨੀਵੀਰ ਯੋਜਨਾ ਨੂੰ ਲੈ ਕੇ ਦੇਸ਼ ਦੀ ਸੰਸਦ ਵਿੱਚ ਕਾਫੀ ਹੰਗਾਮਾ ਹੋਇਆ ਸੀ। ਰੱਖਿਆ ਮੰਤਰਾਲੇ ਨੇ ਇਹ ਵੱਡਾ ਫੈਸਲਾ ਲਿਆ ਹੈ। ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੇ ਕਿਹਾ ਕਿ ਆਉਣ ਵਾਲੀਆਂ ਭਰਤੀਆਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਦਸ ਫੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸਾਬਕਾ ਅਗਨੀਵੀਰਾਂ ਨੂੰ ਸਰੀਰਕ ਮਾਪਦੰਡ ਅਤੇ ਉਮਰ ਵਿੱਚ ਵੀ ਛੋਟ ਦਿੱਤੀ ਜਾਵੇਗੀ। ਪਹਿਲੇ ਸਾਲ ਭਰਤੀ ਦੌਰਾਨ ਪੰਜ ਸਾਲ ਦੀ ਉਮਰ ਦੀ ਛੋਟ ਦਿੱਤੀ ਜਾਵੇਗੀ। ਇਸ ਤੋਂ ਬਾਅਦ ਅਗਲੇ ਸਾਲ ਦੀ ਭਰਤੀ ਦੌਰਾਨ ਉਮਰ ਵਿੱਚ ਤਿੰਨ ਸਾਲ ਦੀ ਛੋਟ ਦਿੱਤੀ ਜਾਵੇਗੀ। ਨੀਨਾ ਸਿੰਘ ਨੇ ਅੱਗੇ ਦੱਸਿਆ ਕਿ ਇਸ ਤਰ੍ਹਾਂ ਸੀ.ਆਈ.ਐੱਸ.ਐੱਫ. ਨੂੰ ਪਹਿਲਾਂ ਤੋਂ ਸਿਖਲਾਈ ਪ੍ਰਾਪਤ ਫੌਜੀ ਵੀ ਮਿਲ ਸਕਣਗੇ, ਜੋ ਕਿ ਬਹੁਤ ਲਾਹੇਵੰਦ ਹੋਵੇਗਾ।