ਕਿਸਾਨਾਂ ਦੀ ਦੋ ਟੁੱਕ,ਰਸਤਾ ਖੁੱਲ੍ਹਿਆ ਤਾਂ ਜਾਵਾਂਗੇ ਦਿੱਲੀ

ਚੰਡੀਗੜ੍ਹ 16 ਜੁਲਾਈ (ਖ਼ਬਰ ਖਾਸ ਬਿਊਰੋ)
ਅੱਜ ਕਿਸਾਨ ਭਵਨ ਚੰਡੀਗੜ੍ਹ ਵਿਖੇ ਸੰਯੂਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ ਜਿਸ ਵਿੱਚ ਮੁੱਖ ਤੌਰ ‘ਤੇ ਜਗਜੀਤ ਸਿੰਘ ਡੱਲੇਵਾਲ, ਸੁਰਜੀਤ ਸਿੰਘ ਫੂਲ, ਅਮਰਜੀਤ ਮੋਹਰੀ, ਅਭਿਮਨਿਊ ਕੋਹਾੜ, ਤੇਜਵੀਰ ਸਿੰਘ, ਮਲਕੀਤ ਸਿੰਘ, ਗੁਰਅਮਨੀਤ ਸਿੰਘ ਮਾਂਗਟ, ਗੁਰਿੰਦਰ ਭੰਗੂ, ਗੁਰਦਾਸ ਲੱਕੜਵਾਲੀ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਹੁਕਮਾਂ ਅਨੁਸਾਰ ਜਦੋਂ ਵੀ ਹਰਿਆਣਾ ਦੀ ਭਾਜਪਾ ਸਰਕਾਰ ਬੈਰਿਕੇਡ ਨੂੰ ਹਟਾਉਂਦੀ ਹੈ ਤਾਂ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ ਅਤੇ ਹਰ ਪਿੰਡ ਵਿੱਚ ਇਸ ਦੀਆਂ ਵੱਡੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਹਾਈਕੋਰਟ ਦੇ ਫੈਸਲੇ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਇਹ ਸੜਕ ਕਿਸਾਨਾਂ ਨੇ ਨਹੀਂ ਸਗੋਂ ਭਾਜਪਾ ਸਰਕਾਰ ਨੇ ਜਾਮ ਕੀਤੀ ਹੈ ਅਤੇ ਹੁਣ ਵੀ ਜੇਕਰ ਹਰਿਆਣਾ ਸਰਕਾਰ ਵੱਲੋਂ ਇਹ ਸੜਕ ਨਹੀਂ ਖੋਲ੍ਹੀ ਗਈ ਤਾਂ ਵਪਾਰੀ ਵੀਰ ਵੀ ਭਾਜਪਾ ਖਿਲਾਫ ਰੋਸ ਪ੍ਰਦਰਸ਼ਨ ਕਰਨ। ਅੱਜ ਪੰਜਾਬ ਦੇ ਬਠਿੰਡਾ ਅਤੇ ਹਰਿਆਣਾ ਦੇ ਸਿਰਸਾ ਤੋਂ ਕਿਸਾਨਾਂ ਦਾ ਇੱਕ ਵੱਡਾ ਜਥਾ ਖਨੌਰੀ ਸਰਹੱਦ ਲਈ ਰਵਾਨਾ ਹੋ ਗਿਆ ਹੈ ਅਤੇ ਸ਼ਾਮ ਤੱਕ ਖਨੌਰੀ ਸਰਹੱਦ ਪਹੁੰਚ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ੁਭਕਰਨ ਸਿੰਘ ਦੇ ਕਤਲ ਦੀ ਜਾਂਚ ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੂੰ ਸੌਂਪਣਾ ਉਚਿਤ ਨਹੀਂ ਹੈ ਕਿਉਂਕਿ ਦੋਸ਼ ਤਾਂ ਖੁਦ ਹਰਿਆਣਾ ਪੁਲਿਸ ਦੇ ਅਧਿਕਾਰੀਆਂ ‘ਤੇ ਹਨ, ਜੇਕਰ ਦੋਸ਼ੀ ਹੀ ਜਾਂਚ ਕਰ ਲੈਣ ਤਾਂ ਇਨਸਾਫ਼ ਮਿਲਣ ਦੀ ਉਮੀਦ ਘੱਟ ਹੈ | ਉਨ੍ਹਾਂ ਕਿਹਾ ਕਿ ਹਰਿਆਣਾ ਦੀ ਭਾਜਪਾ ਸਰਕਾਰ ਪਹਿਲਾਂ ਹੀ ਸੁਪਰੀਮ ਕੋਰਟ ਤੱਕ ਪਹੁੰਚ ਕਰ ਚੁੱਕੀ ਹੈ ਅਤੇ ਸ਼ੁਭਕਰਨ ਸਿੰਘ ਦੇ ਕਤਲ ਦੀ ਸੁਤੰਤਰ ਜਾਂਚ ਦਾ ਵਿਰੋਧ ਕਰ ਚੁੱਕੀ ਹੈ, ਜਿਸ ਨਾਲ ਉਨ੍ਹਾਂ ਦੀ ਨੀਅਤ ਸਪੱਸ਼ਟ ਹੋ ਗਈ ਹੈ, ਇਸ ਲਈ ਜਾਂਚ ਦੇ ਮੁੱਦੇ ‘ਤੇ ਹਰਿਆਣਾ ਪੁਲਿਸ ‘ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਕਿਸਾਨ ਆਗੂਆਂ ਨੇ ਦੱਸਿਆ ਕਿ 28 ਮਾਰਚ ਤੋਂ ਜੇਲ੍ਹ ਵਿੱਚ ਬੰਦ ਨੌਜਵਾਨ ਕਿਸਾਨ ਆਗੂ ਨਵਦੀਪ ਜਲਬੇੜਾ ਦੀ ਰਿਹਾਈ ਲਈ 17 ਅਤੇ 18 ਜੁਲਾਈ ਨੂੰ ਐਸ.ਪੀ ਦਫ਼ਤਰ ਅੰਬਾਲਾ ਦਾ ਘਿਰਾਓ ਕੀਤਾ ਜਾਵੇਗਾ ਅਤੇ ਕੱਲ੍ਹ ਸਵੇਰੇ ਕਿਸਾਨ ਵੱਡੀ ਗਿਣਤੀ ਵਿੱਚ ਅੰਬਾਲਾ ਦੀ ਅਨਾਜ ਮੰਡੀ ਵਿੱਚ ਇਕੱਠੇ ਹੋਣਗੇ ਅਤੇ ਫਿਰ ਐੱਸ.ਪੀ ਦਫਤਰ ਦਾ ਘਿਰਾਓ ਕਰਨ ਲਈ ਨਿਕਲਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 22 ਜੁਲਾਈ ਨੂੰ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਇੱਕ ਸਾਂਝੀ ਕਾਨਫਰੰਸ ਨਵੀਂ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿੱਚ ਕੀਤੀ ਜਾਵੇਗੀ, ਉਨ੍ਹਾਂ ਦੱਸਿਆ ਕਿ ਦੋਵੇਂ ਮੋਰਚਿਆਂ ਨੇ ਰਾਹੁਲ ਗਾਂਧੀ ਸਮੇਤ ਸਾਰੇ ਵਿਰੋਧੀ ਆਗੂਆਂ ਨਾਲ ਮੁਲਾਕਾਤ ਕੀਤੀ। ਅਖਿਲੇਸ਼ ਯਾਦਵ ਨੂੰ ਪੱਤਰ ਲਿਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਮਿਲਣ ਤੋਂ ਬਾਅਦ ਐੱਮਐੱਸਪੀ ਗਾਰੰਟੀ ਐਕਟ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ‘ਤੇ ਸੰਸਦ ਦੇ ਆਗਾਮੀ ਸੈਸ਼ਨ ‘ਚ ਪ੍ਰਾਈਵੇਟ ਬਿੱਲ ਲਿਆਉਣ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਦੋਵਾਂ ਮੋਰਚਿਆਂ ਦੇ ਅਧਿਕਾਰੀ ਹਰਿਆਣਾ ‘ਚ ਘਰ-ਘਰ ਜਾ ਕੇ ਕਿਸਾਨਾਂ-ਮਜ਼ਦੂਰਾਂ ਨੂੰ ਜਾਗਰੂਕ ਕਰਨਗੇ ਅਤੇ 15 ਸਤੰਬਰ ਨੂੰ ਹਰਿਆਣਾ ‘ਚ ਰਾਸ਼ਟਰੀ ਪੱਧਰ ਦੀ ਕਿਸਾਨ ਮਹਾਪੰਚਾਇਤ ਕਰਵਾਈ ਜਾਵੇਗੀ, ਜਿਸ ‘ਚ ਲੱਖਾਂ ਕਿਸਾਨ ਹਿੱਸਾ ਲੈਣਗੇ |

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

 

Leave a Reply

Your email address will not be published. Required fields are marked *