ਚੰਡੀਗੜ੍ਹ, 21 ਜੁਲਾਈ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਤੋਂ ਭੱਜਣਾ ਐਨ ਡੀ ਏ ਸਰਕਾਰ ਨੂੰ ਸ਼ੋਭਾ ਨਹੀਂ ਦਿੰਦਾ ਅਤੇ ਉਹਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਸ਼ਿਕਾਇਤਾਂ ਤੁਰੰਤ ਹੱਲ ਕਰਨ।
ਬਜਟ ਸੈਸ਼ਨ ਤੋਂ ਪਹਿਲਾਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਪਰ ਕਿਸਾਨਾਂ ਨੂੰ ਹੁਣ ਵੀ ਧਰਨੇ ’ਤੇ ਬੈਠਣਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਕਿਸਾਨਾਂ ਦੇ ਸਾਰੇ ਮਸਲੇ ਹੱਲ ਹੋਣੇ ਚਾਹੀਦੇ ਹਨ।
ਬਠਿੰਡਾ ਦੇ ਐਮ ਪੀ ਨੇ ਦੇਸ਼ ਵਿਚ ਘੱਟ ਗਿਣਤੀਆਂ ਖਿਲਾਫ ਵਿਤਕਰਾ ਅਤੇ ਹਮਲਿਆਂ ਵਿਚ ਵਾਧਾ ਹੋਣ ਦੀ ਵੀ ਗੱਲ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਿਸ ਘੱਟ ਗਿਣਤੀ ਭਾਈਚਾਰੇ ਨੂੰ ਆਪਣੀਆਂ ਦੁਕਾਨਾਂ ਦੇ ਬਾਹਰ ਆਪਣੇ ਨਾਵਾਂ ਦੀਆਂ ਤਖਤੀਆਂ ਲਾਉਣ ਵਾਸਤੇ ਆਖ ਰਹੀ ਹੈ ਜਿਸ ਨਾਲ ਉਹਨਾਂ ਨੂੰ ਆਰਥਿਕ ਤੌਰ ’ਤੇ ਸੱਟ ਵੱਜੇਗੀ। ਉਹਨਾਂ ਕਿਹਾ ਕਿ ਇਸੇ ਤਰੀਕੇ ਰਾਜਸਥਾਨ ਵਿਚ ਅੰਮ੍ਰਿਤਧਾਰੀ ਸਿੱਖ ਬੀਬੀਆਂ ਨੂੰ ਜੁਡੀਸ਼ੀਅਲ ਪ੍ਰੀਖਿਆ ਵਾਸਤੇ ਪ੍ਰੀਖਿਆ ਕੇਂਦਰ ਵਿਚ ਦਾਖਲ ਹੋਣ ਤੋਂ ਰੋਕਿਆ ਗਿਆ ਜੋ ਕਿ ਆਪਣੇ ਧਰਮ ਨੂੰ ਅਪਣਾਉਣ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ।
ਉਹਨਾਂ ਕਿਹਾ ਕਿ ਸ੍ਰੀਗੰਗਾਨਗਰ ਵਿਚ ਇਕ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਖਿਲਾਫ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਤਹਿਤ ਕੇਸ ਦਰਜ ਕਰ ਦਿੱਤਾ ਗਿਆ ਕਿਉਂਕਿ ਉਹ ਗੁਰਦੁਆਰਾ ਸਾਹਿਬ ਢਹਿ ਢੇਰੀ ਕਰਨ ਵਾਲਿਆਂ ਦੇ ਖਿਲਾਫ ਬੋਲ ਰਹੇ ਸਨ।
ਪੰਜਾਬ ਵਿਚ ਨਸ਼ਾ ਤਸਕਰੀ ਤੇ ਨਸ਼ਿਆਂ ਦੇ ਪਸਾਰ ਵਿਚ ਹੋਏ ਵਾਧੇ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਪੰਜਾਬ ਵਿਚ ਨਸ਼ੇ ਸੁੱਟੇ ਜਾ ਰਹੇ ਹਨ। ਉਹਨਾਂ ਕਿਹਾ ਕਿ ਸੂਬੇ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਵਿਚ ਸਿਆਸਤਦਾਨਾਂ ਤੇ ਪੁਲਿਸ ਵਿਚਾਰ ਗੰਢਤੁਪ ਕਾਰਣ ਹਾਲਾਤ ਬਹੁਤ ਵਿਗੜ ਗਏ ਹਨ ਅਤੇ ਰੋਜ਼ਾਨਾ ਲੋਕ ਨਸ਼ਿਆਂ ਦੀ ਓਵਰਡੋਜ਼ ਨਾਲ ਮਰ ਰਹੇ ਹਨ। ਸਰਦਾਰਨੀ ਬਾਦਲ ਨੇ ਨਸ਼ਾ ਤਸਕਰੀ ਤੇ ਨਸ਼ਿਆਂ ਦੀ ਪੰਜਾਬ ਵਿਚ ਸਮਗਲਿੰਗ ਰੋਕਣ ਵਾਸਤੇ ਵਿਆਪਕ ਨੀਤੀ ਬਣਾਉਣ ਦੀ ਮੰਗ ਕੀਤੀ।
ਸਰਦਾਰਨੀ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਲਗਾਤਾਰ ਪੰਜਾਬ ਤੋਂ ਇਸਦੇ ਦਰਿਆਈ ਪਾਣੀ ਲਗਾਤਾਰ ਖੋਹੇ ਜਾਂਦੇ ਰਹੇ ਹਨ ਤੇ ਹੁਣ ਪੰਜਾਬ ਦਾ ਪਾਣੀ ਹਰਿਆਣਾ ਅਤੇ ਦਿੱਲੀ ਨੂੰ ਸਤਲੁਜ ਯਮੁਨਾ ਲਿੰਕ ਨਹਿਰ ਰਾਹੀਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ।
ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕਾਂਗਰਸ, ਭਾਜਪਾ ਤੇ ਆਪ ਸਮੇਤ ਸਾਰੀਆਂ ਕੌਮੀ ਪਾਰਟੀਆਂ ਨੇ ਇਸ ਅਹਿਮ ਮਾਮਲੇ ’ਤੇ ਆਪਣੇ ਦੋਗਲੇਪਣ ਨਾਲ ਪੰਜਾਬ ਦਾ ਸਟੈਂਡ ਕਮਜ਼ੋਰ ਕੀਤਾ ਹੈ। ਉਹਨਾਂ ਕਿਹਾ ਕਿ ਇਹ ਪਾਰਟੀਆਂ ਪੰਜਾਬ ਵਿਚ ਐਸ ਵਾਈ ਐਲ ਦੀ ਉਸਾਰੀ ਦਾ ਵਿਰੋਧ ਕਰਦੀਆਂ ਰਹੀਆਂ ਹਨ ਪਰ ਹਰਿਆਣਾ ਤੇ ਦਿੱਲੀ ਵਿਚ ਇਸਦੀ ਹਮਾਇਤ ਕਰਦੀਆਂ ਹਨ। ਉਹਨਾਂ ਕਿਹਾ ਕਿ ਜੇਕਰ ਨਹਿਰ ਦੀ ਉਸਾਰੀ ਹੋ ਗਈ ਤਾਂ ਪੰਜਾਬ ਮਾਰੂਥਲ ਬਣ ਜਾਵੇਗਾ ਤੇ ਇਸ ਨਾਲ ਕਿਸਾਨਾਂ ਦੇ ਨਾਲ-ਨਾਲ ਸੂਬੇ ਦੇ ਅਰਥਚਾਰੇ ’ਤੇ ਬਹੁਤ ਵੱਡੀ ਮਾਰ ਪਵੇਗੀ।
ਕੇਂਦਰੀ ਐਨਫੋਰਸਮੈਂਟ ਏਜੰਸੀਆਂ ਦੇ ਇਕਪਾਸੜ ਕੰਮਕਾਜ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਦਿੱਲੀ ਸ਼ਰਾਬ ਘੁਟਾਲੇ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤਾਂ ਗ੍ਰਿਫਤਾਰ ਕੀਤਾ ਗਿਆ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਕੋਈ ਕਾਰਵਾਈ ਨਹੀਂ ਹੋ ਰਹੀ ਜਦੋਂ ਕਿ ਇਹੀ ਘੁਟਾਲਾ ਪੰਜਾਬ ਵਿਚ ਵੀ ਹੋਇਆ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਇਹ ਹੈ ਕਿ ਪੰਜਾਬ ਆਪ ਸਰਕਾਰ ਨਾਲ ਕੋਈ ਆਪਸੀ ਸਾਂਝ ਪਾਈ ਗਈ ਹੈ।