ਚੰਡੀਗੜ੍ਹ 23 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖਕੇ ਕਿਸਾਨਾਂ ਦਾ ਰੋਸ ਮਾਰਚ ਰੋਕਣ, ਕਿਸਾਨਾਂ ਉਤੇ ਲਾਠੀਚਾਰਜ਼ ਕਰਨ ਵਾਲੇ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਪੁਰਸਕਾਰ ਦੇਣ ਉਤੇ ਸਖ਼ਤ ਇਤਰਾਜ਼ ਪ੍ਰਗਟ ਕੀਤ ਹੈ।
ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਹਰਿਆਣਾ ਦੇ ਪੁਲਿਸ ਮੁਖੀ ਵੱਲੋਂ ਸ਼ੰਭੂ ਬੈਰੀਅਰ ਉਤੇ ਕਿਸਾਨਾਂ ਦੇ ਰੋਸ ਮਾਰਚ ਨੂੰ ਰੋਕਣ ਤੇ ਲਾਠੀਚਾਰਜ਼ ਵਿਚ ਸ਼ਾਮਲ ਪੁਲਿਸ ਅਧਿਕਾਰੀਆਂ, ਮੁਲਾਜ਼ਮਾਂ ਨੂੰ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਦੇਸ਼ ਦਾ ਅੰਨ ਭੰਡਾਰ ਭਰ ਰਹੇ ਹਨ ਅਤੇ ਕਿਸਾਨਾਂ ਨੂੰ ਇਕ ਸਾਜਿਸ਼ ਤਹਿਤ ਬਦਨਾਮ ਕੀਤਾ ਜਾ ਰਿਹਾ ਹੈ। ਕਿਸਾਨਾਂ ਨਾਲ ਬਹੁਤ ਧੱਕੇਸ਼ਾਹੀ ਤੇ ਬੇਇਨਸਾਫ਼ੀ ਕੀਤੀ ਜਾ ਰਹੀ ਹੈ, ਜਦੋਂ ਕਿ ਉਹ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਸੰਘਰਸ਼ ਕਰ ਰਹੇ ਹਨ, ਪੰਜਾਬ ਵਿਚ ਉਹਨਾਂ ਅੰਦੋਲਨ ਸਾਂਤਮਈ ਰਿਹਾ ਹੈ। ਉਨ੍ਹਾਂ ਕਿਹਾ ਕਿ 1960 ਦੇ ਦਹਾਕੇ ਵਿੱਚ ਦੇਸ਼ ਦੀ ਅੰਨ ਸੁਰੱਖਿਆ ਨੂੰ ਬਣਾਉਣ ਵਾਲੇ ਕਿਸਾਨਾਂ ਪ੍ਰਤੀ ਦੇਸ਼ ਇੰਨਾ ਸੰਵੇਦਨਹੀਣ ਕਿਵੇਂ ਹੋ ਸਕਦਾ ਹੈ।
ਸੰਧਵਾਂ ਨੇ ਚਿੱਠੀ ਵਿਚ ਹਰਿਆਣਾ ਪੁਲਿਸ ਦੇ ਡਾਇਰੈਕਟਰ ਜਨਰਲ ਵੱਲੋਂ ਸ਼ੰਭੂ ਬੈਰੀਅਰ ‘ਤੇ ਕਿਸਾਨਾਂ ਦੇ ਮਾਰਚ ਨੂੰ ਰੋਕਣ ਵਿੱਚ ਭੂਮਿਕਾ ਨਿਭਾਉਣ ਵਾਲੇ ਛੇ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਬਹਾਦਰੀ ਦੇ ਮੈਡਲ ਦੇਣ ਦੀ ਸਿਫ਼ਾਰਸ਼ ‘ਤੇ ਸਖ਼ਤ ਇਤਰਾਜ਼ ਹੈ। ਸੰਧਵਾਂ ਨੇ ਕਿਹਾ ਕਿ ਉਹ ਪੁਲਿਸ ਮੁਲਾਜ਼ਮਾਂ ਦੀ ਬਹਾਦਰੀ ਦਾ ਸਤਿਕਾਰ ਕਰਦੇ ਹਨ, ਪਰ ਸ਼ੰਭੂ ਵਿਖੇ ਪੰਜਾਬ-ਹਰਿਆਣਾ ਬੈਰੀਅਰ ‘ਤੇ ਸਥਿਤੀ ਬਹੁਤ ਹੀ ਸੰਵੇਦਨਸ਼ੀਲ ਹੈ। ਇੱਥੇ ਪੁਲਿਸ ਮੁਲਾਜ਼ਮਾਂ ਨੇ ਆਪਣੇ ਫਰਜ਼ ਦੇ ਉਲਟ ਡਿਊਟੀ ਨਿਭਾਈ ਹੈ ਅਤੇ ਉਨ੍ਹਾਂ ਦੇ ਕੰਮਾਂ ਨੂੰ ਬਹਾਦਰੀ ਦੇ ਮੈਡਲਾਂ ਨਾਲ ਵਡਿਆਉਣਾ ਠੀਕ ਨਹੀਂ ਹੈ।
ਸੰਧਵਾਂ ਨੇ ਕਿਹਾ ਕਿ ਕਿਸਾਨਾਂ ਉਤੇ ਲਾਠੀਚਾਰਜ਼ ਕਰਨ, ਕਿਸਾਨਾਂ ਨੂੰ ਬਿਨਾਂ ਵਜ੍ਹਾ ਰੋਕਕੇ ਪਰੇਸ਼ਾਨ ਕਰਨ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਬਹਾਦਰੀ ਦੇ ਮੈਡਲ ਦੇਣਾ ਪੀੜਤਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕਣ ਦੇ ਬਰਾਬਰ ਹੈ। ਇਹ ਨਾ ਸਿਰਫ਼ ਲੋਕਤਾਂਤਰਿਕ ਕਦਰਾਂ-ਕੀਮਤਾਂ ਦਾ ਘਾਣ ਕਰਦਾ ਹੈ, ਬਲਕਿ ਕਿਸਾਨਾਂ ਦੇ ਜਾਇਜ਼ ਅਤੇ ਸ਼ਾਂਤਮਈ ਸੰਘਰਸ਼ ਦਾ ਵੀ ਨਿਰਾਦਰ ਹੈ।