ਲੋਕਾਂ ਦੀਆਂ ਆਸਾਂ-ਉਮੀਦਾਂ ਉੱਤੇ ਖਰਾ ਉੱਤਰਿਆ ‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਪ੍ਰੋਗਰਾਮ

ਜਲੰਧਰ, 25 ਜੁਲਾਈ (ਖ਼ਬਰ ਖਾਸ ਬਿਊਰੋ)

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਰਾਹੀਂ ਲੋਕਾਂ ਦੀਆਂ  ਦੁੱਖ-ਤਕਲੀਫਾਂ ਸੁਣਨ ਦੇ ਉਪਰਾਲੇ ਨੂੰ ਸ਼ਾਨਦਾਰ ਤਜਰਬਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਝੇ ਅਤੇ ਦੋਆਬੇ ਤੋਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਵਿਲੱਖਣ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਨ੍ਹਾਂ ਦੀਆਂ ਸ਼ਿਕਾਇਤਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ।

ਇਸ ਦੋ-ਦਿਨਾ ਪ੍ਰੋਗਰਾਮ ਦੇ ਅੱਜ ਦੂਜੇ ਦਿਨ ਜਲੰਧਰ ਵਿੱਚ ਮੁੱਖ ਮੰਤਰੀ ਦੇ ਕੈਂਪ ਆਫ਼ਿਸ ਵਿੱਚ ਲੋਕ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੇ ਫੌਰੀ ਹੱਲ ਹੋਣ ਦੇ ਭਰੋਸੇ ਨਾਲ ਪਹੁੰਚੇ। ਮੁੱਖ ਮੰਤਰੀ ਨੇ ਵੀ ਦੂਰ-ਦੁਰਾਡੇ ਤੋਂ ਆਏ ਲੋਕਾਂ ਨੂੰ ਨਿਰਾਸ਼ ਨਹੀਂ ਕੀਤਾ ਸਗੋਂ ਨਿੱਜੀ ਦਿਲਚਸਪੀ ਲੈ ਕੇ ਹਾਜ਼ਰ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ।

ਹੋਰ ਪੜ੍ਹੋ 👉  ਧਾਮੀ ਰੱਦ ਹੋਈ ਮੀਟਿੰਗ ਦੇ ਸੁਖਬੀਰ ਧੜੇ ਦੇ ਲੁਕਵੇਂ ਏਜੰਡੇ ਨੂੰ ਜਨਤਕ ਕਰਨ: ਭਾਈ ਮਨਜੀਤ ਸਿੰਘ

ਇਸ ਪ੍ਰੋਗਰਾਮ ਵਿੱਚ ਸਿਰਫ ਜਲੰਧਰ ਜ਼ਿਲ੍ਹੇ ਤੋਂ ਹੀ ਨਹੀਂ ਸਗੋਂ ਟਾਂਡਾ, ਤਰਨ ਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ ਸਮੇਤ ਹੋਰ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਸਨ। ਮੁੱਖ ਮੰਤਰੀ ਨੇ ਵਾਰੋ-ਵਾਰੀ ਹਰੇਕ ਵਿਅਕਤੀ ਨਾਲ ਮੁਲਾਕਾਤ ਕੀਤੀ ਅਤੇ ਬੜੇ ਠਰ੍ਹਮੇ ਨਾਲ ਦੁੱਖ-ਤਕਲੀਫ਼ ਸੁਣੀ। ਕੁਝ ਲੋਕ ਬਿਜਲੀ ਵਿਭਾਗ ਨਾਲ ਜੁੜੇ ਮਸਲੇ ਲੈ ਕੇ ਪਹੁੰਚੇ ਸਨ ਜਦਕਿ ਕੁਝ ਲੋਕਾਂ ਦੀਆਂ ਸਮੱਸਿਆਵਾਂ ਸਿੰਚਾਈ, ਸਿੱਖਿਆ ਅਤੇ ਹੋਰ ਵਿਭਾਗਾਂ ਨਾਲ ਸਬੰਧਤ ਸਨ। ਇੱਥੇ ਹਾਜ਼ਰ ਬਹੁਤ ਸਾਰੇ ਲੋਕਾਂ ਨੇ ਤਾਂ ਇਸ ਨਿਵੇਕਲੇ ਪ੍ਰੋਗਰਾਮ ਲਈ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਹੋਰ ਪੜ੍ਹੋ 👉  ਬੰਦ ਕੀਤੀਆਂ ਪੁਲਿਸ ਚੌਕੀਆਂ ਵਿਚ ਮੁੜ ਪੁਲਿਸ ਮੁਲਾਜ਼ਮ ਕੀਤੇ ਤਾਇਨਾਤ

‘ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ’ ਵਿੱਚ ਲੋਕਾਂ ਵੱਲੋਂ ਪ੍ਰਗਟਾਏ ਵਿਸ਼ਵਾਸ ਉੱਤੇ ਤਸੱਲੀ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਚੰਡੀਗੜ੍ਹ ਦੇ ਗੇੜੇ ਨਹੀਂ ਲਾਉਣੇ ਪੈਣਗੇ ਕਿਉਂਕਿ ਸਰਕਾਰ ਖੁਦ ਉਨ੍ਹਾਂ ਕੋਲ ਆ ਕੇ ਮੌਕੇ ’ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦੋ ਦਿਨਾਂ ਪ੍ਰੋਗਰਾਮ ਦਾ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਇਸ ਪ੍ਰੋਗਰਾਮ ਨੂੰ ਜਾਰੀ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸੇ ਵੀ ਸਰਕਾਰ ਨੇ ਅਜਿਹਾ ਕਦਮ ਨਹੀਂ ਚੁੱਕਿਆ ਗਿਆ, ਜਿਸ ਕਾਰਨ ਲੋਕ ਵੱਡੀ ਗਿਣਤੀ ਵਿੱਚ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਸਹਾਈ ਹੋ ਰਿਹਾ ਹੈ, ਸਗੋਂ ਸੂਬਾ ਸਰਕਾਰ ਦੀਆਂ ਨੀਤੀਆਂ ਸਬੰਧੀ ਜ਼ਮੀਨੀ ਪੱਧਰ ਦੀ ਫੀਡਬੈਕ ਹਾਸਲ ਕਰਨ ਦਾ ਢੁਕਵਾਂ ਮੰਚ ਸਾਬਤ ਹੋ ਰਿਹਾ ਹੈ।

ਹੋਰ ਪੜ੍ਹੋ 👉  ਸਰਕਾਰ ਦਾ ਦਾਅਵਾ,ਸਾਲ 2024 ਵਿੱਚ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲੰਧਰ ਨੂੰ ਆਪਣਾ ਕੈਂਪ ਆਫਿਸ ਬਣਾਇਆ ਹੈ ਤਾਂ ਜੋ ਦੁਆਬਾ ਤੇ ਮਾਝਾ ਦੇ ਲੋਕ ਆਪਣਾ ਕੰਮਕਾਜ ਕਰਵਾਉਣ ਲਈ ਉਨ੍ਹਾਂ ਕੋਲ ਸਿੱਧੀ ਪਹੁੰਚ ਕਰ ਸਕਣ। ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਹਫ਼ਤੇ ਵਿਚ ਦੋ ਦਿਨ ਜਲੰਧਰ ਆ ਕੇ ਲੋਕਾਂ ਦੀਆਂ ਦੁੱਖ-ਤਕਲੀਫਾਂ ਸੁਨਣਗੇ।

——————-

Leave a Reply

Your email address will not be published. Required fields are marked *