ਚੰਡੀਗੜ੍ਹ, 31 ਜੁਲਾਈ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਦੇ ਖ਼ਜ਼ਾਨਚੀ ਅਤੇ ਦੋ ਵਾਰ ਦੇ ਵਿਧਾਇਕ ਐਨ ਕੇ ਸ਼ਰਮਾ ਨੇ ਕਿਹਾ ਹੈ ਕਿ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਈ ਜ਼ਿਲ੍ਹਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਬਰਬਾਦ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਚੰਦੂਮਾਜਰਾ ਨੂੰ ਪਾਰਟੀ ਵਿਚੋਂ ਬਾਹਰ ਕੱਢਣਾ ਪਾਰਟੀ ਲਈ ਲਾਹੇਵੰਦ ਸਾਬਤ ਹੋਵੇਗਾ।
ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਐਨ ਕੇ ਸ਼ਰਮਾ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਸਭ ਤੋਂ ਪਹਿਲਾਂ ਪਟਿਆਲਾ ਜ਼ਿਲ੍ਹੇ ਵਿਚ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਬਾਂਹ ਫੜ ਕੇ ਰਾਜਨੀਤੀ ਕਰਨੀ ਸ਼ੁਰੂ ਕੀਤੀ ਸੀ ਪਰ ਬਾਅਦ ਵਿਚ ਜਥੇਦਾਰ ਟੌਹੜਾ ਦਾ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਜਥੇਦਾਰ ਟੌਹੜਾ ਦੇ ਅਕਾਲ ਚਲਾਣੇ ਤੋਂ ਬਾਅਦ ਪ੍ਰੋ. ਚੰਦੂਮਾਜਰਾ ਨੇ ਮਰਹੂਮ ਕੈਪਟਨ ਕੰਵਲਜੀਤ ਸਿੰਘ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਮਗਰੋਂ ਕੈਪਟਨ ਕੰਵਲਜੀਤ ਸਿੰਘ ਦੇ ਸਦੀਵੀਂ ਵਿਛੋੜ ਤੋਂ ਬਾਅਦ ਪ੍ਰੋ. ਚੰਦੂਮਾਜਰਾ ਨੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿਚ ਉਹਨਾਂ ਨੇ ਉਹਨਾਂ ਦੀ ਪਟਿਆਲਾ ਤੋਂ ਉਮੀਦਵਾਰੀ ਦੀ ਡਟਵੀਂ ਹਮਾਇਤ ਨਹੀਂ ਕੀਤੀ ਸਗੋਂ ਆਪਣੇ ਸਾਰੇ ਵਰਕਰ ਲੈ ਕੇ ਸ੍ਰੀ ਆਨੰਦਪੁਰ ਸਾਹਿਬ ਜਾ ਡੇਰੇ ਲਗਾਏ ਤੇ ਪਾਰਟੀ ਦੀ ਹਾਰ ਦਾ ਕਾਰਣ ਬਣੇ।
ਉਹਨਾਂ ਕਿਹਾ ਕਿ ਇਹ ਇਕ ਇਤਿਹਾਸਕ ਸੱਚਾਈ ਹੈ ਕਿ ਪਟਿਆਲਾ ਵਿਚ 30 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਐਮ ਪੀ ਚੋਣਾਂ ਵਿਚ ਹਾਰ ਲਈ ਪ੍ਰੋ. ਚੰਦੂਮਾਜਰਾ ਹੀ ਜ਼ਿੰਮੇਵਾਰ ਹਨ।
ਉਹਨਾਂ ਕਿਹਾ ਕਿ ਪਟਿਆਲਾ ਮਗਰੋਂ ਪ੍ਰੋ. ਚੰਦੂਮਾਜਰਾ ਨੇ ਸ਼ਹੀਦਾਂ ਦੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ’ਤੇ ਜਾ ਡੇਰੇ ਜਮਾਏ ਤੇ ਇਥੋਂ ਵੀ ਅਕਾਲੀ ਦਲ ਦਾ ਮੁਕੰਮਲ ਸਫਾਇਆ ਕਰਵਾ ਦਿੱਤਾ। ਉਹਨਾਂ ਕਿਹਾ ਕਿ ਜਦੋਂ ਇਥੇ ਵੀ ਉਹਨਾਂ ਨੂੰ ਤੱਸਲੀ ਨਾ ਹੋਈ ਤਾਂ ਉਹ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਜਾ ਪਹੁੰਚੇ ਤੇ ਮੁਹਾਲੀ, ਰੋਪੜ ਤੇ ਹੋਰ ਨਾਲ ਲਗਵੇਂ ਜ਼ਿਲ੍ਹਿਆਂ ਵਿਚ ਪਾਰਟੀ ਦੀ ਹਾਰ ਯਕੀਨੀ ਬਣਾਉਂਦਿਆਂ ਪਾਰਟੀ ਦਾ ਸਫਾਇਆ ਕਰਵਾ ਦਿੱਤਾ।
ਉਹਨਾਂ ਕਿਹਾ ਕਿ ਜਿਸ ਵਿਅਕਤੀ ਤੇ ਜਿਸਦੇ ਪਰਿਵਾਰ ਵਾਸਤੇ ਪਾਰਟੀ ਨੇ ਇੰਨਾ ਕੁਝ ਦਿੱਤਾ ਹੋਵੇ, ਉਹ ਸਿਰਫ ਆਪਣੀ ਹਊਮੈ ਤੇ ਨਿੱਜੀ ਲਾਭਾਂ ਵਾਸਤੇ ਪਾਰਟੀ ਦਾ ਵੱਡਾ ਨੁਕਸਾਨ ਕਰਵਾਉਂਦਾ ਰਿਹਾ ਹੈ।
ਉਹਨਾਂ ਕਿਹਾ ਕਿ ਉਹ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਅਪੀਲ ਕਰਦੇ ਹਨ ਕਿ ਅਜਿਹੇ ਆਗੂਆਂ ਨੂੰ ਭਵਿੱਖ ਵਿਚ ਮੁੜ ਅਕਾਲੀ ਦਲ ਵਿਚ ਸ਼ਾਮਲ ਨਾ ਕੀਤਾ ਜਾਵੇ ਅਤੇ ਇਹਨਾਂ ਦੀ ਥਾਂ ਪਾਰਟੀ ਪ੍ਰਤੀ ਮਿਹਨਤ ਕਰਨ ਵਾਲੇ ਸਮਰਪਿਤ ਆਗੂਆਂ ਨੂੰ ਪਾਰਟੀ ਵਿਚ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਪਾਰਟੀ ਜ਼ਮੀਨੀ ਪੱਧਰ ’ਤੇ ਮਜ਼ਬੂਤ ਹੋ ਸਕੇ।