ਚੰਡੀਗੜ੍ਹ, 3 ਅਗਸਤ (ਖ਼ਬਰ ਖਾਸ ਬਿਊਰੋ)
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਅੱਜ ਇੱਕ ਆਈਆਰਐਸ ਅਫਸਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਸਾਬਕਾ ਏਆਈਜੀ ਨੇ ਆਪਣੇ ਹੀ ਜਵਾਈ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਪਰਿਵਾਰਾਂ ਵਿੱਚ ਘਰੇਲੂ ਕਲੇਸ਼ ਚੱਲ ਰਿਹਾ ਸੀ ਜਿਸ ਨੂੰ ਸੁਲਝਾਉਣ ਲਈ ਉਹ ਚੰਡੀਗੜ੍ਹ ਦੇ ਫੈਮਿਲੀ ਕੋਰਟ ਵਿੱਚ ਪਹੁੰਚੇ ਸਨ।
ਚੰਡੀਗੜ੍ਹ ਦੇ ਸੈਕਟਰ-43 ਵਿੱਚ ਸਥਿਤ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿੱਚ ਪੰਜਾਬ ਦੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੇ ਆਪਣੇ ਆਈਆਰਐੱਸ ਅਧਿਕਾਰੀ ਜਵਾਈ ਹਰਪ੍ਰੀਤ ਸਿੰਘ ਦੀ ਗੋਲੀ ਮਾਰ ਦਿੱਤੀ। ਇਸ ਦੌਰਾਨ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਹਸਪਤਾਲ ਵਿੱਚ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਨੇ ਸਾਬਕਾ ਏਆਈਜੀ ਮਾਲਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਆਈਆਰਐੱਸ ਅਧਿਕਾਰੀ ਹਰਪ੍ਰੀਤ ਸਿੰਘ ਦਾ ਆਪਣੀ ਪਤਨੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਉਸੇ ਮਾਮਲੇ ਵਿੱਚ ਅੱਜ ਦੋਵੇਂ ਧਿਰਾਂ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਸਥਿਤ ਮੈਡੀਏਸ਼ਨ ਸੈਂਟਰ ’ਚ ਇਕੱਠੀਆਂ ਹੋਈਆ। ਇਸ ਦੌਰਾਨ ਸਾਬਕਾ ਏਆਈਜੀ ਨੇ ਆਪਣੇ ਜਵਾਈ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਰ ਕੇ ਉਸ ਦੀ ਮੌਤ ਹੋ ਗਈ। ਚੰਡੀਗੜ੍ਹ ਪੁਲੀਸ ਦੇ ਥਾਣਾ ਸੈਕਟਰ-36 ਦੀ ਪੁਲੀਸ ਨੇ ਸਾਬਕਾ ਏਆਈਜੀ ਨੂੰ ਗ੍ਰਿਫ਼ਤਾਰ ਕਰ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।