ਅਜ਼ਾਦੀ ਦਿਵਸ,ਪੁਲਿਸ ਦੀਆਂ 393 ਟੀਮਾਂ ਨੇ 2493 ਵਿਅਕਤੀਆਂ ਦੀ ਤਲਾਸ਼ੀ ਲਈ

ਚੰਡੀਗੜ੍ਹ, 6 ਅਗਸਤ (ਖ਼ਬਰ ਖਾਸ  ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਨੂੰ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਸਾਰੇ ਬੱਸ ਸਟੈਂਡਾਂ ਦੀ ਤਲਾਸ਼ੀ ਕੀਤੀ।
ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਦੁਪਹਿਰ 1 ਵਜੇ ਤੋਂ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਬੱਸ ਸਟੈਂਡ ‘ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰ ਅਧੀਨ ਬੱਸ ਅੱਡਿਆਂ ਦੀ ਢੁੱਕਵੀਂ ਘੇਰਾਬੰਦੀ ਅਤੇ ਮੁਕੰਮਲ ਤਲਾਸ਼ੀ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਆਪ੍ਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ ਜ਼ਿਲ੍ਹਿਆਂ ਵਿੱਚ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਵੱਧ ਤੋਂ ਵੱਧ ਪੁਲਿਸ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੀਪੀਜ਼/ਐਸਐਸਪੀਜ਼ ਨੂੰ ਵਾਹਨ ਐਪ ਦੀ ਵਰਤੋਂ ਕਰਕੇ ਬੱਸ ਸਟੈਂਡ ਦੇ ਆਲੇ-ਦੁਆਲੇ ਖੜ੍ਹੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਵੀ ਕਿਹਾ ਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਨਿਮਰਤਾ ਨਾਲ ਪੇਸ਼ ਆਉਣ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਉਂਦਿਆਂ ਸੂਬੇ ਭਰ ਦੇ ਵੱਖ-ਵੱਖ ਬੱਸ ਅੱਡਿਆਂ ‘ਤੇ ਸ਼ੱਕੀ ਵਿਅਕਤੀਆਂ ਦੀ ਤਲਾਸੀ ਕਰਨ ਲਈ 2500 ਪੁਲਸ ਮੁਲਾਜ਼ਮਾਂ ਵਾਲੀਆਂ 393 ਪੈਟਰੋਲਿੰਗ ਪਾਰਟੀਆਂ ਤਾਇਨਾਤ ਕੀਤੀਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ 195 ਬੱਸ ਅੱਡਿਆਂ ‘ਤੇ ਚਲਾਏ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 2493 ਲੋਕਾਂ ਦੀ ਚੈਕਿੰਗ ਕੀਤੀ, ਜਦਕਿ ਚਾਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ।
ਉਨ੍ਹਾਂ ਅੱਗੇ ਦੱਸਿਆ ਕਿ ਬੱਸ ਸਟੈਂਡ ਦੇ ਆਲੇ-ਦੁਆਲੇ ਵੱਖ-ਵੱਖ ਪਾਰਕਿੰਗਾਂ ਵਿੱਚ ਖੜ੍ਹੇ 3174 ਵਾਹਨਾਂ ਦੀ ਵੀ ਚੈਕਿੰਗ ਕੀਤੀ ਗਈ, ਜਿਸ ਦੌਰਾਨ ਪੁਲਿਸ ਟੀਮਾਂ ਵੱਲੋਂ 205 ਚਲਾਨ ਕੱਟੇ ਗਏ ਅਤੇ 11 ਵਾਹਨ ਜ਼ਬਤ ਕੀਤੇ ਗਏ।
ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਸੂਬੇ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਅਜਿਹੇ ਅਭਿਆਨ ਜਾਰੀ ਰਹਿਣਗੇ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

Leave a Reply

Your email address will not be published. Required fields are marked *