ਚੰਡੀਗੜ੍ਹ, 12 ਅਗਸਤ (ਖ਼ਬਰ ਖਾਸ ਬਿਊਰੋ)
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਆਜ਼ਾਦੀ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਦਾਅਵਾ ਫੇਲ੍ਹ ਸਾਬਤ ਹੋਇਆ ਹੈ।
ਬਾਜਵਾ ਨੇ ਇਕ ਬਿਆਨ ਵਿਚ ਕਿਹਾ ਕਿ ਮੁੱਖ ਮੰਤਰੀ ਨੇ 15 ਅਗਸਤ 2023 ਨੂੰ ਸੁਤੰਤਰਤਾ ਦਿਵਸ ਮੌਕੇ ਇੱਕ ਸਾਲ ਦੇ ਅੰਦਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦਾ ਵਾਅਦਾ ਕੀਤਾ ਸੀ। ਬਾਜਵਾ ਨੇ ਕਿਹਾ ਕਿ ਮੁੜ 15 ਅਗਸਤ ਆਉਣ ਵਾਲਾ ਹੈ, ਪਰ ਪੰਜਾਬ ਵਿਚੋਂ ਚਿੱਟੇ ਦਾ ਕਹਿਰ ਖ਼ਤਮ ਨਹੀਂ ਹੋ ਸਕਿਆ। ਮੁੱਖ ਮੰਤਰੀ ਨਸ਼ਾ ਖ਼ਤਮ ਕਰਨ ਵਿਚ ਨਾਕਾਮ ਸਾਬਤ ਹੋਏ ਹਨ।
ਬਾਜਵਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ‘ਆਪ’ ਦੀ ਸਰਕਾਰ ਬਣਨ ਦੇ ਚਾਰ ਮਹੀਨਿਆਂ ਦੇ ਅੰਦਰ ਅੰਦਰ ਪੰਜਾਬ ਵਿਚ ਨਸ਼ਿਆਂ ‘ਤੇ ਲਗਾਮ ਲਗਾਉਣ ਦਾ ਵਾਅਦਾ ਕੀਤਾ ਸੀ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਜਦੋਂ ਤੋਂ ‘ਆਪ’ ਨੇ ਪੰਜਾਬ ਵਿੱਚ ਸਰਕਾਰ ਬਣਾਈ ਹੈ, ਨਸ਼ਿਆਂ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਇੱਕ ਆਮ ਗੱਲ ਬਣ ਗਈ ਹੈ।