ਨਗਰ ਨਿਗਮ ਬਠਿੰਡਾ ਦੇ ਮੇਅਰ ਦੀ ਚੋਣ ਦਾ ਰਾਹ ਹੋਇਆ ਪੱਧਰਾ

ਬਠਿੰਡਾ 14 ਅਗਸਤ (ਖ਼ਬਰ ਖਾਸ ਬਿਊਰੋ)

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਤੋਂ ਹਟਾਏ ਗਏ ਰਮਨ ਗੋਇਲ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ। ਜਿਸ ਨਾਲ ਬਠਿੰਡਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਦਾ ਰਾਹ ਪੱਧਰਾ ਹੋ ਗਿਆ ਹੈ। ਹਾਈਕੋਰਟ ਨੇ ਤਤਕਾਲੀ ਮੇਅਰ ਨੂੰ ਕੋਈ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ ਬੇਭਰੋਸਗੀ ਦੇ ਮਤੇ ਨੂੰ ਜਾਇਜ਼ ਦੱਸਦੇ ਹੋਏ ਪਟੀਸ਼ਨ ਨੂੰ ਰੱਦ ਕਰ ਦਿੱਤੀ ਹੈ। ਹਾਈਕੋਰਟ ਦੇ ਫੈਸਲੇ ਬਾਅਦ ਹੁਣ ਜਨਰਲ ਹਾਊਸ ਨਵਾਂ ਮੇਅਰ ਚੁਣਨ ਦੀ ਪ੍ਰਕਿਰਿਆ ਸ਼ੁਰੂ ਕਰ ਸਕੇਗਾ।

ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਲੋਂ ਮੇਅਰ ਦਾ ਕਾਰਜਕਾਰ ਦੇਖਿਆ ਜਾ ਰਿਹਾ ਸੀ। ਸਥਾਨਕ ਸਰਕਾਰਾਂ ਵਿਭਾਗ ਨੇ ਵੀ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਜਦੋਂ ਤੱਕ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ, ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣ ਅਤੇ ਨਵੇਂ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਲਾਗੂ ਕਰਨ ਤੋਂ ਗੁਰੇਜ਼ ਕੀਤਾ ਜਾਵੇ।
ਵਰਨਣਯੋਗ ਹੈ ਕਿ 15 ਨਵੰਬਰ 2023 ਨੂੰ ਬੇਭਰੋਸਗੀ ਮਤੇ ਰਾਹੀਂ ਮੇਅਰ ਦੇ ਅਹੁਦੇ ਤੋਂ ਹਟਾਏ ਗਏ ਰਮਨ ਗੋਇਲ ਨੇ ਇਸ ਫੈਸਲੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ । ਹਾਲਾਂਕਿ ਹਾਈ ਕੋਰਟ ਨੇ  ਕੋਈ ਸਟੇਅ ਆਰਡਰ ਜਾਰੀ ਨਹੀਂ ਕੀਤਾ ਸੀ ਪਰ ਮਾਮਲਾ ਅਦਾਲਤ ਵਿੱਚ ਵਿਚਾਰ ਅਧੀਨ ਹੋਣ ਕਾਰਨ ਨਿਗਮ ਅਧਿਕਾਰੀ  ਨਵੇਂ ਮੇਅਰ ਦੀ ਚੋਣ ਸਬੰਧੀ ਸਾਰੀ ਪ੍ਰਕਿਰਿਆ ਅਗਲੇ ਹੁਕਮਾਂ ਤੱਕ ਲਾਗੂ ਨਹੀਂ ਕਰ ਰਹੇ ਸਨ।
ਰਮਨ ਗੋਇਲ ਨੇ ਬੇਭਰੋਸਗੀ ਦੇ ਮਤੇ ਨੂੰ ਗਲਤ ਦੱਸਦੇ ਹੋਏ ਕਿਹਾ ਸੀ ਕਿ  ਨਿਗਮ ਦੇ ਕਮਿਸ਼ਨਰ ਨੇ ਨਿਯਮਾਂ ਦੇ ਉਲਟ ਮੀਟਿੰਗ ਬੁਲਾਈ ਸੀ, ਜਿਸ ਵਿੱਚ ਉਨ੍ਹਾਂ ਦੀ ਸਹਿਮਤੀ ਨਹੀਂ ਸੀ, ਜਦਕਿ ਨਿਯਮਾਂ ਮੁਤਾਬਕ ਮੀਟਿੰਗ ਬੁਲਾਉਣ ਦਾ ਅਧਿਕਾਰ ਮੇਅਰ ਕੋਲ ਹੈ।
ਵਰਨਣਯੋਗ ਹੈ ਕਿ 50 ਕੌਂਸਲਰਾਂ ਵਾਲੀ ਨਗਰ ਨਿਗਮ ਦੀਆਂ ਸਾਲ 2021 ਵਿੱਚ ਹੋਈਆਂ ਨਗਰ ਨਿਗਮ ਚੋਣਾਂ ਵਿੱਚ ਸੂਬੇ ਦੀ ਸੱਤਾਧਾਰੀ ਕਾਂਗਰਸ ਨੇ 45 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ ਸੀ। ਇਸ ਤੋਂ ਬਾਅਦ ਕਈ ਸੀਨੀਅਰ ਕਾਂਗਰਸੀ ਆਗੂਆਂ ਨੂੰ ਬਾਈਪਾਸ ਕਰਕੇ ਪਹਿਲੀ ਵਾਰ ਕੌਂਸਲਰ ਦੀ ਚੋਣ ਜਿੱਤਣ ਵਾਲੇ ਰਮਨ ਗੋਇਲ ਨੂੰ ਮੇਅਰ ਦੇ ਅਹੁਦੇ ’ਤੇ ਬਿਠਾਇਆ ਗਿਆ। ਇਸ ਕਾਰਨ ਉਸ ਸਮੇਂ ਦੇ ਸੀਨੀਅਰ ਕਾਂਗਰਸੀ ਆਗੂ ਜਗਰੂਪ ਸਿੰਘ ਗਿੱਲ ਨੂੰ ਲਾਂਭੇ ਕਰ ਦਿੱਤਾ ਗਿਆ, ਜੋ ਬਾਅਦ ਵਿੱਚ ਬਾਗੀ ਹੋ ਕੇ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਵਿਧਾਇਕ ਦੀ ਚੋਣ ਜਿੱਤ ਗਏ ਸਨ।

ਹੋਰ ਪੜ੍ਹੋ 👉  ਪੰਜੇ ਨੇ ਝਾੜੂ ਖਿਲਾਰਿਆ, ਪਿੰਕੀ ਕੌਰ 368 ਵੋਟਾਂ ਦੇ ਅੰਤਰ ਨਾਲ ਜੈਤੂ

ਤਤਕਾਲੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਮਨ ਗੋਇਲ ਨੂੰ ਮੇਅਰ ਦਾ ਅਹੁਦਾ ਦਿੱਤੇ ਜਾਣ ਤੋਂ ਬਾਅਦ ਕਾਂਗਰਸ ਵਿਚ ਬੇਚੈਨੀ ਪੈਦਾ ਹੋ ਗਈ ਸੀ ਪਰ ਮਨਪ੍ਰੀਤ ਸਿੰਘ ਦੇ ਪ੍ਰਭਾਵ ਕਾਰਨ ਵਿਰੋਧੀਆਂ ਦੀਆਂ ਆਵਾਜ਼ਾਂ ਨੂੰ ਦਬਾ ਦਿੱਤਾ ਗਿਆ ਸੀ, ਪਰ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਮਨ ਗੋਇਲ ਦੇ ਖਿਲਾਫ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਸੀ। ਇਸ ਤਰਾਂ ਕਾਂਗਰਸ ਦੇ ਇਕ ਧੜੇ ਨੇ ਰਮਨ ਗੋਇਲ ਖ਼ਿਲਾਫ਼ ਬੇਭਰੋਸਗੀ ਮਤਾ ਪਾਸ ਕਰਨ ਵਿਚ ਅਹਿਮ ਭੂਮਿਕਾ ਨਿਭਾਈ।

ਹੋਰ ਪੜ੍ਹੋ 👉  ਐਕਸਪੋ ਵਿੱਚ 30 ਵੱਖ-ਵੱਖ ਨਸਲਾਂ ਦੇ 500 ਤੋਂ ਵੱਧ ਕੁੱਤੇ ਕੀਤੇ ਜਾਣਗੇ ਪ੍ਰਦਰਸ਼ਿਤ

ਕਈ ਕਾਂਗਰਸੀ ਆਗੂ  ਮੇਅਰ ਬਣਨ ਦੀ ਦੌੜ ਵਿਚ ਸ਼ਾਮਲ ਹਨ। ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਦੇ ਨਾਲ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਕਾਂਗਰਸੀ ਆਗੂ ਪਵਨ ਮਾਨੀ ਦੀ ਪਤਨੀ ਪ੍ਰਵੀਨ ਗਰਗ ਵੀ ਮੇਅਰ ਬਣਨ ਵਾਲਿਆਂ ਦੀ ਦੌੜ ਵਿਚ ਸ਼ਾਮਲ ਹਨ। ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨਗਰ ਨਿਗਮ ਵਿੱਚ ਆਪਣਾ ਆਧਾਰ ਹੋਰ ਮਜ਼ਬੂਤ ​​ਕਰਨ ਵਿੱਚ ਲੱਗੇ ਹੋਏ ਹਨ। ਲੋਕ ਸਭਾ ਚੋਣਾਂ ਦੌਰਾਨ ਅਕਾਲੀ ਦਲ ‘ਚੋਂ ਕੱਢੇ ਗਏ ਅੱਧੀ ਦਰਜਨ ਦੇ ਕਰੀਬ ਕੌਂਸਲਰ ‘ਆਪ’ ‘ਚ ਸ਼ਾਮਲ ਹੋ ਗਏ ਹਨ, ਜਦਕਿ ਆਉਣ ਵਾਲੇ ਦਿਨਾਂ ‘ਚ ਸਿਆਸਤ ਹੋਰ ਤੇਜ਼ ਹੋਵੇਗੀ। ਹੁਣ ਦੇਖਣਾ ਹੋਵੇਗਾ ਕਿ ਮਨਪ੍ਰੀਤ ਬਾਦਲ ਨਾਲ ਚੱਲਣ ਵਾਲੇ ਕੌਂਸਲਰ ਹੁਣ ਕਿਹੜਾ ਰਸਤਾ ਅਖਤਿਆਰ ਕਰਨਗੇ।

ਹੋਰ ਪੜ੍ਹੋ 👉  ਪ੍ਰੀ-ਬਜ਼ਟ ਮੀਟਿੰਗ: ਪੰਜਾਬ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ 1000 ਕਰੋੜ ਰੁਪਏ ਦੇ ਪੈਕੇਜ, ਗੁਆਂਢੀ ਪਹਾੜੀ ਰਾਜਾਂ ਵਾਂਗ ਉਦਯੋਗਿਕ ਪ੍ਰੋਤਸਾਹਨ ਦੀ ਮੰਗ

Leave a Reply

Your email address will not be published. Required fields are marked *