ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ)
ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ।
ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।
ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।
ਉਧਰ ਬਾਅਦ ਦੁਪਹਿਰ ਅਹੁੱਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲ ਲਿਆ।