ਚੰਡੀਗੜ੍ਹ 17 ਅਗਸਤ (ਖ਼ਬਰ ਖਾਸ ਬਿਊਰੋ)
ਸੰਯੁਕਤ ਕਿਸਾਨ ਮੋਰਚੇ’ ਚ ਸ਼ਾਮਲ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵੱਲੋਂ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਦੇ ਨਾਅਰੇ ਨੂੰ ਹਕੀਕੀ ਰੂਪ ਦੇਣ ਲਈ ਮੁਹਿੰਮ ਨੂੰ ਸ਼ੁਰੂ ਕਰਦਿਆਂ ਅੱਜ ਸੂਬੇ ਭਰ ਵਿੱਚ ਮੁੱਖ ਮੰਤਰੀ, ਕੈਬਨਿਟ ਮੰਤਰੀਆਂ ਅਤੇ ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ ਦੇ ਘਰਾਂ ਸਾਹਮਣੇ 18 ਥਾਵਾਂ ਤੇ ਤਿੰਨ ਘੰਟਿਆਂ ਲਈ ਧਰਨੇ ਦੇਕੇ ਮੰਗ ਪੱਤਰ ਦਿੱਤੇ।
ਜਿਨ੍ਹਾਂ 18 ਥਾਵਾਂ ਤੇ ਧਰਨੇ ਦਿੱਤੇ ਗਏ ਉਨ੍ਹਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਵਿਚਲੀ ਰਿਹਾਇਸ਼ ਅਤੇ ਧੂਰੀ ਵਿਖੇ ਦਫਤਰ ਤੋਂ ਇਲਾਵਾ ਕੈਬਨਿਟ ਮੰਤਰੀਆਂ ਸੁਨਾਮ ਵਿਖੇ ਅਮਨ ਅਰੋੜਾ, ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅਜਨਾਲਾ ਵਿਖੇ ਐਨ ਆਰ ਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਜੰਡਿਆਲਾ ਵਿਖੇ ਹਰਭਜਨ ਸਿੰਘ ਈਟੀਓ,ਗੁਰਦਾਸਪੁਰ ਜ਼ਿਲ੍ਹੇ ਵਿੱਚ ਲਾਲਚੰਦ ਕਟਾਰੂਚੱਕ, ਤਰਨਤਾਰਨ ਵਿਖੇ ਲਾਲਜੀਤ ਸਿੰਘ ਭੁੱਲਰ,ਰੋਪੜ ਜ਼ਿਲ੍ਹੇ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਖਰੜ (ਮੋਹਾਲੀ) ਵਿਖੇ ਗਗਨ ਮਾਨ,ਪਟਿਆਲਾ ਜ਼ਿਲ੍ਹੇ ਵਿੱਚ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਅਤੇ ਸਮਾਣਾ ਵਿਖੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ, ਲੰਬੀ ਵਿਖੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ,ਮਲੋਟ ਵਿਖੇ ਡਾ.ਬਲਜੀਤ ਕੌਰ,ਜਲੰਧਰ ਵਿਖੇ ਬਲਕਾਰ ਸਿੰਘ, ਹੁਸ਼ਿਆਰਪੁਰ ਵਿਖੇ ਬ੍ਰਹਮ ਸੰਕਰ ਜਿੰਪਾ ਅਤੇ ਫਰੀਦਕੋਟ ਵਿਖੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਗੜਸ਼ੰਕਰ ਵਿਖੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਦੇ ਘਰਾਂ ਸਾਹਮਣੇ ਤਿੰਨ ਘੰਟਿਆਂ ਲਈ ਧਰਨੇ ਦਿੱਤੇ ਗਏ।
ਧਰਨਿਆਂ ਦੌਰਾਨ ਮੰਗ ਕੀਤੀ ਗਈ ਕਿ ਪੰਜਾਬ ਵਿੱਚ ਖੇਤੀ ਅਤੇ ਪਾਣੀ ਦੇ ਦਿਨੋਂ ਦਿਨ ਗੰਭੀਰ ਹੁੰਦੇ ਜਾ ਰਹੇ ਸੰਕਟ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਬਿਆਨਬਾਜ਼ੀ ਦੀ ਥਾਂ ਠੋਸ ਕਦਮ ਚੁੱਕੇ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੂਬੇ ਦੇ ਤਹਿਸ ਨਹਿਸ ਹੋ ਚੁੱਕੇ ਨਹਿਰੀ ਢਾਂਚੇ ਦੀ ਮੁੜ ਉਸਾਰੀ ਅਤੇ ਨਵੇਂ ਇਲਾਕਿਆਂ ਵਿੱਚ ਨਹਿਰੀ ਢਾਂਚੇ ਦਾ ਵਿਸਥਾਰ ਕਰਕੇ ਹਰ ਖੇਤ ਨੂੰ ਨਹਿਰੀ ਪਾਣੀ ਅਤੇ ਹਰ ਘਰ ਤੱਕ ਪੀਣ ਵਾਲਾ ਸਾਫ ਪਾਣੀ ਪਹੁੰਚਾਉਣ ਲਈ ਯੋਜਨਾ ਉਲੀਕਣੀ ਚਾਹੀਦੀ ਹੈ।ਇਸ ਕਾਰਜ ਲਈ ਲੋੜੀਦੇ ਵਿੱਤੀ ਬਜਟ ਦਾ ਪ੍ਰਬੰਧ ਕਰਨਾ ਚਾਹੀਦਾ ਹੈ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਤੋਂ ਇਸ ਸਬੰਧੀ ਪੰਜਾਬ ਲਈ ਵਿੱਤੀ ਪੈਕਜ ਦੇਣ ਦੀ ਮੰਗ ਵੀ ਕੀਤੀ।
ਪੰਜਾਬ ਸਰਕਾਰ ਵੱਲੋਂ ਟੇਲਾ ਤੱਕ ਪਾਣੀ ਪਹੁੰਚਾਉਣ ਦੇ ਅਖੌਤੀ ਦਾਅਵਿਆਂ ਨੂੰ ਆੜੇ ਹੱਥੀ ਲੈਂਦਿਆਂ ਆਗੂਆਂ ਨੇ ਮੋਘਿਆਂ ਤੋਂ ਪਾਣੀ ਦੀ ਮਿਕਦਾਰ ਨੂੰ ਮੌਜੂਦਾ ਸਮੇਂ ਦੇ ਹਾਣ ਦਾ ਬਣਾਉਣ ਅਤੇ ਮੋਘਿਆਂ ਦੇ ਡਿਜ਼ਾਇਨ ਨੂੰ ਤਕਨੀਕੀ ਮਾਹਰਾਂ ਅਤੇ ਕਿਸਾਨਾਂ ਦੀਆਂ ਅਮਲੀ ਲੋੜਾਂ ਅਨੁਸਾਰ ਉਸਾਰਣ ਦੀ ਮੰਗ ਵੀ ਉਭਾਰੀ।
ਕਿਸਾਨ ਆਗੂਆਂ ਨੇ ਕਿਹਾ ਕਿ ਦਰਿਆਈ ਪਾਣੀਆਂ ਦੇ ਮਸਲੇ ਨੂੰ ਰਿਪੇਰੀਅਨ ਸਿਧਾਂਤ ਅਤੇ ਸੰਵਿਧਾਨਕ ਵਿਵਸਥਾ ਦੇ ਦਾਇਰੇ ਨੂੰ ਆਧਾਰ ਮੰਨ ਕੇ ਹੱਲ ਕੀਤਾ ਜਾਵੇ। ਦਰਿਆਵਾਂ ਦੀ ਮਾਲਕੀ ਦੇ ਹੱਕ ਲਈ ਪੰਜਾਬ ਸਰਕਾਰ ਨੂੰ ਡੱਟ ਕੇ ਪੈਰਵਾਈ ਕਰਨ ਦੀ ਮੰਗ ਕਰਨ ਦੇ ਨਾਲ ਨਾਲ ਡੈਮ ਸੇਫਟੀ ਐਕਟ ਨੂੰ ਰੱਦ ਕਰਨ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਦੀ ਮੰਗ ਵੀ ਕੀਤੀ ਗਈ।
ਧਰਨਿਆਂ ਦੌਰਾਨ ਘੱਟ ਪਾਣੀ ਲੈਣ ਵਾਲੀਆਂ ਫਸਲਾਂ ਦੀ ਪੈਦਾਵਾਰ ਨੂੰ ਉਤਸ਼ਾਹਿਤ ਕਰਨ ਦੇ ਨਾਲ ਨਾਲ ਸਾਰੀਆਂ ਫਸਲਾਂ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੇ ਨਾਲ ਨਾਲ ਹੀ ਕਿਸਾਨ ਜੱਥੇਬੰਦੀਆਂ ਨੇ ਮੀਂਹ ਦੇ ਪਾਣੀ ਦੀ ਢੁੱਕਵੀਂ ਸੰਭਾਲ ਅਤੇ ਵੱਖ ਵੱਖ ਢੰਗਾਂ ਰਾਹੀ ਧਰਤੀ ਹੇਠ ਪਾਣੀ ਜੀਰਨ ਲਈ ਠੋਸ ਜਲ ਨੀਤੀ ਤਿਆਰ ਕਰਨ ਦੀ ਮੰਗ ਵੀ ਕੀਤੀ।
ਧਰਨਿਆਂ ਦੌਰਾਨ ਦਰਿਆਵਾਂ ਅਤੇ ਵੇਈਆਂ ਦੇ ਵਿੱਚ ਪੈ ਰਹੇ ਦੂਸ਼ਿਤ ਪਾਣੀ ਦੀ ਰੋਕਥਾਮ ਲਈ ਸਖਤ ਕਦਮ ਚੁੱਕਣ ਦੀ ਮੰਗ ਕੀਤੀ ਗਈ। ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ੇ ਮੁਕਤ ਕਰਨ ਲਈ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਿ ਉਹ ਇਸ ਸਬੰਧੀ ਆਪਣੇ ਪੱਧਰ ਤੇ ਵੀ ਪਹਿਲਕਦਮੀ ਕਰਕੇ ਲੋਕਾਂ ਦੀ ਬਾਂਹ ਫੜੇ। ਉਨ੍ਹਾਂ ਨੇ ਅਗਲੇਰੀਆਂ ਫ਼ਸਲਾਂ ਲਈ ਡੀਏਪੀ ਖਾਦ ਦਾ ਅਗਾਊ ਪ੍ਰਬੰਧ ਕਰਨਾ ਯਕੀਨੀ ਬਣਾਏ ਜਾਣ ਦੀ ਮੰਗ ਵੀ ਕੀਤੀ।
ਧਰਨਿਆਂ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਮੱਧ ਪੂਰਬ ਅਤੇ ਪਾਕਿਸਤਾਨ ਨਾਲ ਸੜਕੀ ਲਾਂਘਿਆਂ ਰਾਹੀਂ ਵਪਾਰ ਨੂੰ ਖੋਲਣ ਲਈ ਵਾਹਗਾ-ਅਟਾਰੀ ਤੇ ਹੁਸੈਨੀਵਾਲਾ-ਸੁਲੇਮਾਨ ਸੜਕੀ ਲਾਂਘੇ ਖੋਲੇ। ਕਿਸਾਨ ਆਗੂਆਂ ਨੇ ਇਸ ਮੰਗ ਨੂੰ ਲੈਕੇ ਪੰਜਾਬ ਸਰਕਾਰ ਨੂੰ ਵਿਧਾਨ ਸਭਾ ਵਿੱਚ ਮਤਾ ਪਾਸ ਕਰਨ ਅਤੇ ਕੇਂਦਰ ਸਰਕਾਰ ਤੱਕ ਪੰਜਾਬ ਦੇ ਕੇਸ ਨੂੰ ਤਰਕਸੰਗਤ ਢੰਗ ਨਾਲ ਉਠਾਉਣ ਦੀ ਮੰਗ ਵੀ ਕੀਤੀ।
ਪੰਜਾਬ ਦੇ ਸਹਿਕਾਰੀ ਅਦਾਰਿਆਂ ਵਿੱਚ ਫੈਲੇ ਵਿਆਪਕ ਭਰਿਸ਼ਟਾਚਾਰ ਨੂੰ ਨੱਥ ਪਾਉਣ ਅਤੇ ਸਹਿਕਾਰਤਾ ਲਹਿਰ ਖਾਸ ਕਰਕੇ ਵੇਰਕਾ ਅਤੇ ਮਿਲਕਫ਼ੈਡ ਨੂੰ ਮਜਬੂਤ ਕਰਨ ਲਈ ਸਖਤ ਕਦਮ ਚੁੱਕਣ ਦੀ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਮਿਲਕ ਫੈਡ ਪੰਜਾਬ ਵੱਲੋਂ ਫੌਰੀ ਤੌਰ ਤੇ ਦੁੱਧ ਵਾਲੀਆਂ ਸੁਭਾਵਾਂ ਦੇ ਕੰਪਿਊਟਰਾਂ ਦੇ ਲੋਕ ਖੋਲੇ ਜਾਣ ਅਤੇ ਦੁੱਧ ਉਤਪਾਦਕਾਂ ਅਤੇ ਸਕੱਤਰਾਂ ਨੂੰ ਆਉਣ ਵਾਲੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇ । ਇਸ ਤੋਂ ਇਲਾਵਾ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕਰਨ ਅਤੇ ਪੰਜਾਬ ਦੇ ਸਰਕਾਰੀ ਕਾਲਜਾਂ ਨੂੰ ਖੁਦਮੁਖਤਿਆਰ ਕਰਨ ਦੇ ਨਾਂ ਹੇਠ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ
ਧਰਨਿਆਂ ਨੂੰ ਸਰਵਸ੍ਰੀ ਬਲਵੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਮਨਜੀਤ ਸਿੰਘ ਧਨੇਰ, ਨਿਰਭੈ ਸਿੰਘ ਢੁੱਡੀਕੇ, ਬੂਟਾ ਸਿੰਘ ਬੁਰਜਗਿੱਲ,ਅਵਤਾਰ ਸਿੰਘ ਮੇਹਲੋਂ , ਪਰਮਦੀਪ ਸਿੰਘ ਬੈਦਵਾਣ,ਬਿੰਦਰ ਸਿੰਘ ਗੋਲੇਵਾਲਾ, ਡਾ ਸਤਨਾਮ ਸਿੰਘ ਅਜਨਾਲਾ,ਰੁਲਦੂ ਸਿੰਘ ਮਾਨਸਾ,ਡਾ.ਦਰਸ਼ਨਪਾਲ, ਬਲਦੇਵ ਸਿੰਘ ਨਿਹਾਲਗੜ੍ਹ, ਜੰਗਵੀਰ ਸਿੰਘ ਚੌਹਾਨ, ਹਰਜਿੰਦਰ ਸਿੰਘ ਟਾਂਡਾ,ਬਲਵਿੰਦਰ ਸਿੰਘ ਰਾਜੂਔਲਖ, ਬਲਜੀਤ ਸਿੰਘ ਗਰੇਵਾਲ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਕੰਵਲਪ੍ਰੀਤ ਸਿੰਘ ਪੰਨੂੰ,ਬੂਟਾ ਸਿੰਘ ਸ਼ਾਦੀਪੁਰ, ਹਰਦੇਵ ਸਿੰਘ ਸੰਧੂ,ਮਲੂਕ ਸਿੰਘ ਹੀਰਕੇ, ਵੀਰ ਸਿੰਘ ਬੜਵਾ, ਹਰਬੰਸ ਸਿੰਘ ਸੰਘਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਫੁਰਮਾਨ ਸਿੰਘ ਸੰਧੂ, ਕੁਲਦੀਪ ਸਿੰਘ ਵਜੀਦਪੁਰ , ਕਿਰਨਜੀਤ ਸਿੰਘ ਸੇਖੋਂ , ਨਛੱਤਰ ਸਿੰਘ ਜੈਤੋ , ਸੁਖਦੇਵ ਸਿੰਘ ਅਰਾਈਵਾਲਾ ਅਤੇ ਸੁਖ ਗਿੱਲ ਮੋਗਾ ਆਦਿ ਨੇ ਸੰਬੋਧਨ ਕੀਤਾ।