ਬਾਬਾ ਬਕਾਲਾ 19 ਅਗਸਤ, (ਖ਼ਬਰ ਖਾਸ ਬਿਊਰੋ)
ਸੀਨੀਅਰ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ, ਸਰਕਾਰ ਨੂੁੰ ਸਿੱਖਪੰਥ ਦੀ ਤਾਕਤ ਦਿਖਾਉਣ ਲਈ ਸ਼੍ਰੀ ਅੰਮ੍ਰਿਤਸਰ ਸਾਹਿਬ ਤੋ ਦਿੱਲੀ ਤੱਕ ਮਾਰਚ ਕੱਢਣ ਦੀ ਅਪੀਲ ਕੀਤੀ ਹੈ। ਮਜੀਠੀਆ ਰੱਖੜ ਪੁੰਨਿਆ ਦੇ ਮੌਕੇ ਉਤੇ ਅਕਾਲੀ ਦਲ ਵਲੋਂ ਆਯੋਜਿਤ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਉਨਾਂ ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਲੱਖਾਂ ਦੀ ਗਿਣਤੀ ਵਿਚ ਹਸਤਾਖਰ, ਅੰਗੂਠੇ ਲਗਾਕੇ ਮੰਮੋਰੰਡਮ ਦਿੱਤਾ ਗਿਆ ਪਰ ਰਾਸ਼ਟਰਪਤੀ, ਪ੍ਰਧਾਨ ਮੰਤਰੀ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਜਾ ਰਿਹਾ , ਇਸ ਲਈ ਸਿਖ ਪੰਥ ਨੂੰ ਆਪਣੀ ਤਾਕਤ ਦਿਖਾਉਣੀ ਚਾਹੀਦੀ ਹੈ। ਉਨਾਂ ਕਿਹਾ ਕਿ ਬੰਦੀ ਸਿੰਘਾਂ ਨਾਲ ਅਨਿਆਂ ਕੀਤਾ ਜਾ ਰਿਹਾ ਹੈ ਤੇ ਉਹਨਾਂ ਨੂੰ ਲਗਾਤਾਰ ਜੇਲ੍ਹ ਵਿਚ ਰੱਖਿਆ ਹੋਇਆ ਹੈ ਜੋ ਉਹਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ।
ਮਜੀਠੀਆ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਉਹ ਬਿਲਕਿਸ ਬਾਨੋ ਨਾਲ ਜ਼ਬਰ ਜਨਾਹ ਕਰਨ ਵਾਲਿਆਂ ਦੀ ਰਿਹਾਈ ਅਤੇ ਖਤਰਨਾਕ ਅਪਰਾਧੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਨੂੰ ਕਿਵੇਂ ਜਾਇਜ਼ ਠਹਿਰਾ ਸਕਦਾ ਹੈ ਜਦੋਂ ਕਿ ਬੰਦੀ ਸਿੰਘਾਂ ਨੂੰ ਨਿਆਂ ਦੇਣ ਤੋਂ ਵਾਰ-ਵਾਰ ਇਨਕਾਰ ਕੀਤਾ ਜਾ ਰਿਹਾ ਹੈ।
ਅਕਾਲੀ ਆਗੂ ਨੇ ਕਿਹਾ ਕਿ ਅਸੀਂ ਉਸ ਸਰਕਾਰ ਤੋਂ ਸਾਡੀ ਉਸ ਭੈਣ ਨੂੰ ਨਿਆਂ ਦੇਣ ਦੀ ਆਸ ਕਿਵੇਂ ਕਰ ਸਕਦੇ ਹਾਂ ਜਿਸ ਨਾਲ ਕੁਝ ਦਿਨ ਪਹਿਲਾਂ ਪੱਛਮੀ ਬੰਗਾਲ ਵਿਚ ਜ਼ਬਰ ਜਨਾਹ ਕੀਤਾ ਗਿਆ ਤੇ ਫਿਰ ਉਸਦਾ ਕਤਲ ਕਰ ਦਿੱਤਾ ਗਿਆ।
ਮਜੀਠੀਆ ਨੇ ਅਕਾਲੀ ਦਲ ਦੇ ਪ੍ਰਧਾਨ ਨੂੰ ਅਪੀਲ ਕੀਤੀ ਕਿ ਉਹ ਰਾਸ਼ਟਰਪਤੀ ਨੂੰ ਚਿੱਠੀ ਲਿਖਣ ਅਤੇ ਉਹਨਾਂ ਦੇ ਧਿਆਨ ਵਿਚ ਲਿਆਉਣ ਕਿ 26 ਲੱਖ ਪੰਜਾਬੀਆਂ ਨੇ ਉਸ ਅਪੀਲ ’ਤੇ ਹਸਤਾਖ਼ਰ ਕੀਤੇ ਹਨ ਜਿਸ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ ਗਈ ਹੈ।
ਸਰਦਾਰ ਮਜੀਠੀਆ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਅੰਮ੍ਰਿਤਸਰ ਤੋਂ ਦਿੱਲੀ ਤੱਕ ਮਾਰਚ ਦੀ ਸ਼ੁਰੂਆਤ ਕਰੇ। ਉਹਨਾਂ ਨੇ ਅਖੌਤੀ ਸੁਧਾਰ ਲਹਿਰ ਅਕਾਲੀ ਧੜੇ ਨੂੰ ਵੀ ਅਪੀਲ ਕੀਤੀ ਕਿ ਉਹ ਮੌਕਾਪ੍ਰਸਤੀ ਦੀ ਸਿਆਸਤ ਨਾ ਖੇਡਣ। ਉਨਾਂ ਬਾਗੀ ਅਕਾਲੀ ਆਗੂਆਂ ਨੂੰ ਸੁਧਾਰ ਲਹਿਰ ਚਾਲਉਣ ਤੋਂ ਪਹਿਲਾ ਖੁਦ ਆਪਣੇ ਵਿਚ ਸੁਧਾਰ ਲਿਆਉਣ ਦਾ ਸੁਝਾਅ ਦਿੱਤਾ। ਉਨਾਂ ਕਿਹਾ ਕਿ ਸਰਕਾਰ ਦੌਰਾਨ ਵਜ਼ੀਰੀਆ ਦਾ ਨਿੱਘ ਮਾਣਨ ਵਾਲੇ ਅੱਜ ਮੌਕਾ ਪ੍ਰਸਤ ਬਣ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਇਸ ਕੰਮ ਵਾਸਤੇ ਬਣਾਈ ਗਈ ਕਮੇਟੀ ਦੇ ਮੈਂਬਰ ਬਲਜੀਤ ਸਿੰਘ ਦਾਦੂਵਾਲ ਤੇ ਹਰਮੀਤ ਸਿੰਘ ਕਾਲਕਾ ਨੇ ਇਸ ਕਦਮ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸਵਾਲ ਕੀਤਾ ਕਿ ਉਹ ਦੱਸਣ ਕਿ ਗੁਰਮੀਤ ਰਾਮ ਰਹੀਮ ਦੇ ਖਿਲਾਫ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਆਗਿਆ ਦੇਣ ਤੋਂ ਨਾਂਹ ਕਿਉਂ ਕੀਤੀ ਜਾ ਰਹੀ ਹੈ?