ਨਵੀਂ ਦਿੱਲੀ, 20 ਅਗਸਤ (ਖ਼ਬਰ ਖਾਸ ਬਿਊਰੋ)
ਕਲਕੱਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿਚ ਇਕ ਡਾਕਟਰ ਨਾਲ ਵਾਪਰੀ ਘਟਨਾਂ ਨੇ ਪੂਰੇ ਦੇਸ਼ ਦਾ ਧਿਆਨ ਖਿੱਚਿਆ ਹੋਇਆ ਹੈ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿਚ ਖੁਦ ਨੋਟਿਸ ਲਿਆ ਹੋਇਆ ਹੈ।
ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲਾ ਬੈਂਚ ਮੰਗਲਵਾਰ ਨੂੰ ਸਵੇਰੇ 10:30 ਵਜੇ ਮਾਮਲੇ ਦੀ ਸੁਣਵਾਈ ਕਰੇਗਾ। ਸੁਪਰੀਮ ਕੋਰਟ ਦੀ ਵੈੱਬਸਾਈਟ ‘ਤੇ ਅਪਲੋਡ ਕੀਤੀ ਗਈ 20 ਅਗਸਤ ਦੀ ਕਾਰਜ਼ ਸੂਚੀ ਦੇ ਅਨੁਸਾਰ, ਬੈਂਚ ਵਿੱਚ ਚੀਫ਼ ਜਸਟਿਸ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਇਸ ਮਾਮਲੇ ਦੀ ਸੁਣਵਾਈ ਕਰਨਗੇ। ਸੁਪਰੀਮ ਕੋਰਟ ਨੇ ਜੂਨੀਅਰ ਡਾਕਟਰ ਦੇ ਬਲਾਤਕਾਰ ਅਤੇ ਹੱਤਿਆ ਅਤੇ ਹਸਪਤਾਲ ਵਿੱਚ ਭੰਨਤੋੜ ਦੇ ਮਾਮਲੇ ਦਾ ਖੁਦ ਨੋਟਿਸ ਲਿਆ ਹੈ।
ਆਰਜੀ ਕਾਰ ਮੈਡੀਕਲ ਕਾਲਜ ਦੇ ਸੈਮੀਨਾਰ ਹਾਲ ਵਿੱਚ 9 ਅਗਸਤ ਦੀ ਰਾਤ ਨੂੰ ਇੱਕ ਸਿਖਿਆਰਥੀ ਮਹਿਲਾ ਡਾਕਟਰ ਦਾ ਬਲਾਤਕਾਰ ਅਤੇ ਕਤਲ ਕਰ ਦਿੱਤਾ ਗਿਆ ਸੀ। ਅਗਲੇ ਦਿਨ ਸਵੇਰੇ ਉਸ ਦੀ ਲਾਸ਼ ਮਿਲੀ, ਜਿਸ ਤੋਂ ਬਾਅਦ ਡਾਕਟਰਾਂ ਵਿੱਚ ਰੋਸ ਹੈ। ਕਲਕੱਤਾ ਹਾਈ ਕੋਰਟ ਨੇ ਮਾਮਲੇ ਦੀ ਜਾਂਚ ਬੰਗਾਲ ਪੁਲਿਸ ਤੋਂ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਕਿ ਕਲਕੱਤਾ ਹਾਈ ਕੋਰਟ ਪਹਿਲਾਂ ਹੀ ਇਸ ਕੇਸ ਵਿੱਚ ਸ਼ਾਮਲ ਹੈ, ਖੁਦ ਹੀ ਨੋਟਿਸ ਲਿਆ ਹੈ। ਦੇਸ਼ ਭਰ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ, ਖਾਸ ਕਰਕੇ ਡਾਕਟਰਾਂ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸੁਪਰੀਮ ਕੋਰਟ ਨਿਆਂਇਕ ਜਾਂਚ ਦਾ ਦਾਇਰਾ ਵਧਾ ਸਕਦੀ ਹੈ।