ਚੰਡੀਗੜ੍ਹ 21 ਅਗਸਤ (ਖ਼ਬਰ ਖਾਸ ਬਿਊਰੋ)
ਵਿਸ਼ੇਸ਼ ਜਾਂਚ ਟੀਮ (SIT ) ਨੇ ਮੌੜ ਮੰਡੀ ਧਮਾਕੇ ਸਬੰਧੀ ਆਪਣੀ ਸੀਲਬੰਦ ਰਿਪੋਰਟ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੀਤੇ ਦਿਨ ਸੌਂਪ ਦਿੱਤੀ ਹੈ। ਹਾਈਕੋਰਟ ਨੇ ਜਾਂਚ ਰਿਪੋਰਟ ਉਤੇ ਤਸੱਲੀ ਕਰਦਿਆਂ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।
ਗੁਰਜੀਤ ਸਿੰਘ ਪੱਤਣ ਨੇ ਮੌੜ ਮੰਡੀ ਬੰਬ ਧਮਾਕੇ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕਰਨ ਦੀ ਗੱਲ ਕਹਿ ਕੇ ਢੁਕਵੇਂ ਨਿਰਦੇਸ਼ ਜਾਰੀ ਕਰਨ ਲਈ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਸਰਕਾਰ ਨੇ ਜਾਂਚ ਲਈ ਐਸ.ਆਈ.ਟੀ. 2019 ਵਿੱਚ ਬਣਾਈ, ਹਾਈ ਕੋਰਟ ਨੇ SIT ਵੱਲੋਂ ਕਾਰਵਾਈ ਨਾ ਕੀਤੇ ਜਾਣ ਤੋਂ ਬਾਅਦ ਸਰਕਾਰ ਨੂੰ ਇੱਕ ਨਵੀਂ ਐਸਆਈਟੀ ਗਠਿਤ ਕਰਨ ਦਾ ਹੁਕਮ ਦਿੱਤਾ ਸੀ। ਸਤੰਬਰ 2020 ਵਿੱਚ ਹਾਈ ਕੋਰਟ ਨੇ ਐਸਆਈਟੀ ਨੂੰ ਦੋ ਹਫ਼ਤਿਆਂ ਵਿੱਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦਾ ਹੁਕਮ ਦਿੱਤਾ ਸੀ।
ਪਟੀਸ਼ਨਰ ਨੇ ਦੋਸ਼ ਲਾਇਆ ਕਿ ਇਸ ਮਾਮਲੇ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਸਹੀ ਜਾਂਚ ਨਹੀਂ ਕੀਤੀ। ਪਟੀਸ਼ਨਕਰਤਾ ਨੇ ਕਿਹਾ ਕਿ ਧਮਾਕੇ ‘ਚ ਡੇਰਾ ਸੱਚਾ ਸੌਦਾ ਦਾ ਹੱਥ ਸੀ ਅਤੇ ਜੇਲ ‘ਚ ਬੰਦ ਡੇਰਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਹੋਣੀ ਚਾਹੀਦੀ ਹੈ। ਇਸ ਮਾਮਲੇ ਦੀ ਪਿਛਲੀ ਸੁਣਵਾਈ ‘ਤੇ ਪੰਜਾਬ ਸਰਕਾਰ ਨੇ ਸਟੇਟਸ ਰਿਪੋਰਟ ਦਾਇਰ ਕਰਕੇ ਹਾਈਕੋਰਟ ਨੂੰ ਦੱਸਿਆ ਸੀ ਕਿ ਇਸ ਮਾਮਲੇ ਦੇ ਤਿੰਨੋਂ ਦੋਸ਼ੀ ਅਜੇ ਤੱਕ ਫਰਾਰ ਹਨ, ਉਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰ ਲਈਆਂ ਗਈਆਂ ਹਨ। ਇਨ੍ਹਾਂ ਵਿੱਚੋਂ ਇੱਕ ਦੀ ਜਾਇਦਾਦ ਦੀ ਨਿਲਾਮੀ ਹੋਈ ਪਰ ਕੋਈ ਬੋਲੀ ਦੇਣ ਲਈ ਅੱਗੇ ਨਹੀਂ ਆਇਆ। ਹੁਣ ਤਿੰਨਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾਵੇਗੀ। ਬਠਿੰਡਾ ਦੇ ਐਸਐਸਪੀ ਦੀਪਕ ਪਾਰੀਕ ਵੱਲੋਂ ਹਾਈ ਕੋਰਟ ਵਿੱਚ ਦਾਇਰ ਕੀਤੀ ਰਿਪੋਰਟ ਵਿੱਚ ਇਹ ਵੀ ਦੱਸਿਆ ਗਿਆ ਸੀ ਕਿ ਤਿੰਨਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਮੰਗਲਵਾਰ ਨੂੰ ਐਸਆਈਟੀ ਨੇ ਹਾਈ ਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਹੈ। ਹਾਈ ਕੋਰਟ ਨੇ ਕਿਹਾ ਕਿ ਅਸੀਂ ਜਾਂਚ ਤੋਂ ਸੰਤੁਸ਼ਟ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਹ ਜਲਦੀ ਹੀ ਪੂਰੀ ਹੋ ਜਾਵੇਗੀ। ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹਾਈਕੋਰਟ ਨੇ ਪਟੀਸ਼ਨਕਰਤਾ ਨੂੰ ਆਜ਼ਾਦੀ ਦਿੱਤੀ ਹੈ ਕਿ ਜੇਕਰ ਇਸ ਮਾਮਲੇ ਦੀ ਜਾਂਚ ਭਵਿੱਖ ਵਿੱਚ ਅਟਕ ਜਾਂਦੀ ਹੈ ਤਾਂ ਉਹ ਦੁਬਾਰਾ ਪਟੀਸ਼ਨ ਦਾਇਰ ਕਰ ਸਕਦਾ ਹੈ।